ਕੇਜਰੀਵਾਲ ਤਬਾਹ ਹੋਈ ਫਸਲ ਦੇ ਪੀੜਤ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ ਸਨ ਮਾਨਸਾ
ਮਾਨਸਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਬਾਹ ਹੋਈ ਨਰਮੇ ਅਤੇ ਝੋਨੇ ਦੀ ਫਸਲ ਬਾਬਤ ਕਿਸਾਨਾਂ ਨੂੰ ਮਿਲਣ ਲਈ ਅੱਜ ਮਾਨਸਾ ਪਹੁੰਚੇ। ਕੇਜਰੀਵਾਲ ਦਾ ਇਥੇ ਪਹੁੰਚਣ ’ਤੇ ਭਾਵੇਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ ਪ੍ਰੰਤੂ ਜਦੋਂ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਕਮਰੇ ’ਚ ਬਿਠਾ ਕੇ ਕੁਝ ਸਵਾਲ ਪੱਛੇ ਗਏ ਤਾਂ ਉਹ ਸਵਾਲਾਂ ਜਵਾਬ ਦੇਣ ਤੋਂ ਭੱਜਦੇ ਨਜ਼ਰ ਆਏ। ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਵਿਵਾਦਤ ਖੇਤੀ ਕਾਨੂੰਨਾਂ ਅਤੇ ਧਾਰਾ 370 ਤਹਿਤ ਸਵਾਲ ਪੁੱਛੇ ਗਏ ਤਾਂ ਉਹ ਜਵਾਬ ਦੇਣ ਤੋਂ ਪਾਸਾ ਵੱਟ ਗਏ। ਕੇਜਰੀਵਾਲ ਮਾਲਵੇ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਇਥੋਂ ਦੇ ਵਿਰਾਸਤ ਰਿਜ਼ੌਰਟ ਵਿਖੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਪ੍ਰਧਾਨ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਰਾਘਵ ਚੱਢਾ ਆਦਿ ਆਗੂਆਂ ਸਮੇਤ ਵੱਡੀ ਗਿਣਤੀ ਵਰਕਰ ਮੌਜੂਦ ਸਨ। ਭਲਕੇ ਸੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਲ ਬਠਿੰਡਾ ਵਿਖੇ ਵਪਾਰੀਆਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।