ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੰਗ ਕੀਤੀ ਕਿ ਬੀਐੱਸਐੱਫ ਦੇ ਪੰਜਾਬ ‘ਚ ਅਧਿਕਾਰ ਖੇਤਰ 10 ਜ਼ਿਲ੍ਹਿਆਂ ‘ਚ ਵਧਾਏ ਜਾਣ ਦੇ ਫੈਸਲੇ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਤਿੰਨ ਖੇਤੀ ਕਾਨੂੰਨ ਤੇ 2017 ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਏਪੀਐਮਸੀ ਐਕਟ ‘ਚ ਕੀਤੀਆਂ ਸੋਧਾਂ ਵੀ ਰੱਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਬੀਐੱਸਐੱਫ ਦੇ ਅਧਿਕਾਰ ਖੇਤਰ ‘ਚ ਵਾਧਾ ਕੀਤੇ ਜਾਣ ਦੀ ਹਮਾਇਤ ਕੀਤੀ ਸੀ। ਵਫਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਆਪਣੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਬਾਰੇ ਸਪੱਸ਼ਟੀਕਰਨ ਦੇਣ ਕਿਉਂਕਿ ਪੰਜਾਬੀਆਂ ਦੇ ਮਨਾਂ ਵਿਚ ਇਹ ਤੌਖਲਾ ਹੈ ਕਿ ਉਨ੍ਹਾਂ ਉਸ ਮੀਟਿੰਗ ਵਿਚ ਕੇਂਦਰ ਸਰਕਾਰ ਦੇ ਫੈਸਲੇ ਦੇ ਐਲਾਨ ਲਈ ਸਹਿਮਤੀ ਦਿੱਤੀ ਸੀ।