ਕਿਹਾ, ਸਿੱਧੂ ਨੂੰ ਹਟਾਉਣ ’ਚ ਕਾਂਗਰਸ ਨੂੰ ਫਾਇਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਵਲੋਂ ਨਵੀਂ ਪਾਰਟੀ ਬਣਾਉਣ ਦੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਵਿਚ ਸਿਆਸੀ ਸਰਗਰਮੀਆਂ ਵਧ ਗਈਆਂ ਹਨ। ਕੈਪਟਨ ਅਮਰਿੰਦਰ ਨੇ ਇਕ ਇੰਟਰਵਿਊ ਵਿਚ ਦਾਅਵਾ ਕੀਤਾ ਕਿ ਪੰਜਾਬ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਕੈਪਟਨ ਨੇ ਕਿਹਾ ਕਿ ਜੇਕਰ ਉਹ ਵਿਧਾਇਕਾਂ ਦੇ ਨਾਮ ਸਾਹਮਣੇ ਲਿਆਉਂਦੇ ਹਨ ਤਾਂ ਪੰਜਾਬ ਵਿਚ ਕਾਂਗਰਸ ਬੈਕਫੁਟ ’ਤੇ ਚਲੇ ਜਾਏਗੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਨਵਜੋਤ ਸਿੱਧੂ ਨੂੰ ਪਾਰਟੀ ਵਿਚੋਂ ਪਾਸੇ ਕਰ ਦਿੰਦੀ ਹੈ ਤਾਂ ਕਾਂਗਰਸ ਪਾਰਟੀ ਫਾਇਦੇ ਵਿਚ ਰਹੇਗੀ। ਜਾਣਕਾਰੀ ਮਿਲ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਗਲੇ ਹਫਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ ਅਤੇ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦੇਣਗੇ। ਇਸੇ ਦੌਰਾਨ ਪੰਜਾਬ ਦੇ ਕਈ ਨਰਾਜ਼ ਦਲਾਂ ਨੂੰ ਵੀ ਕੈਪਟਨ ਆਪਣੀ ਪਾਰਟੀ ਵਿਚ ਸ਼ਾਮਲ ਕਰਨ ਦੇ ਯਤਨ ਕਰ ਰਹੇ ਹਨ। ਕੈਪਟਨ ਅਮਰਿੰਦਰ ਦਾ ਇਹ ਵੀ ਕਹਿਣਾ ਹੈ ਕਿ ਉਹ ਕਾਂਗਰਸ ਪਾਰਟੀ ਲਈ ਹੁਣ ਕੰਮ ਨਹੀਂ ਕਰਨਗੇ।