Breaking News
Home / ਹਫ਼ਤਾਵਾਰੀ ਫੇਰੀ / ’84 ਕਤਲੇਆਮ ਦੇ 28 ਹੋਰ ਕੇਸ ਖੁੱਲ੍ਹਣਗੇ

’84 ਕਤਲੇਆਮ ਦੇ 28 ਹੋਰ ਕੇਸ ਖੁੱਲ੍ਹਣਗੇ

1472340__2ਵਿਸ਼ੇਸ਼ ਜਾਂਚ ਟੀਮ ਵੱਲੋਂ ਪੜਤਾਲੇ ਜਾਣ ਵਾਲੇ ਕੇਸਾਂ ਦੀ ਗਿਣਤੀ 77 ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ 28 ਹੋਰ ਕੇਸਾਂ ਨੂੰ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਕੇਸਾਂ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਕੀਤੀ ਜਾਏਗੀ। ਇਨ੍ਹਾਂ ਕੇਸਾਂ ਨੂੰ ਜਾਂ ਤਾਂ ਬੰਦ ਕਰ ਦਿੱਤਾ ਗਿਆ ਸੀ ਜਾਂ ਸਬੂਤਾਂ ਦੀ ਘਾਟ ਕਾਰਨ ਇਹ ਅੱਗੇ ਨਹੀਂ ਵੱਧ ਸਕੇ ਸਨ। ਸਰਕਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਦਿੱਲੀ ਵਿਚ ਦਰਜ ਸਿੱਖ ਕਤਲੇਆਮ ਦੇ ਕੇਸਾਂ ਦੀ ਮੁੜ ਤੋਂ ਜਾਂਚ ਦੌਰਾਨ 28 ਹੋਰ ਕੇਸਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਨੂੰ ਖੋਲ੍ਹਿਆ ਜਾਣਾ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਹੁਣ ਕੁਲ ਮਿਲਾ ਕੇ 77 ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਕੀਤੀ ਜਾਏਗੀ।
ਦਿੱਲੀ ਵਿਚ ਸਿੱਖ ਕਤਲੇਆਮ ਦੇ ਦਰਜ 650 ਕੇਸਾਂ ਵਿਚੋਂ ਐਸਆਈਟੀ ਨੇ 29 ਜੁਲਾਈ ਨੂੰ 49 ਕੇਸ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਸੀ। 1984 ਦੇ ਕਤਲੇਆਮ ਦੌਰਾਨ 3325 ਸਿੱਖ ਕੋਹ ਕੋਹ ਕੇ ਮਾਰੇ ਗਏ ਸਨ ਜਿਨ੍ਹਾਂ ਵਿਚੋਂ ਰਾਜਧਾਨੀ ਦਿੱਲੀ ‘ਚ ਇਕੱਲੇ 2733 ਸਿੱਖਾਂ ਦਾ ਕਤਲ ਕੀਤਾ ਗਿਆ ਸੀ। ਦਿੱਲੀ ਪੁਲਿਸ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦੇ ਕੇ 241 ਕੇਸਾਂ ਨੂੰ ਬੰਦ ਕਰ ਦਿੱਤਾ ਸੀ। ਜਸਟਿਸ ਨਾਨਾਵਤੀ ਕਮਿਸ਼ਨ ਨੇ ਚਾਰ ਕੇਸਾਂ ਨੂੰ ਖੋਲ੍ਹਣ ਦੀ ਸਿਫ਼ਾਰਸ਼ ਕੀਤੀ ਸੀ ਪਰ ਭਾਜਪਾ ਸਾਰੇ ਕੇਸਾਂ ਦੀ ਮੁੜ ਤੋਂ ਜਾਂਚ ਕਰਾਉਣਾ ਚਾਹੁੰਦੀ ਸੀ। ਸੀਬੀਆਈ ਨੇ ਚਾਰ ਕੇਸਾਂ ਦੀ ਜਾਂਚ ਕੀਤੀ ਸੀ ਜਿਨ੍ਹਾਂ ਵਿਚੋਂ ਦੋ ‘ਚ ਜਾਂਚ ਏਜੰਸੀ ਨੇ ਚਾਰਜਸ਼ੀਟ ਦਾਖ਼ਲ ਕੀਤੀ ਸੀ ਅਤੇ ਇਕ ਕੇਸ ਵਿਚ ਸਾਬਕਾ ਵਿਧਾਇਕ ਸਮੇਤ ਪੰਜ ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਸੀ। ਗ੍ਰਹਿ ਮੰਤਰਾਲੇ ਵੱਲੋਂ ਨਿਯੁਕਤ ਜਸਟਿਸ (ਰਿਟਾਇਰਡ) ਜੀ ਪੀ ਮਾਥੁਰ ਕਮੇਟੀ ਨੇ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਸਿਫ਼ਾਰਸ਼ ਕੀਤੀ ਸੀ ਜੋ 12 ਫਰਵਰੀ 2015 ਨੂੰ ਬਣਾਈ ਗਈ।
ਤਿੰਨ ਮੈਂਬਰੀ ਜਾਂਚ ਟੀਮ ਵਿਚ ਇੰਸਪੈਕਟਰ ਜਨਰਲ ਰੈਂਕ ਦੇ ਦੋ ਆਈਪੀਐਸ ਅਧਿਕਾਰੀ ਅਤੇ ਇਕ ਜੁਡੀਸ਼ਲ ਅਧਿਕਾਰੀ ਸ਼ਾਮਲ ਹਨ। 10 ਦਸੰਬਰ 2014 ਨੂੰ ਨਰਿੰਦਰ ਮੋਦੀ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਹਰੇਕ ਵਿਅਕਤੀ ਦੇ ਨਜ਼ਦੀਕੀਆਂ ਨੂੰ ਪੰਜ-ਪੰਜ ਲੱਖ ਰੁਪਏ ਦਾ ਵਾਧੂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।
ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇઠ
ਕੁਰੂਕਸ਼ੇਤਰ : 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਦੇਸ਼ ਵਿਚ ਸਭ ਤੋਂ ਪਹਿਲਾਂ ਗੁੜਗਾਉਂ ਵਿਚ ਮੁਆਵਜ਼ਾ ਵੰਡਿਆ ਗਿਆ। ਹਰਿਆਣਾ ਸਰਕਾਰ ਨੇ ਹਾਲ ਹੀ ਵਿਚ ਜਸਟਿਸ ਟੀ.ਪੀ. ਗਰਗ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਗੁੜਗਾਓ ਤੇ ਪਟੌਦੀ ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਲਈ 12.07 ਕਰੋੜ ਰੁਪਏ ਦੀ ਰਕਮ ਦੇ ਮੁਆਵਜ਼ੇ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਤਹਿਤ ਗੁੜਗਾਓਂ ਦੇ ਮੁੱਖ ਗੁਰਦੁਆਰਾ ਸਾਹਿਬ ਵਿਚ ਹੋਏ ਇਕ ਪ੍ਰੋਗਰਾਮ ਵਿਚ 42 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਕਮ ਦੇ ਚੈੱਕ ਵੰਡੇ ਗਏ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …