16.6 C
Toronto
Sunday, September 28, 2025
spot_img
Homeਮੁੱਖ ਲੇਖ21 ਅਕਤੂਬਰ 1914 : ਕੈਨੇਡਾ ਦੇ ਇਤਿਹਾਸ ਵਿਚ ਚਿੱਟੇ ਨਸਲਵਾਦ ਦੇ ਖਾਤਮੇ...

21 ਅਕਤੂਬਰ 1914 : ਕੈਨੇਡਾ ਦੇ ਇਤਿਹਾਸ ਵਿਚ ਚਿੱਟੇ ਨਸਲਵਾਦ ਦੇ ਖਾਤਮੇ ਦੀ ਗੌਰਵਮਈ ਗਾਥਾ

ਡਾ. ਗੁਰਵਿੰਦਰ ਸਿੰਘ
604-825-1550
21 ਅਕਤੂਬਰ 1914 ਦੇ ਦਿਨ ਮਹਾਨ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਕੈਨੇਡਾ ਨੂੰ ‘ਚਿੱਟੀ ਚਮੜੀ ਵਾਲਿਆਂ ਦਾ ਦੇਸ਼’ ਸਾਬਤ ਕਰਨ ਦੀ ਕੋਸ਼ਿਸ਼ ‘ਚ ਲੱਗੇ ਵਿਲੀਅਮ ਚਾਰਲਸ ਹੌਪਕਿਨਸਿਨ ਨੂੰ ਸੋਧਿਆ ਸੀ। ਭਾਈ ਮੇਵਾ ਸਿੰਘ ਜੀ ਦੇ 21 ਅਕਤੂਬਰ ਨੂੰ ਚੁੱਕੇ ਇਨਕਲਾਬੀ ਕਦਮ ਤੋਂ ਬਾਅਦ, ਕੈਨੇਡਾ ਦੇ ਬਹੁ-ਸੱਭਿਆਚਾਰਕ ਢਾਂਚੇ ਦਾ ਮੁੱਢ ਬੱਝਿਆ। ਇਸ ਦਿਨ ਦਾ ਇਤਿਹਾਸ ਵਿਚਾਰਨਾ ਜ਼ਰੂਰੀ ਹੈ ਸ਼ਹੀਦ ਭਾਈ ਮੇਵਾ ਸਿੰਘ ਦੀ ਮਹਾਨ ਕੁਰਬਾਨੀ ਦਾ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ‘ਚ ਜ਼ਿਕਰ ਨਾਮਾਤਰ ਹੀ ਮਿਲਦਾ ਹੈ। ਭਾਈ ਮੇਵਾ ਸਿੰਘ ਕੈਨੇਡਾ ‘ਚ ਫਾਂਸੀ ਦਾ ਰੱਸਾ ਚੁੰਮਣ ਵਾਲੇ ਪਹਿਲੇ ਸ਼ਹੀਦ ਸਨ। ਭਾਈ ਮੇਵਾ ਸਿੰਘ ਨੂੰ ਫਾਂਸੀ ਕਿਉਂ ਦਿੱਤੀ ਗਈ, ਇਹ ਇਤਿਹਾਸ ਜਾਨਣਾ ਇਸ ਕਰਕੇ ਵੀ ਜ਼ਰੂਰੀ ਹੈ, ਕਿਉਂਕਿ ਇਹ ਕੁਰਬਾਨੀ ਹੀ ਅੱਗਿਓ ਅਨੇਕਾਂ ਗਦਰੀ ਯੋਧਿਆਂ ਤੇ ਆਜ਼ਾਦੀ ਘੁਲਾਟੀਆਂ ਲਈ ਪ੍ਰੇਰਨਾ ਦਾ ਕਾਰਨ ਬਣੀ। 21 ਅਕਤੂਬਰ 1914 ਈ. ਨੂੰ ਵੈਨਕੂਵਰ ਸ਼ਹਿਰ ਦੀ ਬ੍ਰਿਟਿਸ਼ ਕੋਲੰਬਿਆਂ ਪ੍ਰੋਵਿੰਸ਼ਿਅਲ ਕੋਰਟ ਵਿੱਚ, ਇੱਕ ਮੁਕੱਦਮੇ ਦੌਰਾਨ ਭਾਈ ਮੇਵਾ ਸਿੰਘ ਨੇ ਬਦਨਾਮ ਤੇ ਗ਼ੱਦਾਰ, ਐਂਗਲੋ-ਇੰਡੀਅਨ ਅਧਿਕਾਰੀ ਹਾਪਕਿਨਸਨ ਨੂੰ ਸੋਧਿਆ ਸੀ ਤੇ ਮਗਰੋਂ ਖ਼ੁਦ ਨੂੰ ਪੁਲਿਸ ਹਵਾਲੇ ਕਰ ਦਿੱਤਾ ਸੀ। ਇਹ ਕਹਾਣੀ ਊਧਮ ਸਿੰਘ ਵਲੋਂ ਲੰਡਨ ‘ਚ ਪੰਜਾਬ ਦੇ ਸਾਬਕਾ ਗਵਰਨਰ, ਮਾਈਕਲ ਉਡਵਾਇਰ ਨੂੰ ਸੰਨ 1940 ਵਿੱਚ ਮਾਰਨ ਨਾਲ ਕਾਫੀ ਮਿਲਦੀ ਹੈ, ਫਰਕ ਸਿਰਫ਼ ਏਨਾ ਹੈ ਕਿ ਸ਼ਹੀਦ ਮੇਵਾ ਸਿੰਘ ਨੇ ਇਹ ਕਾਰਨਾਮਾ 26 ਸਾਲ ਪਹਿਲਾਂ ਕੀਤਾ ਸੀ, ਜਿਹੜਾ ਇਤਿਹਾਸ ਦੀਆਂ ਕਿਤਾਬਾਂ ਦੇ ਅਣਗੌਲੇ ਪੰਨਿਆਂ ਦੀ ਧੂੜ ‘ਚ ਹੀ ਗੁਆਚ ਗਿਆ। ਕਿੰਨਾ ਚੰਗਾ ਹੋਵੇ ਘੱਟੋ-ਘੱਟ ਪੰਜਾਬ ਦੇ ਸਕੂਲਾਂ ਦੀਆਂ ਕਿਤਾਬਾਂ ਵਿੱਚ ਸ਼ਹੀਦ ਮੇਵਾ ਸਿੰਘ ਦੀ ਕੁਰਬਾਨੀ ਬਾਰੇ ਪੜਾਇਆ ਜਾਵੇ ਤੇ ਉਨਾਂ ਦੀ ਯਾਦਗਾਰ ਸਥਾਪਤ ਕਰਕੇ, ਆਉਣ ਵਾਲੀਆਂ ਪੀੜੀਆਂ ਲਈ ਸੇਧ ਲਈ ਜਾਵੇ। ਸ਼ਹੀਦ ਭਾਈ ਮੇਵਾ ਸਿੰਘ ਦਾ ਜਨਮ ਪੰਜਾਬ ਦੇ ਅੰਮ੍ਰਿਤਸਰ ਜਿਲੇ ‘ਚ ਪੈਂਦੇ ਪਿੰਡ ਲੋਪੋਕੇ, ਤਹਿਸੀਲ ਅਜਨਾਲਾ ਵਿਖੇ ਸੰਨ 1880 ਨੂੰ ਸ. ਨੰਦ ਸਿੰਘ ਔਲਖ ਦੇ ਘਰ ਹੋਇਆ। 20ਵੀਂ ਸਦੀ ਦੇ ਸ਼ੁਰੂ ‘ਚ ਹੋਰਨਾਂ ਪੰਜਾਬੀਆਂ ਵਾਂਗ ਮੇਵਾ ਸਿੰਘ ਵੀ ਸੁਨਹਿਰੀ ਭਵਿੱਖ ਸਿਰਜਨ ਲਈ 1906 ਈਸਵੀ ਵਿੱਚ ਵੈਨਕੂਵਰ ਆ ਵਸੇ।
ਉਹਨੀਂ ਦਿਨੀਂ ਕੈਨੇਡਾ ਦੀ ਨਸਲਵਾਦੀ ਸਰਕਾਰ ਏਸ਼ੀਆਈ ਲੋਕਾਂ ਖਿਲਾਫ਼ ਕਾਲੇ ਕਾਨੂੰਨ ਬਣਾ ਰਹੀ ਸੀ, ਜਿਸ ਦੀ ਸਭ ਤੋਂ ਘਿਨਾਉਣੀ ਮਿਸਾਲ, 1907 ਵਿੱਚ ਭਾਰਤੀਆਂ ਤੋਂ ਵੋਟ ਦਾ ਹੱਕ ਵਾਪਸ ਲੈਣਾ ਵੀ ਸ਼ਾਮਿਲ ਸੀ। ਭਾਈ ਮੇਵਾ ਭਾਵੇਂ ਕਿਰਤੀ ਵਜੋਂ ਨਿਊ ਵੈਸਟਮਿਨਿਸਟਰ ਦੀ ਫਰੇਜ਼ਰ ਮਿੱਲ ‘ਚ ਕੰਮ ਕਰਦੇ ਸਨ, ਪਰ ਉਨਾਂ ਦਾ ਸੰਪਰਕ ਆਜ਼ਾਦੀ ਲਈ ਜੂਝਣ ਵਾਲੇ ਸਿੱਖ ਆਗੂਆਂ ਨਾਲ ਲਗਾਤਾਰ ਬਣਿਆ ਰਹਿੰਦਾ ਸੀ। ਇੱਥੇ ਇਹ ਵੀ ਸਮਝਣਾ ਜ਼ਰੂਰੀ ਹੈ ਕਿ ਅਜਿਹੇ ਸੱਚੇ -ਸੁੱਚੇ ਮਨੁੱਖਾਂ ਅੰਦਰ ਆਜ਼ਾਦੀ ਦੀ ਚਿਣਗ ਕਿਤੇ ਨਾ ਕਿਤੇ ਅਵਚੇਤਨ ਮਨ ਅਤੇ ਪਰੋਖ ਰੂਪ ਵਿੱਚ ਪਹਿਲਾਂ ਹੀ ਮੌਜੂਦ ਸੀ। ਕੈਨੇਡਾ ਆ ਕੇ ਉਸ ਨੂੰ ਨਸਲਵਾਦ ਅਤੇ ਵਿਤਕਰਿਆਂ ਦੇ ਮਾਹੌਲ ਨੇ ਹੋਰ ਹਵਾ ਦਿੱਤੀ। ਜੋ ਲੇਖਕ ਇਹ ਸਾਬਤ ਕਰ ਦੀ ਕੋਸ਼ਿਸ਼ ਕਰਦੇ ਹਨ ਕਿ ਗਦਰੀ ਯੋਧਿਆਂ ਅੰਦਰ ਜਾਗ੍ਰਿਤੀ ਕੇਵਲ ਬਾਹਰਲੇ ਮੁਲਕਾਂ ਜਾਂ ਬਾਹਰੀ ਫਲਸਫਿਆਂ ਕਰਕੇ ਆਈ ਸੀ, ਉਹ ਭੁਲੇਖੇ ਪੈਦਾ ਕਰਦੇ ਹਨ। ਕੈਨੇਡਾ ਦੀ ਪਹਿਲੀ ਸੰਸਥਾ ਖਾਲਸਾ ਦੀਵਾਨ ਸੁਸਾਇਟੀ, ਵੈਨਕੂਵਰ ਦੇ ਪਹਿਲੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਵਿੱਚ ਭਾਈ ਮੇਵਾ ਸਿੰਘ ਦੀ ਵਿਸ਼ੇਸ਼ ਭੂਮਿਕਾ ਸੀ। ਇਥੇ ਹੀ 21 ਜੂਨ 1908 ਨੂੰ ਮੇਵਾ ਸਿੰਘ ਨੇ ਅੰਮ੍ਰਿਤ ਛਕਿਆ ਅਤੇ ਆਪਣਾ ਜੀਵਨ ਜ਼ੁਲਮ ਖਿਲਾਫ਼ ਲੜਨ ਅਤੇ ਸੱਚ ‘ਤੇ ਪਹਿਰਾ ਦੇਣ ਨੂੰ ਸਮਰਪਿਤ ਕੀਤਾ। ਹੱਕ ਸੱਚ ਅਤੇ ਇਨਸਾਫ਼ ਲਈ ਮਰ-ਮਿੱਟਣ ਦੀ ਭਾਈ ਸਾਹਿਬ ਦੀ ਭਾਵਨਾ ਇਸ ਗੱਲ ਤੋਂ ਹੋਰ ਵੀ ਸਪੱਸ਼ਟ ਹੁੰਦੀ ਹੈ ਕਿ ਅਜੇ ਉਨਾਂ ਵਿਆਹ ਨਹੀਂ ਸੀ ਕਰਾਇਆ, ਜਦੋਂ ਉਹ ਭਰ ਜੁਆਨੀ ‘ਚ ਸ਼ਹੀਦੀ ਪਾ ਗਏ।
ਭਾਈ ਮੇਵਾ ਸਿੰਘ ਦੇ ਜੀਵਨ ‘ਤੇ ਗੁਰੂ ਨਾਨਕ ਜਹਾਜ਼ (ਕਾਮਾਗਾਟਾਮਾਰੂ ) ਨੂੰ ਕੈਨੇਡਾ ਤੋਂ ਵਾਪਿਸ ਮੋੜਨ ਦੀ ਘਟਨਾ ਦਾ ਡੂੰਘਾ ਅਸਰ ਪਿਆ ਸੀ। 23 ਮਈ 1914 ਨੂੰ ਬਾਬਾ ਗੁਰਦਿੱਤ ਸਿੰਘ ਸਰਹਾਲੀ ਦੀ ਅਗਵਾਈ ‘ਚ ‘ਗੁਰੂ ਨਾਨਕ ਜਹਾਜ਼’ ਜਿਸਨੂੰ ਸਮੁੰਦਰੀ ਬੇੜੇ ਕਾਮਾਗਾਟਾਮਾਰੂ ਵਜੋਂ ਜਾਣਿਆ ਜਾਂਦਾ ਹੈ, ਦੇ ਵੈਨਕੂਵਰ ਪੁੱਜਣ ‘ਤੇ ਕੈਨੇਡਾ ਸਰਕਾਰ ਨੇ ਉਸ ਦੇ ਮੁਸਾਫਰਾਂ ਨੂੰ ਕੈਨੇਡਾ ਦਾਖਿਲ ਹੋਣ ਤੋਂ ਰੋਕ ਦਿੱਤਾ। ਭਾਈ ਮੇਵਾ ਸਿੰਘ ਸਮੇਤ ਉੱਤਰੀ ਅਮਰੀਕਾ ‘ਚ ਵਸਦੇ ਸਾਰੇ ਗਦਰੀ ਯੋਧਿਆਂ ਅੰਦਰ, ਇਸ ਘਟਨਾ ਨੇ ਰੋਸ ਦੀ ਲਹਿਰ ਪੈਦਾ ਕਰ ਦਿੱਤੀ। 6 ਜੁਲਾਈ ਨੂੰ ਬੀ.ਸੀ. ਅਪੀਲ ਕੋਰਟ ਨੇ ਜਹਾਜ਼ ਦੇ ਸਵਾਰਾਂ ਖਿਲਾਫ਼ ਫੈਸਲਾ ਸੁਣਾ ਕੇ, ਉਨਾਂ ਨੂੰ ਵਾਪਿਸ ਮੋੜਨ ਦਾ ਰਾਹ ਪੱਧਰਾ ਕਰ ਦਿੱਤਾ। ਅਜਿਹੀ ਸਥਿਤੀ ਵਿੱਚ ਗਦਰੀ ਬਾਬਿਆਂ ਨੇ ਫੈਸਲਾ ਕੀਤਾ ਕਿ ਕਾਮਾਗਾਟਾਮਾਰੂ ਦੇ ਵਾਪਿਸ ਜਾਣ ਤੋਂ ਪਹਿਲਾਂ ਇਸ ਦੇ ਸਵਾਰਾਂ ਰਾਹੀਂ, ਭਾਰਤ ਅੰਦਰ ਗਦਰ ਲਹਿਰ ਦੇ ਸਾਹਿਤ ਤੋਂ ਇਲਾਵਾ ਹਥਿਆਰ ਵੀ ਭੇਜੇ ਜਾਣ ਦਾ ਯਤਨ ਕੀਤਾ ਜਾਵੇ। ਇਸ ਮਕਸਦ ਲਈ ਵੈਨਕੂਵਰ ਦੇ ਆਗੂ ਭਾਈ ਭਾਗ ਸਿੰਘ, ਭਾਈ ਬਲਵੰਤ ਸਿੰਘ, ਭਾਈ ਹਰਨਾਮ ਸਿੰਘ ਕਾਹਰੀ ਸਾਹਰੀ ਸਮੇਤ ਭਾਈ ਮੇਵਾ ਸਿੰਘ ਕੈਨੇਡਾ ਦੀ ਸਰਹੱਦ ਪਾਰ ਕਰਕੇ ਅਮਰੀਕਾ ‘ਚ ਦਾਖਿਲ ਹੋਏ, ਜਿਥੋਂ ਹਥਿਆਰ ਖਰੀਦ ਕੇ ਅਗਲੇ ਦਿਨ ਵਾਪਿਸ ਪਰਤੇ। ਕੈਨੇਡਾ ਦੇ ਸ਼ਹਿਰ ਐਬਟਸਫੋਰਡ ‘ਚ ਸੂਮਸ ਬਾਰਡਰ ਨੇੜਲੀਆਂ ਝਾੜੀਆਂ ਰਾਹੀਂ ਦਾਖਿਲ ਹੁੰਦਿਆਂ, ਭਾਈ ਮੇਵਾ ਸਿੰਘ ਵੀ ਬਾਕੀ ਗਦਰੀ ਆਗੂਆਂ ਸਮੇਤ ਹਥਿਆਰਾਂ ਸਣੇ ਗ੍ਰਿਫ਼ਤਾਰ ਕਰ ਲਏ ਗਏ।
ਹਿੰਦ ਸਰਕਾਰ ਦੇ ਸੂਹੀਏ ਵਿਲੀਅਮ ਹਾਪਕਿਨਸਨ ਅਤੇ ਇੰਮੀਗ੍ਰੇਸ਼ਨ ਅਧਿਕਾਰੀ ਮੈਕਲਮ ਹੀਡ ਨੇ, ਭਾਈ ਮੇਵਾ ਸਿੰਘ ਲੋਪੋਕੇ ਨੂੰ ਕਈ ਤਰਾਂ ਦੀ ਸਜ਼ਾ ਦੇ ਡਰਾਵੇ ਤੇ ਰਿਹਾਈ ਦੇ ਲਾਲਚ ਦੇ ਕੇ ਹੋਰਨਾਂ ਗਦਰੀ ਯੋਧਿਆਂ ਖਿਲਾਫ਼ ਬਿਆਨ ਦੇਣ ਲਈ ਧਮਕਾਇਆ, ਪਰੰਤੂ ਭਾਈ ਮੇਵਾ ਸਿੰਘ ਨੇ ਝੂਠੀ ਗਵਾਹੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਮਗਰੋਂ 7 ਅਗਸਤ ਨੂੰ ਉਨਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਹੀ 23 ਜੁਲਾਈ ਨੂੰ ਕਾਮਾਗਾਟਾਮਾਰੂ ਜਹਾਜ਼ ਵੈਨਕੂਵਰ ਦੀ ਬੰਦਰਗਾਹ ਤੋਂ ਮੋੜ ਦਿੱਤਾ ਗਿਆ ਸੀ, ਜਿਸ ਕਰਕੇ ਗਦਰੀ ਯੋਧਿਆਂ ਅੰਦਰ ਬ੍ਰਿਟਿਸ਼ ਸਾਮਰਾਜ ਖਿਲਾਫ਼ ਵਿਰੋਧ ਸਿਖਰਾਂ ‘ਤੇ ਸੀ। ਪਹਿਲਾ ਵਿਸ਼ਵ ਯੁੱਧ ਸ਼ੁਰੂ ਹੁੰਦਿਆਂ ਸਾਰ ਕੈਨੇਡਾ ਤੇ ਅਮਰੀਕਾ ਦੇ ਬਹੁਤ ਸਾਰੇ ਗਦਰੀ ਬਾਬੇ, ਭਾਰਤ ਨੂੰ ਆਜ਼ਾਦ ਕਰਾਉਣ ਲਈ ਰਵਾਨਾ ਹੋਣ ਲੱਗੇ, ਤਾਂ ਇੱਕ ਸਰਕਾਰੀ ਪਿੱਠੂ ਤੇ ਕੌਮੀ ਗੱਦਾਰ ਬੇਲੇ ਜਿਆਣ ਨੇ ਹਾਪਕਿਨਸਨ ਦੀ ਸ਼ਹਿ ‘ਤੇ ਵਹਿਸ਼ੀਆਨਾ ਕਾਰਵਾਈ ਕਰਦਿਆਂ, 5 ਸਤੰਬਰ 1914 ਨੂੰ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਗੋਲੀਆਂ ਚਲਾ ਦਿੱਤੀਆਂ। ਦੀਵਾਨ ਹਾਲ ਅੰਦਰ ਅਰਦਾਸ ਮੌਕੇ ਸੁਸਾਇਟੀ ਦੇ ਪ੍ਰਧਾਨ ਭਾਈ ਭਾਗ ਸਿੰਘ ਅਤੇ ਉਨਾਂ ਨੂੰ ਬਚਾਉਂਦਿਆਂ ਭਾਈ ਬਤਨ ਸਿੰਘ ਸ਼ਹੀਦੀਆਂ ਪਾ ਗਏ। ਗੁਰਦੁਆਰੇ ਅੰਦਰ ਮੌਜੂਦ ਸੰਗਤ ਵਿਚੋਂ ਕਈ ਹੋਰ ਵਿਅਕਤੀ ਜ਼ਖਮੀ ਵੀ ਹੋਏ। ਇਹ ਘਟਨਾ ਕੈਨੇਡਾ ਦੇ ਸਿੱਖ ਇਤਿਹਾਸ ਦਾ ਸਭ ਤੋਂ ਦਰਦਨਾਕ ਪੰਨਾ ਸੀ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਆਗੂਆਂ ਨੂੰ ਸ਼ਹੀਦ ਕੀਤਾ ਗਿਆ ਹੋਵੇ। ਨੌਜਵਾਨ ਭਾਈ ਮੇਵਾ ਸਿੰਘ ਉਸ ਵੇਲੇ ਸੰਗਤਾਂ ਵਿੱਚ ਮੌਜੂਦ ਸਨ, ਜਿਨਾਂ ਦੇ ਹਿਰਦੇ ਨੂੰ ਇਸ ਘਟਨਾ ਨੇ ਵਲੂੰਧਰ ਦਿੱਤਾ। ਭਾਈ ਮੇਵਾ ਸਿੰਘ ਲੋਪੋਕੇ ਦੀ ਨਜ਼ਰ ‘ਚ ਇਸ ਦੁਖਾਂਤ ਲਈ ਹਾਪਕਿਨਸਨ ਤੇ ਰੀਡ ਮੁੱਖ ਦੋਸ਼ੀ ਸਨ, ਜਿਨਾਂ ਵਲੋਂ ਇਹ ਸਾਰਾ ਕਾਰਾ ਕਰਵਾਇਆ ਗਿਆ, ਜਿਵੇਂ ਕੁਝ ਵਰਿਆਂ ਬਾਅਦ ਸੰਨ 1919 ‘ਚ ਅੰਮ੍ਰਿਤਸਰ ਦੇ ਜਲਿਆਂ ਵਾਲਾ ਬਾਗ਼ ‘ਚ ਸ਼ਾਂਤਮਈ ਇਕੱਠ ਤੇ ਗੋਲ਼ੀਆਂ ਚਲਦਿਆਂ ਬੇਕਸੂਰ ਸੈਂਕੜੇ ਲੋਕਾਂ ਦੀ ਸ਼ਹੀਦੀ ਮਗਰੋਂ ਊਧਮ ਸਿੰਘ ਦਾ ਖ਼ੂਨ ਖੌਲ ਉਠਿਆ ਸੀ ਤੇ ਉਸਨੇ ਖੂਨੀ ਸਾਕੇ ਲਈ ਜਨਰਲ ਡਾਇਰ ਤੇ ਮਾਈਕਲ ਉਡਵਾਇਰ ਨੂੰ ਦੋਸ਼ੀ ਮੰਨਦਿਆਂ ਸੋਧਣ ਦੀ ਸਹੁੰ ਖਾਈ ਸੀ। ਝੋਲੀ ਚੁੱਕ ਤੇ ਗ਼ੱਦਾਰ ਬੇਲਾ ਜਿਆਣ ਖਿਲਾਫ਼, ਵੈਨਕੂਵਰ ਦੀ ਸੂਬਾਈ ਅਦਾਲਤ ਵਿੱਚ, ਗੁਰਦੁਆਰੇ ਅੰਦਰ ਗੋਲੀ ਚਲਾ ਕੇ ਸਿੰਘਾਂ ਨੂੰ ਸ਼ਹੀਦ ਕਰਨ ਦਾ ਮੁਕੱਦਮਾ ਚੱਲ ਰਿਹਾ ਸੀ, ਜਿਸ ਵਿੱਚ ਵਿਲੀਅਮ ਹਾਪਕਿਨਸਨ ਗਵਾਹੀ ਦੇਣ ਲਈ ਅਦਾਲਤ ਵਿੱਚ ਪੁੱਜਿਆ। ਅਜੇ ਉਹ ਬਰਾਂਡੇ ਵਿੱਚ ਹੀ ਸੀ, ਜਦੋਂ ਭਾਈ ਮੇਵਾ ਸਿੰਘ ਨੇ ਉਸ ਨੂੰ ਦਬੋਚ ਲਿਆ ਤੇ ਆਪਣੇ ਪਿਸਤੌਲ ਅਤੇ ਰਿਵਾਲਵਰ ਦੋਹਾਂ ਹੱਥਾਂ ‘ਚ ਵਾਰੀ -ਵਾਰੀ ਲੈ ਕੇ, ਗੋਲੀਆਂ ਦਾਗ਼ ਦਿੱਤੀਆਂ।
