ਮਾਨਸਾ ਦੀਆਂ 3 ਬੀਬੀਆਂ ਦੀ ਗਈ ਜਾਨ
ਮਾਨਸਾ/ਬਿਊਰੋ ਨਿਊਜ਼ : ਦਿੱਲੀ ਦੇ ਟਿਕਰੀ ਬਾਰਡਰ ‘ਤੇ ਪਕੌੜਾ ਚੌਕ ਵਿੱਚ ਵੀਰਵਾਰ ਸਵੇਰੇ ਕਿਸਾਨ ਅੰਦੋਲਨ ‘ਚੋਂ ਘਰ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਬੀਬੀਆਂ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜਿਨ੍ਹਾਂ ਵਿੱਚੋਂ 3 ਬੀਬੀਆਂ ਦੀ ਮੌਤ ਹੋ ਗਈ ਹੈ ਅਤੇ 2 ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਇਹ ਸਾਰੀਆਂ ਬੀਬੀਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਰਹਿਣ ਵਾਲੀਆਂ ਸਨ ਅਤੇ ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਲਈ ਗਈਆਂ ਹੋਈਆਂ ਸਨ। ਮ੍ਰਿਤਕ ਮਹਿਲਾਵਾਂ ਵਿਚ ਅਮਰਜੀਤ ਕੌਰ, ਗੁਰਮੇਲ ਕੌਰ ਅਤੇ ਛਿੰਦਰ ਕੌਰ ਸ਼ਾਮਲ ਹਨ। ਜ਼ਖ਼ਮੀ ਮਹਿਲਾਵਾਂ ਗੁਰਮੇਲ ਕੌਰ ਅਤੇ ਹਰਜੀਤ ਕੌਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਿਸਾਨ ਆਗੂਆਂ ਨੇ ਮ੍ਰਿਤਕ ਮਹਿਲਾਵਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੜਕ ਹਾਦਸੇ ਵਿਚ ਹੋਈ 3 ਮਹਿਲਾਵਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਕੈਪਟਨ ਅਮਰਿੰਦਰ ਨੇ ਵੀ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਪੰਜਾਬ ਸਰਕਾਰ ਵੱਲੋਂ 5-5 ਲੱਖ ਰੁਪਏਦੀ ਸਹਾਇਤਾ ਦਾ ਐਲਾਨ
ਚੰਡੀਗੜ੍ਹ : ਟਿੱਕਰੀ ਬਾਰਡਰ ‘ਤੇ ਟਰਾਲੇ ਹੇਠਾਂ ਆਉਣ ਕਾਰਨ 3 ਮਹਿਲਾਵਾਂ ਦੀ ਜਾਨ ਚਲੀ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲੀ ਬਹੁਤ ਹੀ ਦੁਖਦਾਈ ਘਟਨਾ ਹੈ। ਮੁੱਖ ਮੰਤਰੀ ਚੰਨੀ ਨੇ ਅਰਦਾਸ ਕੀਤੀ ਕਿ ਪ੍ਰਮਾਤਮਾ ਇਨ੍ਹਾਂ ਮਹਿਲਾਵਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ। ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮ੍ਰਿਤਕ ਬੀਬੀਆਂ ਦੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਵੇਗੀ ਅਤੇ ਜ਼ਖ਼ਮੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਦੌਰਾਨ ਰਾਹੁਲ ਗਾਂਧੀ ਨੇ ਵੀ 3 ਬੀਬੀਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਬੇਰਹਿਮੀ ਅਤੇ ਨਫਰਤ ਸਾਡੇ ਦੇਸ਼ ਨੂੰ ਖੋਖਲਾ ਕਰ ਰਹੀ ਹੈ। ਇਸਦੇ ਚੱਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਸੜਕ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ ਅਤੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਤਾਂ ਸਾਡੇ ਕਿਸਾਨ ਪਰਿਵਾਰਾਂ ਨੂੰ ਇਸ ਤਰ੍ਹਾਂ ਸੜਕਾਂ ‘ਤੇ ਨਹੀਂ ਬੈਠਣਾ ਪਵੇਗਾ ਅਤੇ ਅਜਿਹੇ ਦਰਦਨਾਕ ਹਾਦਸੇ ਕਦੇ ਨਹੀਂ ਵਾਪਰਨਗੇ।