ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਚੰਡੀਗੜ੍ਹ ਵਿਚ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਬੀਐਸਐਫ ਨੂੰ ਦਿੱਤੇ ਗਏ ਵੱਧ ਅਧਿਕਾਰਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਹਾਹਾਕਾਰ ਮਚ ਗਈ ਹੈ। ਇਸ ਫੈਸਲੇ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਬਸਪਾ ਗੱਠਜੋੜ ਵੱਲੋਂ ਪੰਜਾਬ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਵੱਲੋਂ ਲਏ ਗਏ ਪੰਜਾਬ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਬੋਲਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦੇ ਲਾਗੂ ਹੋਣ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਲਾਇਕੀ ਵੀ ਸਾਹਮਣੇ ਆ ਗਈ ਹੈ ਅਤੇ ਹੁਣ ਉਨ੍ਹਾਂ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਆਖਿਆ ਕਿ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਹ ਪੰਜਾਬ ਦੇ ਹੱਕਾਂ ’ਤੇ ਸਿੱਧਾ ਡਾਕਾ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਸੁਖਬੀਰ ਬਾਦਲ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ-ਬਸਪਾ ਵਰਕਰਾਂ ਨੂੰ ਵੀ ਗਿ੍ਰਫ਼ਤਾਰ ਕਰਕੇ ਸੈਕਟਰ 3 ਦੇ ਥਾਣੇ ਲਿਜਾਇਆ ਗਿਆ।
Check Also
ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਆਪ’ ਖਿਲਾਫ ਲੋਕ ਲਹਿਰ ਵਿੱਢਣ ਦਾ ਐਲਾਨ
ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …