Breaking News
Home / ਪੰਜਾਬ / ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦਾ ਵਿਆਹ ਸਮਾਗਮ ਸੰਪੰਨ

ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦਾ ਵਿਆਹ ਸਮਾਗਮ ਸੰਪੰਨ

ਪੰਜਾਬ ਦੇ ਰਾਜਪਾਲ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤਾ ਨਵ-ਵਿਆਹੇ ਜੋੜੇ ਨੂੰ ਆਸ਼ੀਰਵਾਦ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਫੇਜ਼ 3ਬੀ-1 ਸਥਿਤ ਗੁਰਦੁਆਰਾ ਸਾਚਾ ਧਨ ਸਾਹਿਬ ਵਿੱਚ ਹੋਇਆ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਫੁੱਲਾਂ ਨਾਲ ਸਜਾਈ ਗੱਡੀ ਖ਼ੁਦ ਚਲਾ ਕੇ ਪਰਿਵਾਰ ਸਮੇਤ ਗੁਰਦੁਆਰੇ ਪਹੁੰਚੇ। ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਅਮਲਾਲਾ ਦੀ ਸਿਮਰਨਧੀਰ ਕੌਰ ਨਾਲ ਹੋਇਆ ਹੈ। ਵਿਆਹ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੀਨੀਅਰ ਕਾਂਗਰਸੀ ਆਗੂ ਕੁਮਾਰੀ ਸ਼ੈਲਜਾ, ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਸਮੇਤ ਸਮੁੱਚਾ ਮੰਤਰੀ ਮੰਡਲ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ਕਾਂਗਰਸੀ ਵਿਧਾਇਕ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ, ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮਾਗਮ ਵਿੱਚ ਹਾਜ਼ਰ ਨਹੀਂ ਹੋਏ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸਦੇ ਨਾਲ ਹੀ ਸਿੱਖ ਆਗੂ ਭਾਈ ਆਰ ਪੀ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ, ਲੇਖਕ ਤਲਵਿੰਦਰ ਸਿੰਘ ਬੁੱਟਰ, ਪ੍ਰੋ. ਮੇਹਰ ਸਿੰਘ ਮੱਲ੍ਹੀ ਸਮੇਤ ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਹੁਸਨ ਲਾਲ ਵੀ ਹਾਜ਼ਰ ਸਨ। ਮਹਿਮਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਆਈਜੀ ਏ ਕੇ ਪਾਂਡੇ ਤੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਦੀ ਅਗਵਾਈ ਹੇਠ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵਿਆਹ ਸਮਾਗਮ ਦੌਰਾਨ ਸਮੂਹ ਸੰਗਤ ਨੇ ਗੁਰਦੁਆਰੇ ਦੀ ਬੇਸਮੈਂਟ ਵਿੱਚ ਬਣੇ ਲੰਗਰ ਹਾਲ ਵਿੱਚ ਲੰਗਰ ਛਕਿਆ।
ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਬਿਲਕੁਲ ਸਾਦੇ ਢੰਗ ਨਾਲ ਕੀਤੇ ਜਾਣ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਸਿਆਸੀ ਆਗੂਆਂ ਨੂੰ ਵੀ ਉਨ੍ਹਾਂ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਦਾ ਵਿਆਹ ਕਰਕੇ ਉਨ੍ਹਾਂ ਨਵੀਂ ਪਿਰਤ ਪਾਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਰੁਝਾਨ ਬਹੁਤ ਵਧੀਆ ਹੈ ਤੇ ਮੁੱਖ ਮੰਤਰੀ ਨੇ ਮਰਿਆਦਾ ਅਨੁਸਾਰ ਸਾਦਗੀ ਨਾਲ ਇਸ ਕਾਰਜ ਨੂੰ ਨੇਪਰੇ ਚਾਿੜ੍ਹਆ ਹੈ। ਮੁੱਖ ਮੰਤਰੀ ਦਾ ਪਰਿਵਾਰ, ਰਿਸ਼ਤੇਦਾਰ ਤੇ ਸਮੁੱਚੀ ਪੰਜਾਬ ਕੈਬਨਿਟ ਵਧਾਈ ਦੇ ਪਾਤਰ ਹਨ। ਅਦਾਕਾਰ ਅਤੇ ਹਾਸਰਸ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਸ ਫੈਸਲੇ ਦੀ ਤਾਰੀਫ਼ ਕੀਤੀ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …