Breaking News
Home / ਪੰਜਾਬ / ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੀ ਸਹਿਮਤੀ ਤੋਂ ਬਾਅਦ ਹੀ ਬੀਐੱਸਐੱਫ ਨੂੰ ਦਿੱਤੀਆਂ ਵਾਧੂ ਤਾਕਤਾਂ : ਸੁਖਬੀਰ

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੀ ਸਹਿਮਤੀ ਤੋਂ ਬਾਅਦ ਹੀ ਬੀਐੱਸਐੱਫ ਨੂੰ ਦਿੱਤੀਆਂ ਵਾਧੂ ਤਾਕਤਾਂ : ਸੁਖਬੀਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਰੋਪ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੀ ਸਹਿਮਤੀ ਤੋਂ ਬਾਅਦ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਇਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਇਸ ਤਜਵੀਜ਼ ਲਈ ਸਹਿਮਤੀ ਕਿਉਂ ਦਿੱਤੀ। ਉਹ ਅੰਮ੍ਰਿਤਸਰ ‘ਚ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਇਤਿਹਾਸਕ ਰਾਮ ਤੀਰਥ ਮੰਦਰ ਵਿਖੇ ਨਤਸਮਤਕ ਹੋਣ ਲਈ ਪਹੁੰਚੇ ਸਨ।
ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਚਾਈ ਹੈ ਕਿ ਮੁੱਖ ਮੰਤਰੀ 5 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇ ਜਿਸ ਮਗਰੋਂ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦਾ ਫ਼ੈਸਲਾ ਹੋਇਆ ਹੈ। ਇਸ ਫੈਸਲੇ ਤਹਿਤ ਸੂਬੇ ਦੇ 10 ਤੋਂ ਜ਼ਿਆਦਾ ਜ਼ਿਲ੍ਹਿਆਂ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧ ਗਿਆ ਹੈ। ਉਨ੍ਹਾਂ ਨੂੰ ਤਲਾਸ਼ੀ ਲੈਣ, ਬਰਾਮਦਗੀ ਅਤੇ ਗ੍ਰਿਫਤਾਰੀਆਂ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਮੁੱਖ ਮੰਤਰੀ ਨੇ ਹੁਣ ਤੱਕ ਕਿਸੇ ਠੋਸ ਕਾਰਵਾਈ ਨਾਲ ਇਸ ਫੈਸਲੇ ਪ੍ਰਤੀ ਕੋਈ ਪ੍ਰਤੀਕਰਮ ਨਹੀਂ ਦਿੱਤਾ।
ਇਸ ਤੋਂ ਪਹਿਲਾਂ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਸਰਕਾਰ ਬਣਨ ‘ਤੇ ਦੋਆਬਾ ਇਲਾਕੇ ਵਿੱਚ ਭਗਵਾਨ ਵਾਲਮੀਕ ਦੇ ਨਾਂ ‘ਤੇ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਇਹ ਯੂਨੀਵਰਸਿਟੀ ਪਹਿਲਾਂ ਐਲਾਨੀ ਡਾ. ਬੀ ਆਰ ਅੰਬੇਡਕਰ ਯੂਨੀਵਰਸਿਟੀ ਤੋਂ ਵੱਖਰੀ ਹੋਵੇਗੀ। ਉਨ੍ਹਾਂ ਨੇ ਵਿਰਾਸਤੀ ਥਾਵਾਂ ਤੇ ਅਹਿਮ ਧਾਰਮਿਕ ਸਥਾਨਾਂ ਦੇ ਰੱਖ ਰਖਾਅ ਵਾਸਤੇ ਵਿਸ਼ੇਸ਼ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਆਪਣੀਆਂ ਹੋਰ ਭਵਿੱਖ ਦੀਆਂ ਯੋਜਨਾਵਾਂ ਦਾ ਵੀ ਖੁਲਾਸਾ ਕੀਤਾ।

 

 

Check Also

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ …