ਰਾਮ ਰਹੀਮ ਪਹਿਲਾਂ ਹੀ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ
ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਕੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ਕੇਸ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਪੀਲ ‘ਤੇ ਇੱਥੋਂ ਦੀ ਇੱਕ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ 29 ਅਕਤੂਬਰ ਲਈ ਪ੍ਰੋਡੱਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ।
ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੀ ਜੁਡੀਸ਼ਲ ਮੈਜਿਸਟਰੇਟ ਮਿਸ ਤਰਜਨੀ ਦੀ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰਕੇ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ। ਡੇਰਾ ਮੁਖੀ ਰਾਮ ਰਹੀਮ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਤੀਹਰੀ ਉਮਰ ਕੈਦ ਕੱਟ ਰਿਹਾ ਹੈ।
ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਪਹਿਲੀ ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋ ਗਿਆ ਸੀ ਅਤੇ ਬਾਅਦ ਵਿੱਚ ਇਸੇ ਸਰੂਪ ਦੇ ਪੰਨੇ 12 ਅਕਤੂਬਰ 2015 ਨੂੰ ਪਿੰਡ ਦੀਆਂ ਗਲੀਆਂ ਵਿੱਚੋਂ ਮਿਲੇ ਸਨ। ਜਾਂਚ ਟੀਮ ਨੇ 6 ਜੁਲਾਈ 2019 ਨੂੰ ਡੇਰਾ ਮੁਖੀ ਰਾਮ ਰਹੀਮ ਨੂੰ ਬੇਦਅਬੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ, ਪਰ ਉਸ ਤੋਂ ਅਜੇ ਤੱਕ ਕੋਈ ਪੁੱਛ-ਪੜਤਾਲ ਨਹੀਂ ਹੋਈ ਸੀ। ਜਾਂਚ ਟੀਮ ਨੇ ਹੁਣ ਅਦਾਲਤ ਵਿੱਚ ਪ੍ਰੋਡਕਸ਼ਨ ਵਾਰੰਟਾਂ ਦੀ ਅਰਜ਼ੀ ਦਾਖ਼ਲ ਕਰਕੇ ਦਾਅਵਾ ਕੀਤਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਡੇਰਾ ਮੁਖੀ ਖਿਲਾਫ਼ ਲੋੜੀਂਦੀ ਗਵਾਹੀ ਜਾਂਚ ਟੀਮ ਕੋਲ ਮੌਜੂਦ ਹੈ। ਇਸ ਲਈ ਉਹ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਪੜਤਾਲ ਨੂੰ ਅੱਗੇ ਤੋਰਨਾ ਚਾਹੁੰਦੀ ਹੈ।
ਜਾਂਚ ਟੀਮ ਇਸ ਤੋਂ ਪਹਿਲਾਂ ਸੱਤ ਡੇਰਾ ਪ੍ਰੇਮੀਆਂ ਨੂੰ ਬੇਅਦਬੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰ ਚੁੱਕੀ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਵੀ ਜਾਂਚ ਟੀਮ ਨੇ ਡੇਰਾ ਮੁਖੀ ਤੋਂ ਪੁੱਛ-ਪੜਤਾਲ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਹਰਿਆਣਾ ਸਰਕਾਰ ਨੇ ਮਨਜ਼ੂਰੀ ਨਹੀਂ ਦਿੱਤੀ ਸੀ।
ਜੁਡੀਸ਼ੀਲ ਮੈਜਿਸਟਰੇਟ ਨੇ ਜਾਂਚ ਟੀਮ ਨੂੰ ਆਦੇਸ਼ ਦਿੱਤਾ ਹੈ ਕਿ ਉਹ ਡੇਰਾ ਮੁਖੀ ਰਾਮ ਰਹੀਮ ਨੂੰ 29 ਅਕਤੂਬਰ ਤੱਕ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕਰਨ। ਸੁਣਵਾਈ ਦੌਰਾਨ ਅਦਾਲਤ ਵਿੱਚ ਮਾਮਲੇ ਦੀ ਤਫਤੀਸ਼ ਕਰ ਰਹੇ ਥਾਣਾ ਬਾਜਾਖਾਨਾ ਦੇ ਐੱਸ.ਐੱਚ.ਓ ਇਕਬਾਲ ਹੁਸੈਨ ਅਤੇ ਇੰਸਪੈਕਟਰ ਹਰਬੰਸ ਸਿੰਘ ਹਾਜ਼ਰ ਸਨ।