ਮੁੱਖ ਮੰਤਰੀ ਵਲੋਂ ਕੈਪਟਨ ‘ਤੇ ਸੂਬੇ ਨੂੰ ਬਦਨਾਮ ਕਰਨ ਦੇ ਦੋਸ਼
ਖਡੂਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ‘ਆਪ’ ਦੀ ਅੰਦਰੂਨੀ ਖਾਨਾਜੰਗੀ ਨੇ ਪਾਰਟੀ ਦੇ ਆਗੂਆਂ ਦੀ ਸੱਤਾ ਪ੍ਰਤੀ ਲਾਲਸਾ ਨੂੰ ਜੱਗ-ਜ਼ਾਹਰ ਕਰ ਦਿੱਤਾ ਹੈ। ਇੱਥੇ ਤਰਨਤਾਰਨ ਜ਼ਿਲ੍ਹੇ ਵਿੱਚ ਬਾਬਾ ਬਕਾਲਾ ਵਿਧਾਨ ਸਭਾ ਹਲਕੇ ਦੇ 53 ਪਿੰਡਾਂ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੜੀ ਸ਼ਰਮਨਾਕ ਗੱਲ ਹੈ ਕਿ ‘ਆਪ’ ਦੇ ਸਿਰਮੌਰ ਨੇਤਾ ਇੱਕ-ਦੂਜੇ ‘ਤੇ ਟਿਕਟਾਂ ਦੀ ਖ਼ਰੀਦੋ-ਫਰੋਖਤ ਲਈ ਭ੍ਰਿਸ਼ਟਾਚਾਰ ਦੇ ਦੋਸ਼ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦਾ ਕੰਮ ਟਿਕਟਾਂ ਵੇਚਣਾ ਜਾਂ ਖ਼ਰੀਦਣਾ ਨਹੀਂ ਹੁੰਦਾ ਹੈ, ਸਗੋਂ ਲੋਕਾਂ ਦੀ ਸੇਵਾ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ‘ਆਪ’ ਦੀ ਖਾਨਾਜੰਗੀ ਵੇਖ ਰਿਹਾ ਹੈ ਤੇ ਇਸ ਖਾਨਾਜੰਗੀ ઠਨੇ ਪਾਰਟੀ ਨੂੰ ਲੀਰੋ-ਲੀਰ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਲਈ ਅਕਾਲੀ-ਭਾਜਪਾ ਗਠਜੋੜ ਦਾ ਕਿਸੇ ਨਾਲ ਮੁਕਾਬਲਾ ਨਹੀਂ ਹੈ ਅਤੇ ਗਠਜੋੜ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਅਜੇ ਸੀਟਾਂ ਸਬੰਧੀ ਕੋਈ ਬੈਠਕ ਨਹੀਂ ਹੋਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਰਥਿਕ ਸਥਿਤੀ ਬਹੁਤ ਮਜ਼ਬੂਤ ਹੈ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮੁੱਦੇ ‘ਤੇ ਸੂਬੇ ਨੂੰ ਬਦਨਾਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ‘ਤੇ ਹਜ਼ਾਰਾਂ ਕਰੋੜ ਰੁਪਏ ਖ਼ਰਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਪਿਛਲੇ 5 ਮਹੀਨਿਆਂ ਦੌਰਾਨ ਪਿੰਡ-ਪਿੰਡ ਸੰਗਤ ਦਰਸ਼ਨ ਕਰਕੇ ਇੰਨਾ ਪੈਸਾ ਵਿਕਾਸ ਲਈ ਵੰਡਿਆ ਹੈ ਜਿੰਨਾ ਕੈਪਟਨ ਨੇ ਆਪਣੇ ਕਾਰਜਕਾਲ ਦੇ ਪੰਜ ਸਾਲਾਂ ਦੌਰਾਨ ਨਹੀਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਦੀ ਮੁਆਫ਼ੀ ਸਬੰਧੀ ਕੈਪਟਨ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਕਿਉਂਕਿ ਸੂਬਾ ਸਰਕਾਰਾਂ ਬੈਂਕਾਂ ਵੱਲੋਂ ਦਿੱਤੇ ਕਰਜ਼ਿਆਂ ਦੇ ਮਾਮਲੇ ਵਿੱਚ ਕੁਝ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹੀ ਐਸਵਾਈਐਲ ਨਹਿਰ ਦੀ ਸਾਜ਼ਿਸ਼ ਰਚ ਕੇ ਪੰਜਾਬ ਦਾ ਪਾਣੀ ਖੋਹਣ ਦਾ ਯਤਨ ਕੀਤਾ ਸੀ।ਕਾਂਗਰਸ ਵਾਂਗ ‘ਆਪ’ ਵੀ ਪੰਜਾਬ ਵਿਰੋਧੀ ਸਟੈਂਡ ਲੈ ਕੇ ਪੰਜਾਬੀਆਂ ਦਾ ਘਾਣ ਕਰ ਰਹੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …