ਚੰਨੀ ਨੇ ਕਿਹਾ, ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ ’ਤੇ ਹੋਵੇਗੀ ਚਰਚਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ ਸੱਦਿਆ ਗਿਆ ਹੈ, ਜਿਸ ਵਿੱਚ ਕੇਂਦਰ ਸਰਕਾਰ ਵਲੋਂ ਲਿਆਂਦੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ। ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਚੰਨੀ ਨੇ ਕਿਹਾ ਕਿ ਕੇਂਦਰ ਨੂੰ ਬੀਐੱਸਐੱਫ ਬਾਰੇ ਕੀਤਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ। ਚੰਨੀ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿਚ ਪਟਾਕੇ ਵੇਚਣ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਪਟਾਕੇ ਵੇਚੇ ਹਨ, ਇਸ ਲਈ ਉਹ ਵਪਾਰੀਆਂ ਦੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਧਿਆਨ ਰਹੇ ਕਿ ਸੂਬੇ ’ਚ ਵਪਾਰੀ ਪਟਾਕਿਆਂ ਦੀ ਵਿਕਰੀ ’ਤੇ ਰੋਕ ਨਾ ਲਗਾਉਣ ਦੀ ਮੰਗ ਕਰ ਰਹੇ ਸਨ। ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ 8 ਨਵੰਬਰ ਤਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਅਲਟੀਮੇਟਮ ਦਿੱਤਾ ਹੈ ਅਤੇ ਕਿਹਾ ਕਿ ਜੇਕਰ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਪੰਜਾਬ ਸਰਕਾਰ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਇਨ੍ਹਾਂ ਨੂੰ ਰੱਦ ਕਰ ਦੇਵੇਗੀ। ਉਦਯੋਗ ਤੇ ਵਪਾਰ ਜਗਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀਆਂ ਲਈ ਹੁਣ ਇੰਸਪੈਕਟਰੀ ਰਾਜ ਖ਼ਤਮ ਹੋਵੇਗਾ।
ਬਿਊਰੋ ਰਿਪੋਰਟ ਪਰਵਾਸੀ ਟੀਵੀ