ਦਿੱਲੀ ਮੋਰਚੇ ਦੇ 11 ਮਹੀਨੇ ਮੁਕੰਮਲ – ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਹੁੰਗਾਰਾ ਭਰਦਿਆਂ, ਲਖੀਮਪੁਰ ਖੀਰੀ ਕਤਲੇਆਮ ਦੇ ਸੂਤਰਧਾਰ ਅਜੈ ਮਿਸ਼ਰਾ ਟੈਨੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਬਰਖਾਸਤ ਕਰਨ ਦੀ ਮੰਗ ਲਈ, ਪੂਰੇ ਭਾਰਤ ਵਿੱਚ ਸੈਂਕੜੇ ਥਾਵਾਂ ‘ਤੇ ਮੰਗਲਵਾਰ ਨੂੰ ਰੋਸ ਪ੍ਰਦਰਸ਼ਨ ਕੀਤੇ ਗਏ। ਰੋਸ ਮਾਰਚ, ਮੋਟਰਸਾਈਕਲ ਰੈਲੀਆਂ, ਧਰਨੇ ਆਦਿ ਸਮੇਤ ਵੱਖ-ਵੱਖ ਰੂਪ ਧਾਰਨ ਕਰ ਗਏ। ਕਿਸਾਨਾਂ ਨੇ ਮੇਰਠ ਕੁਲੈਕਟੋਰੇਟ ਵਿੱਚ ਟਰੈਕਟਰਾਂ ਨਾਲ ਰੋਸ ਪ੍ਰਦਰਸ਼ਨ ਕੀਤਾ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ, ਬਿਹਾਰ, ਉੜੀਸਾ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਰਾਜਸਥਾਨ ਅਤੇ ਆਂਧਰਾ ਪ੍ਰਦੇਸ਼ ਵਿਚ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦੇਸ਼ ਦੇ ਕਿਸਾਨਾਂ ਵੱਲੋਂ ਜੋ ਪੱਤਰ ਸਥਾਨਕ ਮੁੱਖ ਸਰਕਾਰੀ ਅਧਿਕਾਰੀਆਂ ਰਾਹੀਂ ਰਾਸ਼ਟਰਪਤੀ ਦੇ ਨਾਂ ਭੇਜਿਆ ਹੈ, ਦੀਆਂ ਮੰਗਾਂ ‘ਚ ਅਜੈ ਮਿਸ਼ਰਾ ਦੀ ਬਰਖ਼ਾਸਤਗੀ, 120ਬੀ ਧਾਰਾ ਹੇਠ ਗ੍ਰਿਫ਼ਤਾਰੀ ਤੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਐੱਸਆਈਟੀ ਵੱਲੋਂ ਜਾਂਚ ਕੀਤੇ ਜਾਣਾ ਸ਼ਾਮਲ ਹੈ।
ਮੋਰਚੇ ਵੱਲੋਂ ਕਿਸਾਨਾਂ ਨੂੰ ਕੀਤੀ ਅਪੀਲ ‘ਤੇ ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਦੇ ਤਿਕੁਨੀਆ ‘ਚ ਕਿਸਾਨ ਕਤਲੇਆਮ ਨਾਲ ਸਬੰਧਤ ਇਸ ਪੱਤਰ ਨੂੰ ਅਧਿਕਾਰੀਆਂ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਗਏ। ਕਿਸਾਨਾਂ ਵੱਲੋਂ ਥਾਂ-ਥਾਂ ਧਰਨੇ ਪ੍ਰਦਰਸ਼ਨ ਕੀਤੇ ਗਏ। ਪੱਤਰ ‘ਚ ਜ਼ਿਕਰ ਕੀਤਾ ਗਿਆ ਹੈ ਕਿ, ‘ਲਖੀਮਪੁਰ ਖੀਰੀ ਕਿਸਾਨ ਕਤਲੇਆਮ (3 ਅਕਤੂਬਰ 2021 ਦੀ ਘਟਨਾ, ਜਿਸ ਨੂੰ 3 ਹਫ਼ਤਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ) ਦੀ ਜਿਸ ਤਰ੍ਹਾਂ ਜਾਂਚ ਹੋ ਰਹੀ ਹੈ, ਉਸ ਨੂੰ ਪੂਰਾ ਦੇਸ਼ ਨਿਰਾਸ਼ਾ ਤੇ ਗੁੱਸੇ ਨਾਲ ਦੇਖ ਰਿਹਾ ਹੈ, ਸੁਪਰੀਮ ਕੋਰਟ ਨੇ ਵੀ ਇਸ ਬਾਰੇ ਪਹਿਲਾਂ ਕਈ ਟਿੱਪਣੀਆਂ ਕੀਤੀਆਂ ਹੈ। ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਦੀ ਘਾਟ ਤੋਂ ਹੈਰਾਨ ਹੈ, ਜਿੱਥੇ ਅਜੈ ਮਿਸ਼ਰਾ ਟੈਨੀ ਹੁਣ ਤੱਕ ਮੰਤਰੀ ਮੰਡਲ ਵਿੱਚ ਰਾਜ ਮੰਤਰੀ ਬਣੇ ਹੋਏ ਹਨ।
ਲਖੀਮਪੁਰ ਖੀਰੀ ਕਤਲੇਆਮ ਦੀ ਤੀਜੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਖਿਚਾਈ ਕੀਤੀ। ਸੀਜੇਆਈ ਦੀ ਅਗਵਾਈ ਵਾਲੇ ਬੈਂਚ ਨੇ ਇਸ ਤੱਥ ‘ਤੇ ਹੈਰਾਨੀ ਪ੍ਰਗਟ ਕੀਤੀ ਕਿ ਇਸ ਮਾਮਲੇ ਵਿਚ ਸਿਰਫ਼ 23 ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਸਨ ਜਦੋਂ ਰੈਲੀ ਵਿਚ ਸੈਂਕੜੇ ਲੋਕ ਮੌਜੂਦ ਸਨ।
ਯੂਪੀ ਸਰਕਾਰ ਨੂੰ ਹੋਰ ਚਸ਼ਮਦੀਦ ਗਵਾਹਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਸੁਰੱਖਿਆ ਦੇਣ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਸੀ। ਯੂਪੀ ਸਰਕਾਰ ਨੇ ਆਪਣੇ ਬਿਆਨ ਦਰਜ ਕਰਵਾਉਣ ਲਈ 68 ਗਵਾਹਾਂ ਨੂੰ ਸੂਚੀਬੱਧ ਕੀਤਾ ਹੈ, ਜਿਨ੍ਹਾਂ ਵਿੱਚੋਂ 23 ਚਸ਼ਮਦੀਦ ਗਵਾਹਾਂ ਸਮੇਤ ਹੁਣ ਤੱਕ ਸਿਰਫ਼ 30 ਦੇ ਹੀ ਬਿਆਨ ਦਰਜ ਹੋਏ ਹਨ।
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਫੋਰੈਂਸਿਕ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ, ਜਾਂ ਕਿਹਾ ਕਿ ਉਹ ਇਸ ਲਈ ਪ੍ਰਯੋਗਸ਼ਾਲਾਵਾਂ ਨੂੰ ਨਿਰਦੇਸ਼ ਜਾਰੀ ਕਰੇਗੀ। ਅਗਲੀ ਸੁਣਵਾਈ 8 ਨਵੰਬਰ 2021 ਲਈ ਰੱਖੀ ਗਈ ਹੈ।
ਪੰਜਾਬ ‘ਚ ਕਿਸਾਨਾਂ ਵੱਲੋਂ ਅਜੈ ਮਿਸ਼ਰਾ ਦੀ ਬਰਖ਼ਾਤਗੀ ਦੀ ਮੰਗ ਨੂੰ ਲੈ ਕੇ ਧਰਨੇ
ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨ ਮੋਰਚੇ ਦੇ 11 ਮਹੀਨੇ ਮੁਕੰਮਲ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ ਜਿਸ ‘ਚ ਵੱਡੀ ਗਿਣਤੀ ‘ਚ ਨੌਜਵਾਨ, ਬਜ਼ੁਰਗ, ਮਹਿਲਾਵਾਂ ਅਤੇ ਵੱਖ-ਵੱਖ ਵਰਗਾਂ ਦੇ ਵਿਅਕਤੀ ਸ਼ਾਮਲ ਹੋਏ। ਕਿਸਾਨਾਂ ਨੇ ਲਖੀਮਪੁਰ ਖੀਰੀ ਘਟਨਾ ਦੇ ਕਥਿਤ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਬਰਖਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਸਬੰਧੀ ਕਿਸਾਨ ਜਥੇਬੰਦੀਆਂ ਨੇ ਰਾਸ਼ਟਰਪਤੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ।
ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ, ਹਰਮੀਤ ਸਿੰਘ ਕਾਦੀਆਂ, ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਜੰਗਬੀਰ ਸਿੰਘ ਚੌਹਾਨ ਸਣੇ ਹੋਰਨਾਂ ਕਿਸਾਨ ਆਗੂਆਂ ਨੇ ਆਰੋਪ ਲਾਇਆ ਕਿ ਲਖੀਮਪੁਰ ਖੀਰੀ ‘ਚ ਭਾਜਪਾ ਆਗੂ ਦੀ ਸ਼ਹਿ ‘ਤੇ 4 ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ ਤੇ ਮਾਮਲੇ ਦੀ ਨਿਰਪੱਖ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕੀਤੀ ਜਾਵੇ।
ਵਿਵਾਦਤ ਖੇਤੀ ਕਾਨੂੰਨਾਂ ਬਾਰੇ ਫ਼ੈਸਲੇ ਲਈ ਮੋਦੀ ਸਰਕਾਰ ਕੋਲ ਸਿਰਫ਼ ਮਹੀਨਾ : ਟਿਕੈਤ
ਕਾਨੂੰਨ ਰੱਦ ਨਾ ਹੋਣ ‘ਤੇ ਅਗਲੇ ਵਰ੍ਹੇ ਲਈ ਪੱਕਾ ਮੋਰਚਾ ਸ਼ੁਰੂ ਕਰਨ ਦਾ ਕੀਤਾ ਐਲਾਨ
ਏਲਨਾਬਾਦ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਆਖਿਆ ਕਿ ਭਾਜਪਾ ਸਰਕਾਰ ਤਿੰਨੋਂ ਖੇਤੀ ਕਾਨੂੰਨ ਤੁਰੰਤ ਰੱਦ ਕਰੇ ਅਤੇ ਐੱਮਐੱਸਪੀ ਗਾਰੰਟੀ ਕਾਨੂੰਨ ਬਣਾਇਆ ਜਾਵੇ। ਜੇਕਰ ਇੱਕ ਮਹੀਨੇ ਦੇ ਅੰਦਰ-ਅੰਦਰ ਅਜਿਹਾ ਨਹੀਂ ਹੁੰਦਾ ਤਾਂ ਕਿਸਾਨ ਨਵੇਂ ਟੈਂਟ ਲਗਾ ਕੇ ਆਪਣੀ ਤਿਆਰੀ ਸ਼ੁਰੂ ਕਰ ਦੇਣਗੇ ਅਤੇ ਫਿਰ ਅਗਲੇ ਸਾਲ ਲਈ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਉਹ ਏਲਨਾਬਾਦ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਵਲੋਂ ਏਲਨਾਬਾਦ ਵਿੱਚ ਕਿਸਾਨ, ਮਜ਼ਦੂਰ, ਵਪਾਰੀ ਮਹਾਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਮਹਾਸੰਮੇਲਨ ਵਿੱਚ ਡਾ. ਸਵੈਮਾਨ ਸਿੰਘ, ਸੋਨੀਆ ਮਾਨ, ਅਨੂੰ ਸੂਰਾ, ਸਵਰਨ ਸਿੰਘ ਵਿਰਕ, ਹਰਜਿੰਦਰ ਸਿੰਘ ਭੰਗੂ, ਬਲਦੇਵ ਸਿੰਘ ਨਿਹਾਲਗੜ੍ਹ, ਸਿਕੰਦਰ ਸਿੰਘ ਰੋੜੀ, ਕੁਲਵੰਤ ਸਿੰਘ ਸੰਧੂ, ਰਵੀ ਅਜ਼ਾਦ, ਤਾਈ ਕੰਡੇਲੇ ਵਾਲੀ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਏਲਨਾਬਾਦ ਜ਼ਿਮਨੀ ਚੋਣ ‘ਚ ਭਾਜਪਾ-ਜਜਪਾ ਦੇ ਉਮੀਦਵਾਰ ਨੂੰ ਹਰਾਉਣ ਦੀ ਅਪੀਲ ਕੀਤੀ। ਹਜ਼ਾਰਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰਾਕੇਸ਼ ਟਿਕੈਤ ਨੇ ਆਖਿਆ, ‘ਭਾਜਪਾ ਕੰਪਨੀਆਂ ਦੀ ਸਰਕਾਰ ਹੈ, ਜਿਸ ਤੋਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਕਰਮਚਾਰੀਆਂ ਦੀ ਭਲਾਈ ਦੀ ਕੋਈ ਆਸ ਨਹੀਂ ਕੀਤੀ ਜਾ ਸਕਦੀ।’ ਉਨ੍ਹਾਂ ਕਿਹਾ ਕਿ ਪਿਛਲੇ 11 ਮਹੀਨੇ ਤੋਂ ਦਿੱਲੀ ਦੀਆਂ ਹੱਦਾਂ ‘ਤੇ ਸ਼ਾਂਤਮਈ ਚੱਲ ਰਹੇ ਕਿਸਾਨ ਅੰਦੋਲਨ ਨੇ ਨਵੇਂ ਰਿਕਾਰਡ ਸਥਾਪਿਤ ਕੀਤੇ ਹਨ ਤੇ ਵਿਦੇਸ਼ਾਂ ‘ਚ ਇਸ ਦੀਆਂ ਗੱਲਾਂ ਹੋ ਰਹੀਆਂ ਹਨ। ਭਾਜਪਾ ਸਰਕਾਰ ਇਸ ਅੰਦੋਲਨ ਅੱਗੇ ਝੁਕ ਚੁੱਕੀ ਹੈ ਪਰ ਸ਼ਰਮਿੰਦਗੀ ਕਾਰਨ ਹੁਣ ਕਾਨੂੰਨ ਵਾਪਸ ਨਹੀਂ ਲੈ ਰਹੀ। ਸਰਕਾਰ ਨੇ ਅੰਦੋਲਨ ਖਰਾਬ ਕਰਨ ਦੀ ਚਾਲ ਵੀ ਚੱਲੀ ਪਰ ਅਸਫ਼ਲ ਰਹੀ। ਟਿਕੈਤ ਨੇ ਕਿਹਾ ਕਿ ਦੁਸ਼ਿਅੰਤ ਚੌਟਾਲਾ ਨੇ ਹਰਿਆਣਾ ਵਿੱਚ ਕਥਿਤ ਇੱਕ ਹਜ਼ਾਰ ਕਰੋੜ ਦਾ ਸ਼ਰਾਬ ਘੁਟਾਲਾ ਕੀਤਾ ਹੈ, ਜਿਸ ਕਰਕੇ ਉਨ੍ਹਾਂ ਭਾਜਪਾ ਨਾਲ ਆਪਣੀ ਯਾਰੀ ਵੀ ਨਿਭਾਉਣੀ ਪੈ ਰਹੀ ਹੈ। ਪਿਛਲੇ ਸਮੇ ਦੌਰਾਨ 21 ਹਜ਼ਾਰ ਕਰੋੜ ਦੀਆਂ ਨਸ਼ੀਲੀਆਂ ਦਵਾਈਆਂ ਦੀ ਖੇਪ ਫੜੀ ਗਈ ਜਿਸ ਤੋਂ ਸਪੱਸ਼ਟ ਹੈ ਕਿ ਇਹ ਸਰਕਾਰ ਤਸਕਰਾਂ ਨਾਲ ਮਿਲੀਭੁਗਤ ਕਰਕੇ ਦੇਸ਼ ਦੀ ਜਵਾਨੀ ਅਤੇ ਕਿਸਾਨੀ ਨੂੰ ਖਤਮ ਕਰਨਾ ਚਾਹੁੰਦੀ ਹੈ।
ਕਿਸਾਨ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ
ਨਵੀਂ ਦਿੱਲੀ : ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੀ ਦੇਸ਼ ਵਿਚ ਕਿਮ ਜੋਂਗ ਉਨ ਦੀ ਸਰਕਾਰ ਹੈ ਜੋ ਕਿਸਾਨਾਂ ਨਾਲ ਗੱਲ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸ਼ਹੀਦ ਹੋਏ ਕਿਸਾਨਾਂ ਲਈ ਇੱਕ ਸ਼ਬਦ ਤੱਕ ਨਹੀਂ ਬੋਲਿਆ। ਕਿਸਾਨਾਂ ਨੇ ਉਨ੍ਹਾਂ ਨੂੰ ਵੋਟ ਦਿੱਤੀ ਸੀ ਤੇ ਪ੍ਰਧਾਨ ਮੰਤਰੀ ਉਹ ਕਿਸਾਨਾਂ ਦੇ ਵੀ ਹਨ। ਮੀਡੀਆ ਨਾਲ ਗੱਲ ਕਰਦਿਆਂ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੋਂ ਬਿਆਨ ਦਿਵਾ ਦਿੱਤਾ ਜਾਵੇ ਕਿ ਉਹ ਕਿਸਾਨਾਂ ਦੇ ਪ੍ਰਧਾਨ ਮੰਤਰੀ ਨਹੀਂ ਹਨ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰਿਕ ਤਰੀਕੇ ਨਾਲ ਚੁਣੀ ਹੋਈ ਸਰਕਾਰ ਹੈ ਜੋ ਸਭ ਦੀ ਹੈ। ਉਨ੍ਹਾਂ ਕਿਹਾ ਕਿ 700 ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਨਹੀਂ ਬੋਲੇ। ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਨੂੰ 11 ਮਹੀਨੇ ਬੀਤ ਚੁੱਕੇ ਹਨ ਪਰ ਸਰਕਾਰ ਤੇ ਕਿਸਾਨ ਨੇਤਾਵਾਂ ਵਿਚਾਲੇ ਗੱਲਬਾਤ ‘ਚ ਖੜੋਤ ਅਜੇ ਵੀ ਬਣੀ ਹੋਈ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਹੱਠਧਰਮੀ ਕਰਦੀ ਰਹੀ ਤਾਂ ਕਿਸਾਨ ਵੀ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਜੇਕਰ ਸਰਕਾਰ ਗੱਲਬਾਤ ਨਹੀਂ ਕਰਦੀ, ਅੰਦੋਲਨ ਦਾ ਹੱਲ ਨਹੀਂ ਕੱਢਦੀ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ।
ਪੰਜਾਬ ‘ਚ ਕਿਸਾਨਾਂ ਵੱਲੋਂ ਅਜੈ ਮਿਸ਼ਰਾ ਦੀ ਬਰਖ਼ਾਤਗੀ ਦੀ ਮੰਗ ਨੂੰ ਲੈ ਕੇ ਧਰਨੇ
ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨ ਮੋਰਚੇ ਦੇ 11 ਮਹੀਨੇ ਮੁਕੰਮਲ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ ਜਿਸ ‘ਚ ਵੱਡੀ ਗਿਣਤੀ ‘ਚ ਨੌਜਵਾਨ, ਬਜ਼ੁਰਗ, ਮਹਿਲਾਵਾਂ ਅਤੇ ਵੱਖ-ਵੱਖ ਵਰਗਾਂ ਦੇ ਵਿਅਕਤੀ ਸ਼ਾਮਲ ਹੋਏ। ਕਿਸਾਨਾਂ ਨੇ ਲਖੀਮਪੁਰ ਖੀਰੀ ਘਟਨਾ ਦੇ ਕਥਿਤ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਬਰਖਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਸਬੰਧੀ ਕਿਸਾਨ ਜਥੇਬੰਦੀਆਂ ਨੇ ਰਾਸ਼ਟਰਪਤੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ।
ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ, ਹਰਮੀਤ ਸਿੰਘ ਕਾਦੀਆਂ, ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਜੰਗਬੀਰ ਸਿੰਘ ਚੌਹਾਨ ਸਣੇ ਹੋਰਨਾਂ ਕਿਸਾਨ ਆਗੂਆਂ ਨੇ ਆਰੋਪ ਲਾਇਆ ਕਿ ਲਖੀਮਪੁਰ ਖੀਰੀ ‘ਚ ਭਾਜਪਾ ਆਗੂ ਦੀ ਸ਼ਹਿ ‘ਤੇ 4 ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ ਤੇ ਮਾਮਲੇ ਦੀ ਨਿਰਪੱਖ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕੀਤੀ ਜਾਵੇ।