ਹਿੰਦ ਸਰਕਾਰ ਦਾ ਸੂਹੀਆ ਵਿਲੀਅਮ ਚਾਰਲਸ ਹਾਪਕਿਨਸਨ ਮੌਕੇ ‘ਤੇ ਹੀ ਮਾਰਿਆ ਗਿਆ ਤੇ ਭਾਈ ਸਾਹਿਬ ਨੇ ਖ਼ੁਦ ਨੂੰ ਹਥਿਆਰਾਂ ਸਮੇਤ ਪੁਲਿਸ ਹਵਾਲੇ ਕਰ ਦਿੱਤਾ। 30 ਅਕਤੂਬਰ ਨੂੰ ਭਾਈ ਮੇਵਾ ਸਿੰਘ ਤੇ ਮੁਕੱਦਮੇ ਦੀ ਸੁਣਵਾਈ ਲਈ, ਬੀ.ਸੀ. ਸੁਪਰੀਮ ਕੋਰਟ ਦੇ ਜੱਜ ਮਿਸਟਰ ਆਈਲੇ ਮੌਰੀਸਨ ਵਲੋਂ 12 ਮੈਂਬਰੀ ਜਿਊਰੀ ਚੁਣੀ ਗਈ। ਬਚਾਉ ਪੱਖ ਦੇ ਵਕੀਲ ਮਿਸਟਰ ਵੁੱਡ ਅਤੇ ਸਰਕਾਰੀ ਵਕੀਲ ਮਿਸਟਰ ਟੇਲਰ ਸਨ। ਅਦਾਲਤ ‘ਚ ਇੱਕ ਹਜ਼ਾਰ ਦੇ ਕਰੀਬ ਲੋਕ ਹਾਜ਼ਰ ਸਨ, ਜਿਨਾਂ ‘ਚੋਂ ਚਾਰ ਕੁ ਹੀ ਭਾਰਤੀ ਸਨ। ਇਸ ਮੌਕੇ ‘ਤੇ ਭਾਈ ਮੇਵਾ ਸਿੰਘ ਨੇ ਜੋ ਬਿਆਨ ਦਿੱਤੇ, ਉਹ ਬਹਾਦਰੀ ਨੇ ਨਿਡੱਰਤਾ ਪੱਖੋਂ ਖਾਸ ਅਹਿਮੀਅਤ ਰੱਖਦੇ ਸਨ। ਅਦਾਲਤ ਅਨੁਵਾਦਕ ਡਾਲਟਨ ਵਲੋਂ, ਭਾਈ ਸਾਹਿਬ ਦੇ ਬਿਆਨ ਜੱਜ ਅੱਗੇ ਰੱਖੇ ਗਏ, ਜਿਨਾਂ ਨੂੰ ਇਤਿਹਾਸਕਾਰ ਸੋਹਣ ਸਿੰਘ ਪੂਨੀ ਨੇ ਪੰਜਾਬੀ ਵਿੱਚ ਇਉਂ ਲਿਖਿਆ ਹੈ: ”ਮੇਰਾ ਨਾਂ ਮੇਵਾ ਸਿੰਘ ਹੈ, ਮੈਂ ਰੱਬ ਤੋਂ ਡਰਨ ਵਾਲਾ ਬੰਦਾ ਹਾਂ, ਜੋ ਹਰ ਰੋਜ਼ ਅਰਦਾਸ ਕਰਦਾ ਹਾਂ। ਮੇਰੀ ਜ਼ਬਾਨ ਵਿੱਚ ਐਸੇ ਸ਼ਬਦ ਨਹੀਂ, ਜੋ ਬਿਆਨ ਕਰ ਸਕਣ ਕਿ ਵੈਨਕੂਵਰ ਵਿੱਚ ਮੈਨੂੰ ਕਿਹੜੇ-ਕਿਹੜੇ ਦੁੱਖ, ਮੁਸੀਬਤਾਂ ਅਤੇ ਪ੍ਰੇਸ਼ਾਨੀਆਂ ਝੱਲਣੀਆਂ ਪਈਆਂ ਹਨ… ਅਸੀਂ ਸਿੱਖ ਗੁਰਦੁਆਰੇ ‘ਚ ਅਰਦਾਸ ਕਰਨ ਜਾਂਦੇ ਹਾਂ ਪਰ ਇਨਾਂ ਪਾਪੀਆਂ ਨੇ ਗੁਰੁਦਆਰੇ ‘ਚ ਗੋਲੀ ਚਲਾ ਕੇ ਅਤੇ ਭਾਈ ਭਾਗ ਸਿੰਘ ਦਾ ਕਤਲ ਕਰਕੇ, ਗੁਰਦੁਆਰੇ ਦੀ ਪਵਿੱਤਰਤਾ ਭੰਗ ਕੀਤੀ ਹੈ। ਇਨਾਂ ਪਾਪੀਆਂ ਨੇ ਦੋ ਮਾਸੂਮ ਬੱਚਿਆਂ ਨੂੰ ਯਤੀਮ ਬਣਾਇਆ ਹੈ। ਦੁਸ਼ਟਾਂ ਵਲੋਂ ਗੁਰਦੁਆਰੇ ‘ਚ ਕੀਤੇ ਇਨਾਂ ਕਾਰਿਆਂ ਨੇ ਮੇਰੇ ਸੀਨੇ ‘ਚ ਅੱਗ ਲਾ ਦਿੱਤੀ ਹੈ। ਇਹ ਸਭ ਕਾਸੇ ਲਈ ਮਿਸਟਰ ਰੀਡ ਅਤੇ ਮਿਸਟਰ ਹਾਪਕਿਨਸਨ ਜ਼ਿੰਮੇਵਾਰ ਹਨ।
”ਮੈਂ ਆਪਣੇ ਭਾਈਚਾਰੇ ਅਤੇ ਆਪਣੇ ਧਰਮ ਦੀ ਅਣਖ ਅਤੇ ਇੱਜ਼ਤ ਲਈ, ਹਾਪਕਿਨਸਨ ਦਾ ਕਤਲ ਕੀਤਾ ਹੈ। ਮੈਂ ਇਹ ਸਭ ਕੁਝ ਬਰਦਾਸ਼ਤ ਨਹੀਂ ਸੀ ਕਰ ਸਕਦਾ। ਜੱਜ ਸਾਹਿਬ, ਜੇ ਇਹ ਸਭ ਕੁਝ ਤੁਹਾਡੇ ਚਰਚ ਵਿੱਚ ਹੋਇਆ ਹੁੰਦਾ, ਤਾਂ ਤੁਸੀਂ ਈਸਾਈਆਂ ਨੇ ਵੀ ਬਰਦਾਸ਼ਤ ਨਹੀਂ ਸੀ ਕਰਨਾ, ਕਿਉਂਕਿ ਅਜਿਹਾ ਕਰਨ ਨਾਲ ਤੁਸੀਂ ਆਪਣੇ ਆਪ ਨੂੰ ਮੁਰਦਾ ਕੌਮ ਸਮਝਣਾ ਸੀ। ਕਿਸੇ ਸਿੱਖ ਲਈ ਵੀ ਗੁਰਦੁਆਰੇ ‘ਚ ਇਹ ਸਭ ਕੁਝ ਹੁੰਦਾ ਵੇਖਣ ਨਾਲੋਂ, ਮਰ ਜਾਣਾ ਚੰਗਾ ਹੈ। ਮੈਨੂੰ ਕਿਸੇ ਇਨਸਾਫ਼ ਦੀ ਆਸ ਨਹੀਂ। ਮੈਨੂੰ ਪਤਾ ਹੈ ਕਿ ਮੈ ਹਾਪਕਿਨਸਨ ਨੂੰ ਗੋਲ਼ੀ ਮਾਰੀ ਹੈ ਅਤੇ ਇਸ ਵਾਸਤੇ ਮੈਨੂੰ ਮਰਨਾ ਪਵੇਗਾ। ਮੈ ਇਹ ਬਿਆਨ ਇਸ ਕਰਕੇ ਦੇ ਰਿਹਾ ਹਾਂ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਾਡੇ ਨਾਲ ਕੀ ਵਰਤਾਉ ਹੁੰਦਾ ਰਿਹਾ ਹੈ। ਸਾਨੂੰ ਜੱਜਾਂ ਕੋਲੋਂ, ਪੁਲਿਸ ਕੋਲੋਂ ਜਾਂ ਕਿਸੇ ਹੋਰ ਕੋਲੋਂ ਕਦੀ ਇਨਸਾਫ਼ ਨਹੀਂ ਮਿਲਿਆ ਅਤੇ ਮੈਂ ਆਪਣੀ ਜਾਨ ਇਸੇ ਕਰਕੇ ਦੇ ਰਿਹਾ ਹਾਂ, ਤਾਂ ਜੋ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗ ਸਕੇ…।” ਭਾਈ ਮੇਵਾ ਸਿੰਘ ਦਾ ਵੈਨਕੂਵਰ ਦੀ ਅਦਾਲਤ ਵਿੱਚ ਦਿੱਤਾ ਬਿਆਨ ਇਤਿਹਾਸਕ ਦਸਤਾਵੇਜ਼ ਹੈ, ਜਿਸ ‘ਚ ਉਨਾਂ ਪਰਵਾਸੀਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਹੁੰਦੇ ਵਰਤਾਉ ਦੀ ਦਿਲਕੰਬਾਊ ਤਸਵੀਰ ਪੇਸ਼ ਕੀਤੀ ਹੈ।
ਆਪਣੇ ਸ਼ਬਦਾਂ ‘ਚ ਕਤਲ ਦੀ ਜ਼ਿੰਮੇਵਾਰੀ ਕਬੂਲਣ ਮਗਰੋਂ ਅਦਾਲਤ ਨੇ ਸਿਰਫ਼ ਇੱਕ ਘੰਟਾ ਚਾਲੀ ਮਿੰਟ ‘ਚ ਫੈਸਲਾ ਕਰਦਿਆਂ ਭਾਈ ਸਾਹਿਬ ਲਈ ਸਜ਼ਾ-ਏ-ਮੌਤ ਸੁਣਾ ਦਿੱਤੀ। 11 ਜਨਵਰੀ 1915 ਈ. ਨੂੰ ਨਿਊਵੈਸਟ ਮਿਨਿਸਟ ਦੀ ਪ੍ਰੋਵਿੰਸ਼ਿਅਲ ਜੇਲ ਵਿੱਚ ਸਵੇਰੇ ਪੌਣੇ ਅੱਠ ਵਜੇ ਭਾਈ ਮੇਵਾ ਸਿੰਘ ਗੁਰਬਾਣੀ ਦਾ ਸ਼ਬਦ ”ਹਰਿ ਜਗੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੋਰੋ” ਗਾਇਨ ਕਰਦਿਆਂ, ਹੱਸਦੇ-ਹੱਸਦੇ ਫਾਂਸੀ ਚੜ ਗਏ। ਜੇਲ ਬਾਹਰ ਹਾਜ਼ਰ ਚਾਰ ਸੌ ਦੇ ਕਰੀਬ ਲੋਕ ਵੈਰਾਗ ‘ਚ ‘ਸ਼ਹੀਦ ਮੇਵਾ ਸਿੰਘ ਅਮਰ ਰਹੇ’ ਦੇ ਨਾਅਰੇ ਲਾ ਕੇ ਧਰਮੀ ਯੋਧੇ ਦੀ ਜੈ ਜੈ ਕਾਰ ਕਰ ਰਹੇ ਸਨ।
ਕੈਨੇਡਾ ਦੇ ਇਤਿਹਾਸ ਵਿੱਚ ਚਿੱਟੇ ਨਸਲਵਾਦ ਦੇ ਖ਼ਾਤਮੇ ਦੀ ਇਹ ਗੌਰਵਮਈ ਗਾਥਾ ਸਾਡਾ ਸ਼ਾਨਾਮੱਤਾ ਇਤਿਹਾਸ ਹੈ। ਇਸ ਦਿਨ ਨੂੰ ਕੈਨੇਡਾ ਦੇ ਬਹੁ -ਸਭਿਆਚਾਰਕ ਢਾਂਚੇ ਦੇ ਮੁੱਢ ਬੱਝਣ ਬੰਨਣ ਵਜੋਂ ਚੇਤੇ ਕਰਨਾ ਚਾਹੀਦਾ ਹੈ। ਨਿਊ ਵੈਸਟਮਿਨਸਟਰ ਸ਼ਹਿਰ ਦੇ ਸਿਟੀ ਕੌਂਸਲਰ ਚੱਕ ਪਿੱਕਮਾਇਰ ਨੇ ਭਾਈ ਮੇਵਾ ਸਿੰਘ ਲੋਪੋਕੇ ਦੇ ਇਤਿਹਾਸ ਨੂੰ ਵਿਚਾਰਨ ਮਗਰੋਂ, ਸਿਟੀ ਕੌਂਸਲ ਵਿਚ 2020 ਨੂੰ ਮਤਾ ਲਿਆਂਦਾ ਸੀ ਅਤੇ ‘ਸ਼ਹੀਦ ਮੇਵਾ ਸਿੰਘ ਲੋਪੋਕੇ ਦਿਹਾੜੇ’ ਵਜੋਂ ਪ੍ਰੋਕਲੇਮੇਸ਼ਨ ਜਾਰੀ ਕਰਵਾਇਆ ਸੀ। ਇਸ ਸ਼ਹਿਰ ਵਿਚ ਹੀ ਭਾਈ ਸਾਹਿਬ ਨੂੰ ਫਾਂਸੀ ਦਿੱਤੀ ਗਈ ਸੀ।
ਹੁਣ ਸਾਡੇ ਸੂਬਾਈ ਅਤੇ ਫੈਡਰਲ ਪੱਧਰ ਦੇ ਦੇਸੀ ਸਿਆਸਤਦਾਨਾਂ ਦਾ ਫ਼ਰਜ਼ ਬਣਦਾ ਹੈ ਕਿ ਭਾਈ ਮੇਵਾ ਸਿੰਘ ਦੀ ਸ਼ਹਾਦਤ ਦੇ ਸਹੀ ਅਰਥਾਂ ਨੂੰ ਵਿਚਾਰਨ ਅਤੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਨੂੰ ਕੈਨੇਡਾ ਵਿਚ ਮਲਟੀ-ਕਲਚਰਲਿਜ਼ਮ ਸਥਾਪਤ ਕਰਨ ਵਾਲੀ ਸ਼ਖ਼ਸੀਅਤ ਵਜੋਂ ਸਨਮਾਨ ਦਿੱਤਾ ਜਾਏ। 21 ਅਕਤੂਬਰ ਦੇ ਇਤਿਹਾਸ ਨੂੰ ਗੰਭੀਰਤਾ ਨਾਲ ਵਿਚਾਰ ਕੇ, ਇਸ ਦਿਨ ‘ਤੇ ਫ਼ਖ਼ਰ ਮਹਿਸੂਸ ਕਰੀਏ ਕਿ ਮਹਾਨ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਸਿਆਸੀ ਉਦੇਸ਼ ਹਿਤ, ਕੈਨੇਡਾ ਵਿੱਚੋਂ ਚਿੱਟੇ ਨਸਲਵਾਦ ਦਾ ਅੰਤ ਕਰਨ ਲਈ ਵਿਲੀਅਮ ਹਾਪਕਿਨਸਨ ਨੂੰ ਸੋਧ ਕੇ, ਕੈਨੇਡੀਅਨ ਬਹੁ-ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਹੈ।
ਕੋਆਰਡੀਨੇਟਰ, ਪੰਜਾਬੀ ਸਾਹਿਤ ਸਭਾ ਮੁੱਢਲੀ (ਰਜਿ.), ਐਬਟਸਫੋਰਡ,ਕੈਨੇਡਾ।
[email protected]

 

RELATED ARTICLES
POPULAR POSTS