ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਹਿੰਸਾ ਦਾ ਮਾਮਲਾ ਹੁਣ ਰਾਸ਼ਟਰਪਤੀ ਭਵਨ ਤੱਕ ਪਹੁੰਚ ਗਿਆ। ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ’ਚ ਇਕ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਕਾਂਗਰਸੀ ਆਗੂਆਂ ਨੇ ਰਾਸ਼ਟਰਪਤੀ ਨੂੰ ਲਖੀਮਪੁਰ ਹਿੰਸਾ ਨਾਲ ਜੁੜੇ ਤੱਥਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਇਸ ਮਾਮਲੇ ’ਚ ਆਰੋਪੀ ਅਸ਼ੀਸ਼ ਮਿਸ਼ਰਾ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਵੀ ਮੰਗ ਕੀਤੀ। ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਜਿਸ ਨੇ ਕਿਸਾਨਾਂ ਨੂੰ ਸ਼ਹੀਦ ਕੀਤਾ ਹੈ, ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਆਰੋਪੀ ਅਸ਼ੀਸ਼ ਮਿਸ਼ਰਾ ਦਾ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਹਨ ਅਤੇ ਜਦੋਂ ਤੱਕ ਉਹ ਆਪਣੇ ਅਹੁਦੇ ’ਤੇ ਬੈਠੇ ਨੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਸਕਦਾ। ਇਸ ਸਬੰਧੀ ਕਾਂਗਰਸੀ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਦੱਸਿਆ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਖੁਦ ਇਸ ਮਾਮਲੇ ’ਚ ਸਰਕਾਰ ਨਾਲ ਗੱਲਬਾਤ ਕਰਨਗੇ। ਕਾਂਗਰਸੀਆਂ ਦੇ ਇਸ ਵਫ਼ਦ ਵਿਚ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ, ਏ. ਕੇ. ਐਟਨੀ, ਗੁਲਾਮ ਨਬੀ ਅਜ਼ਾਦ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ ਆਦਿ ਆਗੂ ਸ਼ਾਮਲ ਸਨ।