ਕਿਹਾ – ਸਰਕਾਰੀ ਅਧਿਕਾਰੀਆਂ ਵੱਲੋਂ ਵਪਾਰੀਆਂ ਨੂੰ ਕੀਤਾ ਜਾਂਦਾ ਹੈ ਪ੍ਰੇਸ਼ਾਨ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਵਿਚ ਹੋਏ ਵਿਸਥਾਰ ਤੋਂ ਬਾਅਦ ਅੱਜ ਪਹਿਲੀ ਵਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ’ਚ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਵਪਾਰੀਆਂ ਨੇ ਆਰੋਪ ਲਗਾਇਆ ਕਿ ਸਰਕਾਰੀ ਦਫ਼ਤਰਾਂ ਵਿਚ ਭਿ੍ਰਸ਼ਟਾਚਾਰ ਪੂਰੇ ਜੋਬਨ ’ਤੇ ਹੈ ਅਤੇ ਸਰਕਾਰੀ ਅਫਸਰਾਂ ਵੱਲੋਂ ਵਪਾਰੀ ਵਰਗ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸ ’ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਪਾਰੀਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਦੇਣ। ਇਸ ਮੀਟਿੰਗ ਦੀ ਖਾਸ ਗੱਲ ਇਹ ਰਹੀ ਕਿ ਜਿਸ ਸਮੇਂ ਵਪਾਰੀਆਂ ਵੱਲੋਂ ਵਿੱਤ ਮੰਤਰੀਆਂ ਨੂੰ ਖਰੀਆਂ-ਖਰੀਆਂ ਸੁਣਾਈਆਂ ਜਾ ਰਹੀਆਂ ਸਨ ਉਸ ਸਮੇਂ ਲੁਧਿਆਣਾ ਤੋਂ ਵਿਧਾਇਕ ਅਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਉਨ੍ਹਾਂ ਦੇ ਨਾਲ ਹੀ ਬੈਠੇ ਸਨ। ਉਦਯੋਗਪਤੀਆਂ ਨੇ ਕਿਹਾ ਕਿ ਇਸ ਸਮੇਂ ਬਿਜਲੀ, ਪ੍ਰਦੂਸ਼ਣ ਅਤੇ ਟੈਕਸ ਵਿਭਾਗ ਵਿਚ ਵੱਡੇ ਪੱਧਰ ’ਤੇ ਭਿ੍ਰਸ਼ਟਾਚਾਰ ਚੱਲ ਰਿਹਾ ਹੈ। ਉਨ੍ਹਾਂ ਵਿੱਤ ਮੰਤਰੀ ਨੂੰ ਕਿਹਾ ਕਿ ਇਸ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਜੀਐਸਟੀ ਸਲੈਬ ਨੂੰ ਸਹੀ ਕਰਨ ਦੀ ਮੰਗ ਕੀਤੀ।