ਕਿਹਾ, ਭਾਜਪਾ ਦੇਸ਼ ਹਿਤਾਂ ਨੂੰ ਉਪਰ ਰੱਖਣ ਵਾਲਿਆਂ ਨਾਲ ਗੱਠਜੋੜ ਲਈ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਘੇ ਕੱਲ੍ਹ ਨਵੀਂ ਪਾਰਟੀ ਬਣਾਉਣ ਵਾਲੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਭੂਚਾਲ ਜਿਹਾ ਆ ਗਿਆ ਹੈ। ਇਕ ਪਾਸੇ ਜਿੱਥੇ ਕਾਂਗਰਸੀ ਆਗੂਆਂ ਵੱਲੋਂ ਕੈਪਟਨ ਦੇ ਇਸ ਫੈਸਲੇ ਨੂੰ ਕਾਂਗਰਸੀ ਪਾਰਟੀ ਨਾਲ ਗਦਾਰੀ ਕਰਾਰ ਦਿੱਤਾ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਭਾਜਪਾ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਹਿੱਤਾਂ ਨੂੰ ਸਭ ਤੋਂ ਉਪਰ ਰੱਖਣ ਵਾਲਿਆਂ ਨਾਲ ਗੱਠਜੋੜ ਕਰਨ ਲਈ ਹਰ ਸਮੇਂ ਤਿਆਰ ਹੈ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣਗੇ ਅਤੇ ਜੇਕਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਕਿਸਾਨੀ ਮਸਲਿਆਂ ਨੂੰ ਹੱਲ ਕਰ ਦਿੰਦੀ ਹੈ ਤੇ ਕਿਸਾਨ ਅੰਦੋਲਨ ਖਤਮ ਹੋ ਜਾਂਦਾ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਵੀ ਕਰ ਸਕਦੇ ਹਨ।