ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਾਂਗੇ ਤੇ ਸੁਪਰੀਮ ਕੋਰਟ ਵੀ ਜਾਵਾਂਗੇ : ਚੰਨੀ
ਸਰਬ-ਪਾਰਟੀ ਮੀਟਿੰਗ ‘ਚ ਕੇਂਦਰੀ ਨੋਟੀਫਿਕੇਸ਼ਨ ਤੇ ਖੇਤੀ ਕਾਨੂੰਨਾਂ ਵਿਰੁੱਧ ਮਤੇ ਪਾਸ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੋਮਵਾਰ ਨੂੰ ਸੱਦੀ ਗਈ ਸਰਬਪਾਰਟੀ ਮੀਟਿੰਗ ਵਿੱਚ ਕੇਂਦਰ ਵੱਲੋਂ ਸੂਬੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ ਲਗਦੇ ਇਲਾਕਿਆਂ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੇ ਫ਼ੈਸਲੇ ਦਾ ਸੰਵਿਧਾਨਕ, ਕਾਨੂੰਨੀ ਅਤੇ ਸਿਆਸੀ ਤੌਰ ‘ਤੇ ਸਖਤ ਵਿਰੋਧ ਕਰਨ ਦਾ ਅਹਿਦ ਕੀਤਾ ਗਿਆ। ਸਾਰੀਆਂ ਪਾਰਟੀਆਂ ਨੇ ਜਿੱਥੇ ਇਸ ਮੁੱਦੇ ‘ਤੇ ਇਕਜੁੱਟਤਾ ਪ੍ਰਗਟਾਈ ਉਥੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਦੇ ਮੁੱਦੇ ‘ਤੇ ਚੰਨੀ ‘ਤੇ ਨਿਸ਼ਾਨਾ ਵੀ ਸੇਧਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਤੇ ਸੁਪਰੀਮ ਕੋਰਟ ‘ਚ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਦਾ ਫ਼ੈਸਲਾ ਵੀ ਕੀਤਾ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਪੰਜਾਬ ਦੇ ਸ਼ਹੀਦ ਸੈਨਿਕਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਤਿੰਨੋਂ ਕਾਲੇ ਖੇਤੀ ਕਾਨੂੰਨ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਮੁੱਢੋਂ ਰੱਦ ਕਰ ਦਿੱਤੇ ਜਾਣਗੇ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਵਿਚਾਰ-ਚਰਚਾ ਤੋਂ ਫ਼ੈਸਲਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਕੋਲੋਂ ਮਿਲਣ ਲਈ ਸਮਾਂ ਮੰਗਿਆ ਜਾਵੇ ਤਾਂ ਜੋ ਮੁੱਖ ਮੰਤਰੀ ਸਾਰੀਆਂ ਸਿਆਸੀ ਧਿਰਾਂ ਦਾ ਇਕ ਵਫ਼ਦ ਲੈ ਕੇ ਪ੍ਰਧਾਨ ਮੰਤਰੀ ਕੋਲ ਜਾਣ ਅਤੇ ਉਨ੍ਹਾਂ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਦੇ ਹੋਏ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਲੈਣ ਲਈ ਅਪੀਲ ਕਰਨ।
ਚੰਨੀ ਨੇ ਗੈਰ-ਭਾਜਪਾ ਸਰਕਾਰਾਂ ਅਤੇ ਹੋਰ ਸਿਆਸੀ ਪਾਰਟੀਆਂ ਨਾਲ ਖਾਸ ਕਰਕੇ ਪੱਛਮੀ ਬੰਗਾਲ ਅਤੇ ਰਾਜਸਥਾਨ ਸੂਬਿਆਂ ਨਾਲ ਰਾਬਤਾ ਕਾਇਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ, ‘ਸੂਬੇ ਵਿੱਚ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੇ ਮਾਹੌਲ ਨੂੰ ਕਿਸੇ ਵੀ ਕੀਮਤ ‘ਤੇ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।’ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਮੁੱਦੇ ਦੀ ਜ਼ੋਰਦਾਰ ਮੁਖਾਲਫਤ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਸ ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ ਸ਼ਾਮਲ ਨਹੀਂ ਹੋਈ।