ਲਖੀਮਪੁਰ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਗਵਾਹਾਂ ਦੀ ਸੁਰੱਖਿਆ ਦੇ ਹੁਕਮ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਕਿ ਯੂਪੀ ਸਰਕਾਰ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿਚ ਗਵਾਹਾਂ ਨੂੰ ਸੁਰੱਖਿਆ ਦੇਵੇ। ਜ਼ਿਕਰਯੋਗ ਹੈ ਕਿ ਇਸ ਹਿੰਸਾ ਵਿਚ ਚਾਰ ਕਿਸਾਨਾਂ ਸਣੇ ਅੱਠ ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਚੀਫ ਜਸਟਿਸ ਐਨ.ਵੀ. ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜੁਡੀਸ਼ੀਅਲ ਮੈਜਿਸਟਰੇਟ ਅੱਗੇ ਸੀਆਰਪੀਸੀ ਦੀ ਧਾਰਾ 164 ਤਹਿਤ ਹੋਰਨਾਂ ਗਵਾਹਾਂ ਦੇ ਬਿਆਨ ਵੀ ਦਰਜ ਕੀਤੇ ਜਾਣ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਇਸ ਮੌਕੇ ਸੀਨੀਅਰ ਵਕੀਲ ਹਰੀਸ਼ ਸਾਲਵੇ ਤੇ ਗਰਿਮਾ ਪ੍ਰਸਾਦ ਪੇਸ਼ ਹੋਏ। ਅਦਾਲਤ ਦੇ ਬੈਂਚ ਨੇ ਕਿਹਾ ਕਿ ਉਹ ਸਬੰਧਤ ਜ਼ਿਲ੍ਹਾ ਜੱਜ ਦੀ ਜ਼ਿੰਮੇਵਾਰੀ ਲਾਉਂਦੇ ਹਨ ਤੇ ਨੇੜਲੇ ਮੈਜਿਸਟਰੇਟ ਕੋਲ ਬਿਆਨ ਦਰਜ ਕਰਨੇ ਯਕੀਨੀ ਬਣਾਏ ਜਾਣ। ਬੈਂਚ ਨੇ ਸਾਲਵੇ ਨੂੰ ਕਿਹਾ ਕਿ ਉਹ ਰਿਪੋਰਟਾਂ ਬਣਾਉਣ ਤੇ ਇਲੈਕਟ੍ਰੌਨਿਕ ਸਬੂਤਾਂ ਬਾਰੇ ਅਦਾਲਤ ਦੇ ਫਿਕਰਾਂ ਨੂੰ ਫੋਰੈਂਸਿਕ ਲੈਬਾਂ ਤੇ ਮਾਹਿਰਾਂ ਕੋਲ ਜ਼ਾਹਿਰ ਕਰਨ। ਸੁਪਰੀਮ ਕੋਰਟ ਨੇ ਰਾਜ ਸਰਕਾਰ ਤੋਂ ਵੀ ਦੋ ਸ਼ਿਕਾਇਤਾਂ ਬਾਰੇ ਰਿਪੋਰਟ ਮੰਗੀ ਹੈ। ਇਕ ਸ਼ਿਕਾਇਤ ਪੱਤਰਕਾਰ ਦੀ ਮੌਤ ਨਾਲ ਜੁੜੀ ਹੋਈ ਹੈ। ਬੈਂਚ ਨੇ ਕਿਹਾ ਕਿ ਸੂਬਾ ਇਨ੍ਹਾਂ ਕੇਸਾਂ ਵਿਚ ਵੱਖਰੇ ਜਵਾਬ ਦਾਖਲ ਕਰੇਗਾ ਤੇ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ 20 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਲਖੀਮਪੁਰ ਖੀਰੀ ਕੇਸ ਵਿਚ ਜਾਂਚ ‘ਕਦੇ ਨਾ ਮੁੱਕਣ ਵਾਲੀ ਕਹਾਣੀ’ ਨਹੀਂ ਬਣਨੀ ਚਾਹੀਦੀ। ਸਿਖ਼ਰਲੀ ਅਦਾਲਤ ਨੇ ਸਰਕਾਰ ਦੀ ਖਿਚਾਈ ਵੀ ਕੀਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬਾ ਪੁਲਿਸ ਪੈਰ ਪਿੱਛੇ ਖਿੱਚ ਰਹੀ ਹੈ, ਗਵਾਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਬੈਂਚ ਨੇ ਇਸਤਗਾਸਾ ਪੱਖ ਵੱਲੋਂ ਪੇਸ਼ ਕੀਤੇ ਮੌਕੇ ਦੇ ਗਵਾਹਾਂ ਬਾਰੇ ਵੀ ਸਵਾਲ ਖੜ੍ਹੇ ਕੀਤੇ ਤੇ ਕਿਹਾ ‘ਕੇਸ ਕਹਿੰਦਾ ਹੈ ਕਿ ਹਜ਼ਾਰਾਂ ਕਿਸਾਨ ਜਾ ਰਹੇ ਸਨ ਤੇ ਰੈਲੀ ਚੱਲ ਰਹੀ ਸੀ। ਮੌਕੇ ਦੇ ਗਵਾਹ ਸਿਰਫ਼ 23 ਹੀ ਮਿਲੇ ਹਨ?’
