ਸਿੰਘੂ ਬਾਰਡਰ : ਸਿੰਘੂ ਬਾਰਡਰ ‘ਤੇ ਅੱਜ ਸਵੇਰੇ ਪੰਜਾਬ ਦੇ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਦਾ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਸੰਯੁਕਤ ਕਿਸਾਨ ਮੋਰਚਾ ਨਿੰਦਾ ਕਰਦਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਕਿ ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਮੋਰਚਾ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਚਿੰਨ੍ਹ ਦੀ ਬੇਅਦਬੀ ਦੇ ਖਿਲਾਫ ਹੈ ਪ੍ਰੰਤੂ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਹੈ। ਮੋਰਚੇ ਨੇ ਮੰਗ ਕੀਤੀ ਕਿ ਕਿ ਕਤਲ ਅਤੇ ਬੇਅਦਬੀ ਦੀ ਸਾਜਿਸ਼ ਦੇ ਦੋਸ਼ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਪੁਲੀਸ ਅਤੇ ਪ੍ਰਸ਼ਾਸਨ ਦਾ ਸਾਥ ਦੇਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਮ੍ਰਿਤਕ ਕੁੱਝ ਸਮੇਂ ਤੋਂ ਜ਼ਿੰਮੇਵਾਰੀ ਲੈਣ ਵਾਲੀਆਂ ਨਿਹੰਗ ਜਥੇਬੰਦੀਆਂ ਦੇ ਨਾਲ ਹੀ ਰਹਿ ਰਿਹਾ ਸੀ। ਇਸ ਲਈ ਸੰਯੁਕਤ ਕਿਸਾਨ ਮੋਰਚੇ ਦੇ ਅਗੂਆਂ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਜਗਜੀਤ ਸਿੰਘ ਡੱਲੇਵਾਲ, ਰੂਲਦੂ ਸਿੰਘ ਮਾਨਸਾ,ਜੋਗਿੰਦਰ ਸਿੰਘ ਉਗਰਾਹਾਂ, ਰਾਕੇਸ਼ ਟਿਕੈਤ, ਹਨਨ ਮੌਲਾ ਆਦਿ ਆਗੂਆਂ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ।