Breaking News
Home / ਪੰਜਾਬ / ਜਗਬੰਸ ਸਿੰਘ ਪੁਆਰ ਹੋਣਗੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ

ਜਗਬੰਸ ਸਿੰਘ ਪੁਆਰ ਹੋਣਗੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ

ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼ : ਆਡਿਟ ਐਂਡ ਅਕਾਉਂਟਸ ਦੀ ਰਾਸ਼ਟਰੀ ਅਕਾਡਮੀ ਦੇ ਸੇਵਾ ਮੁਕਤ ਡਾਇਰੈਕਟਰ ਜਗਬੰਸ ਸਿੰਘ ਪੁਆਰ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਅਗਲੇ ਚੇਅਰਮੈਨ ਹੋਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਗਬੰਸ ਸਿੰਘ ਪੁਆਰ ਦੇ ਨਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ਤੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਦੀ ਮੋਹਰ ਲੱਗਣ ਲਈ ਫਾਈਲ ਰਾਜ ਭਵਨ ਭੇਜ ਦਿੱਤੀ ਗਈ ਹੈ। ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਇਸਦੀ ਪੁਸ਼ਟੀ ਕੀਤੀ ਹੈ। ਇਸ ਅਸਾਮੀ ਲਈ ਵਿਜੀਲੈਂਸ ਦੇ ਮੁਖੀ ਬੀ.ਕੇ ਉਪਲ ਦੌੜ ਵਿਚ ਸਨ, ਜਿਨ੍ਹਾਂ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਨਾਲ ਵੱਡਾ ਝਟਕਾ ਲੱਗਿਆ ਹੈ। ਯਾਦ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ (ਸ਼ਨੀਵਾਰ) ਨੂੰ ਆਪਣੇ ਅਹੁੱਦੇ ਤੋੰ ਅਸਤੀਫ਼ਾ ਦੇ ਦਿੱਤਾ ਸੀ, ਜਦਕਿ 20 ਸਤੰਬਰ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਮੀਟਿੰਗ ਹੋਣੀ ਸੀ। ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਮੁੱਖ ਮੰਤਰੀ ਤੋੰ ਇਲਾਵਾ ਵਿਰੋਧੀ ਧਿਰ ਦੇ ਨੇਤਾ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਅਧਾਰਿਤ ਤਿੰਨ ਮੈਂਬਰੀ ਕਮੇਟੀ ਕਰਦੀ ਹੈ। ਸੂਤਰ ਦੱਸਦੇ ਹਨ ਕਿ ਕੈਪਟਨ ਸਰਕਾਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੂੰ ਮੀਟਿੰਗ ਲਈ ਦੋ ਵਾਰ ਸੱਦਿਆ ਸੀ ਪਰ ਉਹ ਏਜੰਡਾ ਅਤੇ ਸਬੰਧਤ ਵਿਅਕਤੀਆਂ ਦੇ ਨਾਵਾਂ ਦਾ ਪੈਨਲ ਭੇਜਣ ਦੀ ਗੱਲ ਕਹਿਕੇ ਮੀਟਿੰਗ ਵਿਚ ਜਾਣ ਤੋਂ ਟਾਲਾ ਵੱਟ ਗਏ ਸਨ। ਸੂਤਰ ਦੱਸਦੇ ਹਨ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਆਈਆਂ ਅਰਜ਼ੀਆਂ ਵਿਚ ਕੈਪਟਨ ਸਰਕਾਰ ਨੇ ਜਗਬੰਸ ਸਿੰਘ, ਬੀਕੇ ਉਪੱਲ ਅਤੇ ਏਕਰੂਪ ਸਿੰਘ ਸੇਵਾ ਮੁਕਤ ਲੈਫਟੀਨੈਂਟ ਜਨਰਲ ਦੇ ਨਾਂ ਦਾ ਪੈਨਲ ਬਣਾਇਆ ਗਿਆ ਸੀ।

 

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …