ਅੰਦੋਲਨ ਕਰਨਾ ਕਿਸਾਨਾਂ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ : ਅਦਾਲਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਏ ਜਾ ਰਹੇ ਧਰਨਿਆਂ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਧਿਆਨ ਰਹੇ ਕਿ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ 11 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਲਗਾ ਕੇ ਬੈਠੇ ਹੋਏ ਹਨ। ਇਸੇ ਤਰ੍ਹਾਂ ਪੰਜਾਬ ਵਿਚ ਕਈ ਥਾਈਂ ਖੇਤੀ ਕਾਨੂੰਨਾਂ ਖਿਲਾਫ ਧਰਨੇ ਚੱਲ ਰਹੇ ਹਨ। ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਰੋਕ ਨਹੀਂ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਆਖਰਕਾਰ ਕੋਈ ਨਾ ਕੋਈ ਹੱਲ ਲੱਭਣਾ ਹੀ ਪਵੇਗਾ। ਅੰਦੋਲਨਕਾਰੀਆਂ ਨੂੰ ਦਿੱਲੀ ਸਰਹੱਦਾਂ ਤੋਂ ਹਟਾਉਣ ਸਬੰਧੀ ਪਾਈ ਪਟੀਸ਼ਨ ‘ਤੇ ਜਵਾਬ ਦੇਣ ਲਈ ਕਿਸਾਨ ਯੂਨੀਅਨਾਂ ਨੂੰ ਤਿੰਨ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਨ। ਧਿਆਨ ਰਹੇ ਕਿ ਹੁਣ ਇਸ ਮਾਮਲੇ ਦੀ ਸੁਣਵਾਈ 7 ਦਸੰਬਰ ਨੂੰ ਹੋਵੇਗੀ।