ਬਠਿੰਡਾ ‘ਚ ਲੱਗੇ ਨਰਮੇ ਦਾ ਮੁਆਵਜ਼ਾ ਦੇਣ ਦੇ ਚੰਨੀ ਦੇ ਪੋਸਟਰਾਂ ‘ਤੇ ਮਲੀ ਕਾਲਖ
ਪਟਿਆਲਾ ‘ਚ ਚੋਣਾਵੀ ਰੈਲੀ ਕਰਨ ‘ਤੇ ਸੁਖਬੀਰ ਦੇ ਪੋਸਟਰ ਪਾੜੇ
ਬਠਿੰਡਾ : ਗੁਲਾਬੀ ਸੁੰਡੀ ਨਾਲ ਖਰਾਬ ਨਰਮੇ ਦਾ ਮੁਆਵਜ਼ਾ ਦੇਣ ਦੇ ਦਾਅਵੇ ਕਰਦੇ ਹੋਰਡਿੰਗਾਂ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ ਨੇ ਕਾਲਖ ਮਲ ਦਿੱਤੀ। ਕਈ ਥਾਵਾਂ ‘ਤੇ ਫਲੈਕਸ ਵੀ ਪਾੜ ਦਿੱਤੇ ਅਤੇ ਰੋਸ ਜ਼ਾਹਰ ਕੀਤਾ। ਕਿਸਾਨਾਂ ਨੇ ਆਰੋਪ ਲਗਾਇਆ ਕਿ ਅਜੇ ਗਿਰਦਾਵਰੀ ਮੁਕੰਮਲ ਨਹੀਂ ਹੋਈ ਅਤੇ ਚੰਨੀ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਵਾਹ-ਵਾਹ ਕਰਨ ਵਾਲੇ ਹੋਰਡਿੰਗ ਵੀ ਲਗਾ ਦਿੱਤੇ। ਇਸ ਲਈ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਵੀ ਕੀਤਾ ਅਤੇ ਮਾਰਚ ਕਰਕੇ ਹੋਰਡਿੰਗਾਂ ‘ਤੇ ਕਾਲਖ ਮਲ ਦਿੱਤੀ।
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੇ ਸਮਰਥਨ ਵਿਚ ਬੁੱਧਵਾਰ ਨੂੰ ਸੁਖਬੀਰ ਬਾਦਲ ਰਾਜਪੁਰਾ ਪਹੁੰਚੇ। ਇਸ ਦੌਰਾਨ ਕਿਸਾਨਾਂ ਨੇ ਕਈ ਥਾਵਾਂ ‘ਤੇ ਲੱਗੇ ਸੁਖਬੀਰ ਦੇ ਪੋਸਟਰ ਵੀ ਪਾੜ ਦਿੱਤੇ ਅਤੇ ਵਿਰੋਧ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਚੋਣ ਰੈਲੀਆਂ ਨਾ ਕਰਨ ਦੀ ਅਪੀਲ ਕੀਤੀ ਹੈ, ਪਰ ਇਸ ਦੇ ਬਾਵਜੂਦ ਸੁਖਬੀਰ ਬਾਦਲ ਰਾਜਪੁਰਾ ਵਿਚ ਚੋਣ ਰੈਲੀਆਂ ਕਰ ਰਹੇ ਹਨ।
ਕਿਸਾਨਾਂ ਨੇ ਮਨੋਹਰ ਲਾਲ ਖੱਟਰ ਨੂੰ ਦਿਖਾਏ ਕਾਲੇ ਝੰਡੇ
ਪੁਲਿਸ ਨੇ ਕਿਸਾਨਾਂ ਨਾਲ ਕੀਤੀ ਖਿੱਚ-ਧੂਹ
