Breaking News
Home / Special Story / ਭਾਜਪਾ ਦੀ ਸ਼ਹਿ ‘ਤੇ ਸੁਖਬੀਰ ਬਾਦਲ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਕਰ ਰਿਹਾ ਸਿਆਸੀ ਰੈਲੀਆਂ : ਰਾਜੇਵਾਲ

ਭਾਜਪਾ ਦੀ ਸ਼ਹਿ ‘ਤੇ ਸੁਖਬੀਰ ਬਾਦਲ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਕਰ ਰਿਹਾ ਸਿਆਸੀ ਰੈਲੀਆਂ : ਰਾਜੇਵਾਲ

ਮਾਨਸਰ ਟੌਲ ਪਲਾਜ਼ਾ ‘ਤੇ ਕਿਸਾਨ ਮਹਾਪੰਚਾਇਤ ਵਿੱਚ ਪੰਜਾਬ ਤੇ ਹਿਮਾਚਲ ਦੇ ਕਿਸਾਨਾਂ ਨੇ ਕੀਤੀ ਸ਼ਮੂਲੀਅਤ
ਮੁਕੇਰੀਆਂ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਾਜਪਾ ਦੀ ਸ਼ਹਿ ‘ਤੇ ਹੀ ਸੁਖਬੀਰ ਬਾਦਲ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਸੂਬੇ ਅੰਦਰ ਸਿਆਸੀ ਰੈਲੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਚਾਹੁੰਦਾ ਹੈ ਕਿ ਲੋਕ ਸੂਬੇ ਅੰਦਰ ਹੋ ਰਹੀਆਂ ਸਿਆਸੀ ਰੈਲੀਆਂ ਵਿੱਚ ਉਲਝ ਕੇ ਰਹਿ ਜਾਣ ਅਤੇ ਦਿੱਲੀ ਵਿੱਚ ਲੱਗੇ ਮੋਰਚੇ ਵਿੱਚ ਸ਼ਮੂਲੀਅਤ ਨਾ ਕਰ ਸਕਣ। ਰਾਜੇਵਾਲ ਮੁਕੇਰੀਆਂ ਦੇ ਕਸਬਾ ‘ਮਾਨਸਰ’ ਟੌਲ ਪਲਾਜ਼ਾ ‘ਤੇ ਕਿਸਾਨ ਪੰਚਾਇਤ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਸ ਮਹਾਪੰਚਾਇਤ ਵਿੱਚ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ। ਰਾਜੇਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਰੈਲੀਆਂ ਦਾ ਵਿਰੋਧ ਲੋਕ ਆਪਮੁਹਾਰੇ ਕਰ ਰਹੇ ਹਨ ਕਿਉਂਕਿ ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪੱਖ ਵਿੱਚ ਹਰ ਸਿਆਸੀ ਪਾਰਟੀ ਅਤੇ ਕਿਸਾਨਾਂ ਨਾਲ ਹਮਦਰਦੀ ਰੱਖਣ ਵਾਲੀ ਧਿਰ ਨੇ ਡੱਟਵਾਂ ਸਾਥ ਦਿੱਤਾ ਹੈ, ਪਰ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਇਸ ਪੱਖ ਵਿੱਚ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ। ਰਾਜੇਵਾਲ ਨੇ ਕਿਹਾ ਕਿ ਮੋਰਚੇ ਵੱਲੋਂ ਮਨਾਹੀ ਦੇ ਬਾਵਜੂਦ ਸਿਆਸੀ ਰੈਲੀਆਂ ਕਰਨ ਦੀ ਕਾਹਲ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਕਿਉਂ ਹੈ? ਉਨ੍ਹਾਂ ਸਪੱਸ਼ਟ ਕੀਤਾ ਕਿ ਹਰਸਿਮਰਤ ਕੌਰ ਬਾਦਲ ਨੇ ਵੀ ਅਸਤੀਫਾ ਉਸ ਵੇਲੇ ਦਿੱਤਾ ਜਦੋਂ ਕਿਸਾਨੀ ਸੰਘਰਸ਼ ਦੇਸ਼ ਅੰਦਰ ਸਿਖਰਾਂ ਛੂਹ ਰਿਹਾ ਸੀ। ਰਾਜੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਅਮਰੀਕਾ ਦੌਰੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਵਿਦੇਸ਼ ਜਾ ਕੇ ਆਪਣੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਹੇਠੀ ਕਰਵਾਈ ਹੈ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਫ਼ਸਲਾਂ ਤੇ ਨਸਲਾਂ ਤਬਾਹ ਕਰਨ ਵੱਲ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਹਿੰਦੂ ਸਿੱਖਾਂ ਵਿੱਚ ਤਰੇੜਾਂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ ਤੇ ਕਿਸਾਨੀ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਕੁਚਲਣ ਲਈ ਭਾਜਪਾ ਵਰਕਰਾਂ ਨੂੰ ਉਕਸਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਮੋਰਚੇ ਦੇ ਆਗੂ ਮਨਜੀਤ ਰਾਏ, ਜੰਗਵੀਰ ਸਿੰਘ ਚੌਹਾਨ, ਡਾ. ਸਵੈਮਾਣ ਸਿੰਘ, ਬੂਟਾ ਸਿੰਘ ਸ਼ਾਦੀਪੁਰ, ਪ੍ਰਿੰਸੀਪਲ ਡਾ. ਨਵਜੋਤ ਕੌਰ, ਮੱਖਣ ਸਿੰਘ ਕੋਹਾੜ ਨੇ ਵੀ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਆਪਣੀ ਇਕਜੁੱਟਤਾ ਬਣਾਈ ਰੱਖਣ ਤੇ ਹੇਠਲੇ ਪੱਧਰ ‘ਤੇ ਗੰਨੇ ਤੇ ਝੋਨੇ ਦੇ ਮਸਲਿਆਂ ‘ਤੇ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਖਿਲਾਫ ਸੰਘਰਸ਼ ਲਾਮਬੰਦ ਕਰਨ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲਖੀਮਪੁਰ ਖੀਰੀ ‘ਚ ਕਿਸਾਨਾਂ ਨੂੰ ਗੱਡੀ ਹੇਠਾਂ ਦੇ ਕੇ ਸ਼ਹੀਦ ਕਰਨ ਵਾਲੇ ਭਾਜਪਾ ਦੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕੀਤਾ ਜਾਵੇ।
ਖੱਟਰ ਨੂੰ ‘ਲੱਠ ਮਾਰਨ’ ਵਾਲਾ ਬਿਆਨ ਮਹਿੰਗਾ ਪਵੇਗਾ
ਡੱਬਵਾਲੀ ਦੀ ਦਾਣਾ ਮੰਡੀ ਵਿੱਚ ਖੇਤੀ ਕਾਨੂੰਨਾਂ ਖਿਲਾਫ ‘ਜਨ ਜਾਗ੍ਰਿਤੀ ਮਹਾਸੰਮੇਲਨ’ ਕਰਵਾਇਆ ਗਿਆ, ਜਿਸ ਵਿੱਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਹਜ਼ਾਰਾਂ ਕਿਸਾਨਾਂ ਨੇ ਸ਼ਾਮਲ ਹੋ ਕੇ ਕੇਂਦਰੀ ਕਾਨੂੰਨਾਂ ਵਿਰੁੱਧ ਡਟਵੇਂ ਸੰਘਰਸ਼ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੰਘਰਸ਼ਸ਼ੀਲ ਕਿਸਾਨਾਂ ਖਿਲਾਫ ਲੱਠ ਚੁੱਕਣ ਵਾਲਾ (ਵਾਪਸ ਲਿਆ) ਬਿਆਨ ਖਾਸਾ ਮਹਿੰਗਾ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜਿਹਾ ਗੈਰ-ਲੋਕਤੰਤਰੀ ਬਿਆਨ ਦੇ ਕੇ ਸੰਵਿਧਾਨਕ ਸਹੁੰ ਦੀ ਉਲੰਘਣਾ ਕੀਤੀ ਹੈ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਨੂੰ ਅਹੁਦੇ ਤੋਂ ਲਾਹੁਣ ਅਤੇ ਉਨ੍ਹਾਂ ਖਿਲਾਫ ਕੇਸ ਚਲਾਉਣ ਦੀ ਮੰਗ ਕੀਤੀ ਜਾਵੇਗੀ। ਰਾਜੇਵਾਲ ਨੇ ਆਰੋਪ ਲਾਇਆ ਕਿ ਭਾਜਪਾ ਸਰਕਾਰ ਨੇ ਧੱਕੇ ਨਾਲ ਖੇਤੀ ਕਾਨੂੰਨ ਪਾਸ ਕਰ ਕੇ ਦੇਸ਼ ਦੀ ਬਰਬਾਦੀ ਦਾ ਰਾਹ ਖੋਲ੍ਹ ਦਿੱਤਾ ਹੈ, ਜਿਸ ਦਾ ਅਸਰ ਹਰ ਵਰਗ ‘ਤੇ ਪਵੇਗਾ।
ਲਖੀਮਪੁਰ ਦੇ ਸ਼ਹੀਦ ਕਿਸਾਨਾਂ ਨੂੰ ਪੰਜਾਬ ਭਰ ‘ਚ ਸ਼ਰਧਾਂਜਲੀਆਂ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ ਮੰਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਵਿੱਚ ਸਵਾ ਸੌ ਤੋਂ ਵੱਧ ਥਾਵਾਂ ‘ਤੇ ਚੱਲ ਰਹੇ ਸੰਘਰਸ਼ੀ ਅਖਾੜਿਆਂ ਸਮੇਤ ਸੂਬੇ ਵਿੱਚ ਲਗਪਗ ਪੰਜ ਸੌ ਥਾਵਾਂ ‘ਤੇ ਲਖੀਮਪੁਰ ਖੀਰੀ ਹਿੰਸਾ ਦੇ ਸ਼ਹੀਦਾਂ ਦੀ ਯਾਦ ਵਿੱਚ ਮੋਮਬੱਤੀ ਮਾਰਚ ਕੱਢੇ ਗਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਮੋਰਚੇ ਦੇ ਸੱਦੇ ਅਨੁਸਾਰ ਮੰਗਲਵਾਰ ਸਵੇਰੇ ਵੱਖ-ਵੱਖ ਪਿੰਡਾਂ ਵਿੱਚ ਧਾਰਮਿਕ ਸਭਾਵਾਂ ਕਰਕੇ ਸ਼ਹੀਦਾਂ ਲਈ ਅੰਤਿਮ ਅਰਦਾਸਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣੇ ਹੀ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਦਿਨੋ-ਦਿਨ ਵਧ ਰਹੀ ਤਾਕਤ ਅੱਗੇ ਬੇਵੱਸ ਹੋਈ ਸਰਕਾਰ ਹੁਣ ਗੁੰਡਾਗਰਦੀ ‘ਤੇ ਉਤਰ ਆਈ ਹੈ। ਕੇਂਦਰੀ ਰਾਜ ਮੰਤਰੀ ਦੇ ਪੁੱਤਰ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਤੇ ਕਿਸਾਨ ਸ਼ਹੀਦ ਹੋਣ ਮਗਰੋਂ ਵੀ ਸਰਕਾਰ ਨੇ ਕੋਈ ਅਫਸੋਸ ਪ੍ਰਗਟ ਨਹੀਂ ਕੀਤਾ। ਇਸ ਦੌਰਾਨ ਬੁਲਾਰਿਆਂ ਨੇ ਭਾਜਪਾ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰ ਕੇ ਗ੍ਰਿਫਤਾਰ ਕਰਨ ਸਮੇਤ ਖੇਤੀ ਕਾਨੂੰਨ, ਬਿਜਲੀ ਬਿੱਲ 2020 ਤੇ ਪਰਾਲੀ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਮੋਰਚੇ ਦੇ ਸੱਦੇ ‘ਤੇ 18 ਅਕਤੂਬਰ ਨੂੰ ਦੇਸ਼ ਭਰ ਵਿੱਚ 10 ਤੋਂ 6 ਵਜੇ ਤੱਕ ‘ਰੇਲ ਰੋਕੋ’ ਅੰਦੋਲਨ ਕਰਨ ਅਤੇ 26 ਅਕਤੂਬਰ ਨੂੰ ਲਖਨਊ ਮਹਾਰੈਲੀ ਵਿੱਚ ਪੁੱਜਣ ਦਾ ਸੱਦਾ ਦਿੱਤਾ।
ਮੋਦੀ ਅਤੇ ਅਮਿਤ ਸ਼ਾਹ ਦੇ 16 ਅਕਤੂਬਰ ਨੂੰ ਫੂਕੇ ਜਾਣਗੇ ਪੁਤਲੇ : ਰਾਜੇਵਾਲ
ਕਿਸਾਨ ਮੋਰਚੇ ਨੇ ਲਖੀਮਪੁਰ ਘਟਨਾ ਦੀ ਨਿਰਪੱਖ ਜਾਂਚ ਦੀ ਵੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਪੁਤਲੇ ਨਹੀਂ ਫੂਕੇ ਜਾਣਗੇ, ਬਲਕਿ ਹੁਣ 16 ਅਕਤੂਬਰ ਨੂੰ ਪੂਰੇ ਦੇਸ਼ ਵਿਚ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕੁੱਝ ਜਥੇਬੰਦੀਆਂ ਇਸ ਮਾਮਲੇ ਨੂੰ ਧਰਮ ਦਾ ਮੁੱਦਾ ਬਣਾਉਣਾ ਚਾਹੁੰਦੀਆਂ ਸਨ, ਜਿਸ ਕਰਕੇ ਇਹ ਫੈਸਲਾ ਕੀਤਾ ਗਿਆ। ਪੁਤਲੇ ਫੂਕਣ ਦਾ ਪ੍ਰੋਗਰਾਮ ਹੁਣ 16 ਅਕਤੂਬਰ ਨੂੰ ਕੀਤਾ ਜਾਵੇਗਾ। ਲਖੀਮਪੁਰ ਘਟਨਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਹੋਈ ਹੈ ਪ੍ਰੰਤੂ ਕਿਸਾਨ ਮੋਰਚੇ ਦੀ ਮੰਗ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
ਹਰਿਆਣਾ ਦੇ ਕਈ ਪਿੰਡਾਂ ‘ਚ ਭਾਜਪਾ ਤੇ ਜੇਜੇਪੀ ਆਗੂਆਂ ਦੇ ਦਾਖ਼ਲੇ ‘ਤੇ ਰੋਕ
ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਅਤੇ ਜੇਜੇਪੀ ਦੇ ਬਾਈਕਾਟ ਦਾ ਦਿੱਤਾ ਹੋਕਾ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸਾਢੇ 10 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਅੰਦੋਲਨ ਦਾ ਅਸਰ ਹਰਿਆਣਾ ਦੇ ਵਿਧਾਨ ਸਭਾ ਹਲਕਾ ਏਲਨਾਬਾਦ ਦੀ ਜ਼ਿਮਨੀ ਚੋਣ ‘ਤੇ ਪੈਣਾ ਸ਼ੁਰੂ ਹੋ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਇਕ ਦਰਜਨ ਦੇ ਕਰੀਬ ਪਿੰਡਾਂ ਨੇ ਭਾਜਪਾ ਅਤੇ ਜੇਜੇਪੀ ਦੇ ਸਾਂਝੇ ਉਮੀਦਵਾਰ ਗੋਬਿੰਦ ਕਾਂਡਾ ਤੇ ਉਨ੍ਹਾਂ ਦੇ ਹਮਾਇਤੀਆਂ ਦੇ ਪਿੰਡਾਂ ‘ਚ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਪਿੰਡ ‘ਚ ਦਾਖ਼ਲ ਹੋਣ ਵਾਲੀ ਸੜਕ ‘ਤੇ ਬੋਰਡ ਲਗਾ ਕੇ ਭਾਜਪਾ/ਜੇਜੇਪੀ ਦੇ ਆਗੂਆਂ ਨੂੰ ਪਿੰਡ ਵਿੱਚ ਦਾਖਲ ਨਾ ਹੋਣ ਦੀ ਨਸੀਹਤ ਦਿੱਤੀ। ਵਿਧਾਨ ਸਭਾ ਹਲਕਾ ਏਲਨਾਬਾਦ ਵਿੱਚ 80 ਦੇ ਕਰੀਬ ਪਿੰਡ ਪੈਂਦੇ ਹਨ। ਇਨ੍ਹਾਂ ਵਿੱਚੋਂ ਰਾਏਪੁਰ, ਅੰਮ੍ਰਿਤਸਰ ਕਲਾਂ, ਬੁੱਢੀਮੋੜੀ ਸਣੇ ਇਕ ਦਰਜਨ ਦੇ ਕਰੀਬ ਪਿੰਡਾਂ ਵਿੱਚ ਪੋਸਟਰ ਲਗਾ ਦਿੱਤੇ ਗਏ ਹਨ। ਪੋਸਟਰਾਂ ਵਿੱਚ ਸਪੱਸ਼ਟ ਤੌਰ ‘ਤੇ ਭਾਜਪਾ ਅਤੇ ਜੇਜੇਪੀ ਦੇ ਉਮੀਦਵਾਰ ਅਤੇ ਹਮਾਇਤੀਆਂ ਦੇ ਪਿੰਡ ‘ਚ ਦਾਖਲੇ ‘ਤੇ ਪਾਬੰਦੀ ਲਗਾਈ ਗਈ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਭਾਜਪਾ ਤੇ ਜੇਜੇਪੀ ਆਗੂ ਦਾ ਪਿੰਡ ‘ਚ ਦਾਖ਼ਲ ਹੋਣ ‘ਤੇ ਕੋਈ ਨੁਕਸਾਨ ਹੁੰਦਾ ਹੈ ਤਾਂ ਉਹ ਖ਼ੁਦ ਜ਼ਿੰਮੇਵਾਰ ਹੋਵੇਗਾ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਪਿੰਡਾਂ ‘ਚ ਸਪੀਕਰ ‘ਤੇ ਕਾਂਡਾ ਦੇ ਹੱਕ ‘ਤੇ ਪ੍ਰਚਾਰ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਆਗੂ ਰਵੀ ਆਜ਼ਾਦ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਰ ‘ਚ ਭਾਜਪਾ ਅਤੇ ਭਾਈਵਾਲ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਸੱਦੇ ਤਹਿਤ ਹਰਿਆਣਾ ਦੇ ਏਲਨਾਬਾਦ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ‘ਚ ਵੀ ਭਾਜਪਾ ਅਤੇ ਜੇਜੇਪੀ ਦੇ ਸਾਂਝੇ ਉਮੀਦਵਾਰ ਕਾਂਡਾ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੋਰਚੇ ਦੇ ਸੱਦੇ ‘ਤੇ ਪਿੰਡਾਂ ਵਿੱਚ ਪੋਸਟਰ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ, ਭਵਿੱਖ ‘ਚ ਸਾਰੇ ਪਿੰਡਾਂ ਵਿੱਚ ਪੋਸਟਰ ਲਗਾਏ ਜਾਣਗੇ। ਆਜ਼ਾਦ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੇ ਵੀ ਟੋਲੀਆਂ ਬਣਾ ਕੇ ਭਾਜਪਾ ਹਮਾਇਤੀਆਂ ਦਾ ਵਿਰੋਧ ਕਰਨ ਦੀ ਤਿਆਰੀ ਖਿੱਚ ਲਈ ਹੈ। ਦੂਜੇ ਪਾਸੇ ਭਾਜਪਾ ਉਮੀਦਵਾਰ ਗੋਬਿੰਦ ਕਾਂਡਾ ਦੇ ਚੋਣ ਪ੍ਰਚਾਰ ਦਾ ਵੀ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਪੰਜਾਬ ਚੋਣਾਂ ‘ਚ ਪਾਰਟੀ ‘ਤੇ ਲਖੀਮਪੁਰ ਘਟਨਾ ਦਾ ਕੋਈ ਅਸਰ ਨਹੀਂ ਪਵੇਗਾ : ਭਾਜਪਾ ਆਗੂ ਦੁਸ਼ਿਅੰਤ ਗੌਤਮ
ਨਵੀਂ ਦਿੱਲੀ : ਯੂਪੀ ਦੇ ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਪ੍ਰਤੀ ਭਾਰਤੀ ਜਨਤਾ ਪਾਰਟੀ ਨੂੰ ਕੋਈ ਹਮਦਰਦੀ ਨਹੀਂ ਹੈ।
ਇਸੇ ਦੌਰਾਨ ਭਾਜਪਾ ਲੀਡਰਸ਼ਿਪ ਦਾ ਮੰਨਣਾ ਹੈ ਕਿ ਲਖੀਮਪੁਰ ਖੀਰੀ ਘਟਨਾ ਦਾ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ‘ਤੇ ਕੋਈ ਵੱਡਾ ਅਸਰ ਨਹੀਂ ਪਵੇਗਾ।
ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਿਅੰਤ ਗੌਤਮ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਵਿਰੋਧ ਰਾਜਨੀਤੀ ਤੋਂ ਪ੍ਰੇਰਿਤ ਸੀ ਅਤੇ ਲਖੀਮਪੁਰ ਘਟਨਾ ਦਾ ਪੰਜਾਬ ਜਾਂ ਉੱਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ‘ਤੇ ਕੋਈ ਅਸਰ ਨਹੀਂ ਪਵੇਗਾ।
ਗੌਤਮ ਨੇ ਕਿਹਾ ਕਿ ਖੱਬੇ ਪੱਖੀਆਂ ਵੱਲੋਂ ਸਿਰਫ ਦੋ ਫ਼ੀਸਦ ਕਿਸਾਨਾਂ ਨੂੰ ਗੁੰਮਰਾਹ ਕੀਤਾ ਗਿਆ ਹੈ ਅਤੇ ਹੋਰ ਰਾਜਨੀਤਿਕ ਪਾਰਟੀਆਂ ਸੂਬੇ ਵਿੱਚ ਸ਼ਾਂਤੀਪੂਰਨ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਲਖੀਮਪੁਰ ਖਰੀ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਗੱਡੀ ਚੜ੍ਹਾ ਦਿੱਤੀ ਸੀ, ਜਿਸ ਦੌਰਾਨ ਚਾਰ ਕਿਸਾਨ ਸ਼ਹੀਦ ਹੋ ਗਏ ਸਨ ਅਤੇ ਬਾਅਦ ਵਿਚ ਇਕ ਪੱਤਰਕਾਰ ਦੀ ਵੀ ਜਾਨ ਚਲੇ ਗਈ ਸੀ।
ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕਾਂਗਰਸੀ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ : ਲਖੀਮਪੁਰ ਖੀਰੀ ਹਿੰਸਾ ਦਾ ਮਾਮਲਾ ਹੁਣ ਰਾਸ਼ਟਰਪਤੀ ਭਵਨ ਤੱਕ ਪਹੁੰਚ ਗਿਆ। ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ‘ਚ ਇਕ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਕਾਂਗਰਸੀ ਆਗੂਆਂ ਨੇ ਰਾਸ਼ਟਰਪਤੀ ਨੂੰ ਲਖੀਮਪੁਰ ਹਿੰਸਾ ਨਾਲ ਜੁੜੇ ਤੱਥਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਇਸ ਮਾਮਲੇ ‘ਚ ਆਰੋਪੀ ਅਸ਼ੀਸ਼ ਮਿਸ਼ਰਾ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਵੀ ਮੰਗ ਕੀਤੀ। ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਜਿਸ ਨੇ ਕਿਸਾਨਾਂ ਨੂੰ ਸ਼ਹੀਦ ਕੀਤਾ ਹੈ, ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਆਰੋਪੀ ਅਸ਼ੀਸ਼ ਮਿਸ਼ਰਾ ਦਾ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਹਨ ਅਤੇ ਜਦੋਂ ਤੱਕ ਉਹ ਆਪਣੇ ਅਹੁਦੇ ‘ਤੇ ਬੈਠੇ ਨੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਸਕਦਾ। ਇਸ ਸਬੰਧੀ ਕਾਂਗਰਸੀ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਦੱਸਿਆ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਖੁਦ ਇਸ ਮਾਮਲੇ ‘ਚ ਸਰਕਾਰ ਨਾਲ ਗੱਲਬਾਤ ਕਰਨਗੇ। ਕਾਂਗਰਸੀਆਂ ਦੇ ਇਸ ਵਫ਼ਦ ਵਿਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਏ. ਕੇ. ਐਟਨੀ, ਗੁਲਾਮ ਨਬੀ ਅਜ਼ਾਦ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ ਆਦਿ ਆਗੂ ਸ਼ਾਮਲ ਸਨ।

Check Also

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ਾਂ ‘ਚ ਭੁੱਖ ਹੜਤਾਲ

ਭਾਰਤ ਦੀ ਆਜ਼ਾਦੀ ਅਤੇ ਸੰਵਿਧਾਨ ਖ਼ਤਰੇ ‘ਚ : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਪੰਜਾਬ …