Breaking News
Home / ਭਾਰਤ / ਕਾਂਗਰਸੀ ਆਗੂਆਂ ‘ਚ ਤਾਲਮੇਲ ਦੀ ਘਾਟ ਤੋਂ ਸੋਨੀਆ ਗਾਂਧੀ ਨੂੰ ਚਿੰਤਾ

ਕਾਂਗਰਸੀ ਆਗੂਆਂ ‘ਚ ਤਾਲਮੇਲ ਦੀ ਘਾਟ ਤੋਂ ਸੋਨੀਆ ਗਾਂਧੀ ਨੂੰ ਚਿੰਤਾ

ਕਿਹਾ – ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਨਿੱਜੀ ਹਿੱਤ ਛੱਡਣ ਆਗੂ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਪਾਰਟੀ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਪਾਰਟੀ ਦੀ ਮਜ਼ਬੂਤੀ ਲਈ ਅਨੁਸ਼ਾਸਨ ਅਤੇ ਨਿੱਜੀ ਤੇ ਸਾਂਝੀਆਂ ਕੋਸ਼ਿਸ਼ਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਅਗਲੇ ਸਾਲ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਉਲੀਕਣ ਵਾਸਤੇ ਸੱਦੀ ਪਾਰਟੀ ਆਗੂਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ ਪਾਰਟੀ ਦੇ ਸੂਬਾਈ ਆਗੂਆਂ ਵਿਚਾਲੇ ਵੀ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਸਪੱਸ਼ਟਤਾ ਤੇ ਤਾਲਮੇਲ ਦੀ ਘਾਟ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਚਿੰਤਾ ਜ਼ਾਹਿਰ ਕੀਤੀ ਕਿ ਪਾਰਟੀ ਦਾ ਸੁਨੇਹਾ ਹੇਠਲੇ ਕਾਡਰ ਤੱਕ ਨਹੀਂ ਪਹੁੰਚ ਰਿਹਾ। ਮੀਟਿੰਗ ‘ਚ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਦੇ ਜਨਰਲ ਸਕੱਤਰ ਤੇ ਸੂਬਿਆਂ ਦੇ ਪ੍ਰਧਾਨ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪਾਰਟੀ ਭਾਜਪਾ ਦੇ ਝੂਠੇ ਪ੍ਰਚਾਰ ਦਾ ਮੁਕਾਬਲਾ ਕਰਨ ਲਈ ਆਪਣੇ ਵਰਕਰਾਂ ਨੂੰ ਸਿਖਲਾਈ ਦੇਣ ਵੱਲ ਧਿਆਨ ਦੇ ਰਹੀ ਹੈ ਅਤੇ ਇਸ ‘ਤੇ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਮਹੂਰੀਅਤ, ਸੰਵਿਧਾਨ ਅਤੇ ਕਾਂਗਰਸ ਦੀ ਵਿਚਾਰਧਾਰਾ ਦੀ ਰਾਖੀ ਲਈ ਪੂਰੀ ਤਿਆਰੀ ਕੀਤੀ ਜਾਵੇਗੀ ਤੇ ਝੂਠੇ ਪ੍ਰਚਾਰ ਨਾਲ ਨਜਿੱਠਿਆ ਜਾਵੇਗਾ। ਸਾਨੂੰ ਭਾਜਪਾ/ਆਰਐੱਸਐੱਸ ਦੀ ਵਿਚਾਰਧਾਰਾ ਦੀ ਵੰਡਪਾਊ ਮੁਹਿੰਮ ਨਾਲ ਲੜਨਾ ਚਾਹੀਦਾ ਹੈ। ਜੇਕਰ ਅਸੀਂ ਇਹ ਜੰਗ ਜਿੱਤਣਾ ਚਾਹੁੰਦੇ ਹਾਂ ਤਾਂ ਸਾਨੂੰ ਇਹ ਪ੍ਰਤੀਬੱਧ ਹੋ ਕੇ ਕਰਨਾ ਪਵੇਗਾ ਤੇ ਲੋਕਾਂ ਸਾਹਮਣੇ ਉਨ੍ਹਾਂ ਦਾ ਝੂਠ ਬੇਪਰਦ ਕਰਨਾ ਪਵੇਗਾ। ਇੱਥੇ ਦੱਸਣਾ ਬਣਦਾ ਹੈ ਕਿ ਉੱਤਰ ਪ੍ਰਦੇਸ਼, ਪੰਜਾਬ, ਗੋਆ, ਉੱਤਰਾਖੰਡ ਤੇ ਮਨੀਪੁਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 1 ਨਵੰਬਰ ਨੂੰ ਪਾਰਟੀ ਆਪਣੀ ਨਵੀਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਅੰਦਰ ਅਨੁਸ਼ਾਸਨ ਤੇ ਏਕੇ ਦੀ ਲੋੜ ਬਾਰੇ ਮੁੜ ਚੇਤੇ ਕਰਵਾਉਣਾ ਚਾਹੁੰਦੀ ਹਾਂ। ਹਰ ਕਿਸੇ ਲਈ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰਨਾ ਜ਼ਰੂਰੀ ਹੈ। ਇਹ ਨਿੱਜੀ ਹਿੱਤਾਂ ਤੋਂ ਉੱਪਰ ਹੋਣਾ ਚਾਹੀਦਾ ਹੈ। ਇਸ ਲਈ ਨਿੱਜੀ ਤੇ ਸਾਂਝੀਆਂ ਕੋਸ਼ਿਸ਼ਾਂ ਦੀ ਲੋੜ ਹੈ। ਪਾਰਟੀ ਵਰਕਰਾਂ ਦੇ ਸਿਖਲਾਈ ਪ੍ਰੋਗਰਾਮ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਨਵੇਂ ਮੈਂਬਰ ਕਿਸੇ ਵੀ ਸਿਆਸੀ ਮੁਹਿੰਮ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਲੜਕੇ ਤੇ ਲੜਕੀਆਂ ਆਪਣੀ ਆਵਾਜ਼ ਉਠਾਉਣਾ ਚਾਹੁੰਦੇ ਹਨ ਤੇ ਕਾਂਗਰਸ ਦਾ ਇਹ ਫਰਜ਼ ਬਣਦਾ ਹੈ ਕਿ ਉਹ ਨੌਜਵਾਨਾਂ ਨੂੰ ਇਹ ਮੰਚ ਪ੍ਰਦਾਨ ਕਰੇ। ਉਨ੍ਹਾਂ ਪਾਰਟੀ ਦੇ ਆਗੂਆਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਰੋਜ਼ਾਨਾ ਵੱਖ-ਵੱਖ ਮੁੱਦਿਆਂ ‘ਤੇ ਅਹਿਮ ਬਿਆਨ ਜਾਰੀ ਕਰਦੀ ਹੈ ਪਰ ਦੇਖਣ ‘ਚ ਆਇਆ ਹੈ ਕਿ ਇਹ ਬਲਾਕ ਤੇ ਜ਼ਿਲ੍ਹਾ ਪੱਧਰ ਦੇ ਪਾਰਟੀ ਕਾਰਕੁਨਾਂ ਤੱਕ ਨਹੀਂ ਪਹੁੰਚਦੇ। ਉਨ੍ਹਾਂ ਕਿਹਾ ਕਿ ਨੀਤੀਗਤ ਮੁੱਦਿਆਂ ‘ਤੇ ਸਪੱਸ਼ਟਤਾ ਤੇ ਤਾਲਮੇਲ ਦੀ ਘਾਟ ਦਿਖਾਈ ਦਿੰਦੀ ਹੈ ਅਤੇ ਇਸ ਸੂਬਾਈ ਨੇਤਾਵਾਂ ਵਿਚਾਲੇ ਵੀ ਹੈ।

Check Also

500 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਲਿਖੀ ਚਿੱਠੀ – ਕਿਹਾ : ਨਿਆਂ ਪਾਲਿਕਾ ਖਤਰੇ ’ਚ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 500 ਤੋਂ ਜ਼ਿਆਦਾ ਸੀਨੀਅਰ …