ਸਿਰਸਾ : ਹਰਿਆਣਾ ‘ਚ ਪੈਂਦੇ ਸਿਰਸਾ ਨੇੜਲੇ ਭਾਵਦੀਨ ਟੌਲ ਪਲਾਜ਼ਾ ‘ਤੇ ਕਿਸਾਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਾਲੇ ਝੰਡੇ ਦਿਖਾਏ ਤੇ ਕੇਂਦਰ ਤੇ ਹਰਿਆਣਾ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਖੱਟਰ ਸਿਰਸਾ ਦੇ ਪਿੰਡ ਰੰਧਾਵਾ ਵਿੱਚ ਭਾਜਪਾ-ਜਜਪਾ ਦੇ ਉਮੀਦਵਾਰ ਗੋਬਿੰਦ ਕਾਂਡਾ ਦੇ ਹੱਕ ਵਿੱਚ ਪ੍ਰਚਾਰ ਕਰਨ ਆਏ ਸਨ। ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ, ਜਜਪਾ ਦੇ ਕੌਮੀ ਪ੍ਰਧਾਨ ਅਜੈ ਸਿੰਘ ਚੌਟਾਲਾ, ਸੂਬਾਈ ਪ੍ਰਧਾਨ ਨਿਸ਼ਾਨ ਸਿੰਘ ਤੇ ਸਿਰਸਾ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਵੀ ਉਨ੍ਹਾਂ ਨਾਲ ਚੋਣ ਰੈਲੀ ‘ਚ ਮੌਜੂਦ ਸਨ। ਜ਼ਿਕਰਯੋਗ ਹੈ ਕਿ 30 ਅਕਤੂਬਰ ਨੂੰ ਏਲਨਾਬਾਦ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਜਿੱਤਣ ਲਈ ਸਿਆਸੀ ਪਾਰਟੀਆਂ ਆਪਣੀ ਪੂਰੀ ਵਾਹ ਲਾ ਰਹੀਆਂ ਹਨ। ਪਿੰਡ ਰੰਧਾਵਾ ਵਿੱਚ ਖੱਟਰ ਨੇ ਗੋਬਿੰਦ ਕਾਂਡਾ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਭਾਜਪਾ ਰਾਜ ਦੌਰਾਨ ਕੀਤੇ ਗਏ ਕੰਮਾਂ ਨੂੰ ਗਿਣਵਾਇਆ ਅਤੇ ਨਾਂ ਲਏ ਬਿਨਾਂ ਇਨੈਲੋ ਅਤੇ ਕਾਂਗਰਸ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਤੋਂ ਪਹਿਲਾਂ ਭਾਵਦੀਨ ਟੌਲ ਪਲਾਜ਼ੇ ‘ਤੇ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਏ। ਡਿੰਗ ਰੋਡ ‘ਤੇ ਵੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪੁਲਿਸ ਤੇ ਸੁਰੱਖਿਆ ਬਲਾਂ ਨਾਲ ਕਿਸਾਨਾਂ ਦੀ ਕਾਫੀ ਖਿੱਚ-ਧੂਹ ਵੀ ਹੋਈ। ਕਾਲੇ ਝੰਡੇ ਦਿਖਾਉਣ ਵਾਲੇ ਕਿਸਾਨਾਂ ਨੂੰ ਪੁਲਿਸ ਦੇ ਜਵਾਨ ਦੂਰ ਧੱਕ ਕੇ ਲੈ ਗਏ ਤੇ ਉਨ੍ਹਾਂ ਤੋਂ ਕਾਲੇ ਝੰਡੇ ਵੀ ਖੋਹ ਲਏ।
Check Also
ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਨਹੀਂ ਮਿਲਿਆ ਬਹੁਮਤ
ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …