ਕੇਜਰੀਵਾਲ ਨੇ ਕਿਹਾ, ਆਮ ਆਦਮੀ ਪਾਰਟੀ ਸਾਰਿਆਂ ਨੂੰ ਹਰਾਏਗੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਬਿਆਨ ਦੇ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਸੁਖਬੀਰ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਹੀ ਨਹੀਂ ਬਲਕਿ ਆਰ.ਐਸ.ਐਸ. ਨੇ ਵੀ ਕੈਪਟਨ ਅਮਰਿੰਦਰ ਦਾ ਸਹਿਯੋਗ ਕੀਤਾ। ਇਹੀ ਕਾਰਨ ਹੈ ਕਿ ਕੈਪਟਨ ਨੂੰ ਪੰਜਾਬ ’ਚ ਮੁੱਖ ਮੰਤਰੀ ਦੀ ਕੁਰਸੀ ਮਿਲੀ ਸੀ। ਇਸ ਤੋਂ ਬਾਅਦ ਹੁਣ ਕੈਪਟਨ ਭਾਜਪਾ ਨੂੰ ਫਾਇਦਾ ਪਹੁੰਚਾਉਣ ਵਿਚ ਜੁਟ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਚਰਨਜੀਤ ਸਿੰਘ ਚੰਨੀ ਵੀ ਭਾਜਪਾ ਦਾ ਸਾਥ ਦੇ ਰਹੇ ਹਨ ਕਿਉਂਕਿ ਅੱਧਾ ਪੰਜਾਬ ਬੀਐਸਐਫ ਦੇ ਜ਼ਰੀਏ ਕੇਂਦਰ ਨੂੰ ਸੌਂਪ ਦਿੱਤਾ ਗਿਆ ਹੈ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਭਾਜਪਾ ਅਤੇ ਆਰ.ਐਸ.ਐਸ. ਹੀ ਨਹੀਂ ਬਲਕਿ ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਕੈਪਟਨ ਦੀ ਸਰਕਾਰ ਬਣਾਈ ਸੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਪੰਜਾਬ ਵਿਚ ਸਾਰੀਆਂ ਸਿਆਸੀ ਪਾਰਟੀਆਂ ਅਤੇ ਨੇਤਾ ਮਿਲ ਕੇ ਆਮ ਆਦਮੀ ਪਾਰਟੀ ਦੇ ਖਿਲਾਫ ਲੜਦੇ ਹਨ ਅਤੇ ਇਸ ਵਾਰ ਵੀ ਅਜਿਹਾ ਹੀ ਹੋਵੇਗਾ। ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਸਾਰੀਆਂ ਪਾਰਟੀਆਂ ਨੂੰ ਹਰਾਏਗੀ ਅਤੇ ਪੰਜਾਬ ਸਰਕਾਰ ’ਚ ਸਰਕਾਰ ਬਣਾਏਗੀ।