ਪਟਿਆਲਾ : ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ ਭਰ ਤੋਂ ਅੰਦੋਲਨ ਚਲਾ ਰਹੇ ‘ਸੰਯੁਕਤ ਕਿਸਾਨ ਮੋਰਚੇ’ ਦੀ ਲੀਗਲ ਟੀਮ ਦੇ ਮੈਂਬਰ ਐਡਵੋਕੇਟ ਪ੍ਰਭਜੀਤਪਾਲ ਸਿੰਘ ਵੱਲੋਂ ਲੋਕਾਂ ਨੂੰ ਖੇਤੀ ਕਾਨੂੰਨਾਂ, ਕਿਸਾਨ ਅੰਦੋਲਨ, ਖੇਤੀਬਾੜੀ, ਕਿਸਾਨਾਂ-ਮਜ਼ਦੂਰਾਂ ਸਣੇ ਹੋਰ ਮਿਹਨਤਕਸ਼ ਲੋਕਾਂ ਦੀ ਬਿਹਤਰੀ ਸਬੰਧੀ ਪ੍ਰੋਗਰਾਮਾਂ ਦੇ ਪ੍ਰਚਾਰ ਲਈ ਬਣਾਈ ਵੈੱਬਸਾਈਟ ਦਾ ਉਦਘਾਟਨ ਗੁਰਨਾਮ ਸਿੰਘ ਚਡੂਨੀ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਭਜੀਤਪਾਲ ਸਿੰਘ ਨੇ ਦੱਸਿਆ ਕਿ ਇਸ ਵੈੱਬਸਾਈਟ ਰਾਹੀਂ ਲੋਕਾਂ ਨੂੰ ਕਿਸਾਨ ਅੰਦੋਲਨ ‘ਚ ਸ਼ਿਰਕਤ ਕਰਨ ਸਣੇ ਲੋਕ ਹੱਕਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਸੰਯੁਕਤ ਮੋਰਚੇ ਦਾ ਭਾਵੇਂ ਚੋਣਾਂ ਲੜਨ ਦਾ ਕੋਈ ਪ੍ਰੋਗਰਾਮ ਨਹੀਂ ਹੈ, ਪਰ ਕਿਸਾਨ ਯੂਨੀਅਨ ਚਡੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਤੇ ਟੀਮ ਨੇ ਸੂਬੇ ਅੰਦਰ 2022 ਵਿਚ ਹੋਣ ਵਾਲੀਆਂ ਵਿਧਾਨ ਚੋਣਾਂ ਦੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ। ਚਡੂਨੀ ਨੇ ਕਿਹਾ ਉਹ ਖ਼ੁਦ ਪੰਜਾਬ ਤੋਂ ਚੋਣ ਨਹੀਂ ਲੜਨਗੇ ਪਰ ਪੰਜਾਬ ਦੇ ਕਿਸਾਨਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਜਾਵੇਗਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਚੋਣ ਗੱਠਜੋੜ ਨਹੀਂ ਕੀਤਾ ਜਾਵੇਗਾ। ਮੁੱਢਲੀਆਂ ਸਰਗਰਮੀਆਂ ਤੋਂ ਝਲਕ ਪੈਣ ਲੱਗੀ ਹੈ ਕਿ ਉਹ ਚੋਣਾਂ ਲਈ ਕੋਈ ਵੱਖਰਾ ਪਲੈਟਫਾਰਮ ਬਣਾਉਣਗੇ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਇਹ ਸੰਯੁਕਤ ਕਿਸਾਨ ਮੋਰਚੇ ਦਾ ਨਹੀਂ, ਬਲਕਿ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ। ਕਿਸਾਨ ਮੰਚ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਸਰਕਾਰ ਕਿਸਾਨ ਮੋਰਚੇ ਨੂੰ ਤਾਰਪੀਡੋ ਕਰਨ ਲਈ ਹਰ ਹਰਬਾ ਵਰਤ ਰਹੀ ਹੈ।