ਸਰਬ ਪਾਰਟੀ ਮੀਟਿੰਗ ਦੌਰਾਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਵੀ ਇਕ ਹੋਰ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਰਬ ਪਾਰਟੀ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਕਾਲੀ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬੀਰ ਦਵਿੰਦਰ ਸਿੰਘ, ਸੀਪੀਆਈ (ਐੱਮ) ਦੇ ਸੁਖਵਿੰਦਰ ਸਿੰਘ ਸੇਖੋਂ, ਸੀਪੀਆਈ ਦੇ ਬੰਤ ਸਿੰਘ ਬਰਾੜ, ਟੀਐੱਮਸੀ ਪੰਜਾਬ ਯੂਨਿਟ ਦੇ ਮਨਜੀਤ ਸਿੰਘ ਮੁਹਾਲੀ, ਬਸਪਾ ਦੇ ਨਛੱਤਰਪਾਲ, ‘ਆਪ’ ਵਿਧਾਇਕ ਅਮਨ ਅਰੋੜਾ, ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸ਼੍ਰੋਮਣੀ ਅਕਾਲੀ ਦਲ (1920) ਦੇ ਹਰਬੰਸ ਸਿੰਘ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਗੁਰਿੰਦਰ ਸਿੰਘ, ਉਪ ਮੁੱਖ ਮੰਤਰੀ ਓਪੀ ਸੋਨੀ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ, ਪਰਗਟ ਸਿੰਘ ਅਤੇ ਰਣਦੀਪ ਸਿੰਘ ਨਾਭਾ ਅਤੇ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਹਾਜ਼ਰ ਸਨ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਕਾਰ ਰਣਜੀਤ ਸਿੰਘ ਤਲਵੰਡੀ ਨੇ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦੇ ਅਧਿਕਾਰ ਖੇਤਰ ਵਧਾਉਣ ਦੇ ਫ਼ੈਸਲੇ ਦਾ ਵਿਰੋਧ ਕੀਤਾ।
ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਸਰਹੱਦੀ ਖੇਤਰ ‘ਚ ਬੀਐੱਸਐੱਫ ਦਾ ਅਧਿਕਾਰ ਵਧਾ ਕੇ ਸੂਬੇ ਦੇ ਅਧਿਕਾਰਾਂ ‘ਤੇ ਡਾਕਾ ਮਾਰਿਆ ਗਿਆ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਜਾਬ ਦਾ ਹਿੱਤ ਮੇਰੇ ਖੂਨ ‘ਚ, ਚਾਹੇ ਨਸਾਂ ਕੱਟ ਕੇ ਦੇਖ ਲਓ : ਚੰਨੀ
ਬੀਐਸਐਫ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨਾਲ ਮਿਲੀਭੁਗਤ ਦੇ ਆਰੋਪਾਂ ‘ਤੇ ਚੰਨੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰੱਖਿਆ ਮੇਰੇ ਖੂਨ ਵਿਚ ਹੈ। ਚਾਹੇ ਮੇਰੀਆਂ ਨਸਾਂ ਕੱਟ ਕੇ ਦੇਖ ਲਓ। ਚੰਨੀ ਨੇ ਕਿਹਾ ਉਨ੍ਹਾਂ ‘ਤੇ ਆਰੋਪ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਕਹਿਣ ‘ਤੇ ਬੀਐਸਐਫ ਦਾ ਪੰਜਾਬ ਵਿਚ ਦਾਇਰਾ ਵਧਾਇਆ ਗਿਆ ਹੈ। ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਕੌਰੀਡੋਰ ਖੋਲ੍ਹਣ ਦਾ ਮੁੱਦਾ ਚੁੱਕਿਆ ਸੀ। ਸੀਐਮ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਉਹ ਕੋਈ ਕੁਰਬਾਨੀ ਕਰਨ ਲਈ ਤਿਆਰ ਹਨ।
ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਤਾਕ ‘ਚ : ਸਿੱਧੂ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬੀਐੱਸਐੱਫ ਦਾ ਮਤਲਬ ਸੀਮਾ ਸੁਰੱਖਿਆ ਬਲ ਹੈ ਪਰ ਸੀਮਾ (ਬਾਰਡਰ) ਦੀ ਪਰਿਭਾਸ਼ਾ ਕੀ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਫ਼ੈਸਲੇ ਨਾਲ ਰਾਜ ਅੰਦਰ ਇੱਕ ਹੋਰ ਰਾਜ ਖੜ੍ਹਾ ਕਰਕੇ ਕੇਂਦਰ ਦੇਸ਼ ਦੇ ਸੰਘੀ ਢਾਂਚੇ ਨੂੰ ਤਹਿਸ-ਨਹਿਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਬੀਆਈ, ਈਡੀ ਅਤੇ ਹੋਰ ਅਦਾਰਿਆਂ ਤੋਂ ਬਾਅਦ ਬੀਐੱਸਐੱਫ ਨੂੰ ਵੀ ਕੇਂਦਰ ਸਰਕਾਰ ਵਿਰੋਧੀ ਪਾਰਟੀਆਂ ਦੀ ਸਰਕਾਰ ਵਾਲੇ ਸੂਬਿਆਂ ਦੀ ਖੁਦਮੁਖ਼ਤਿਆਰੀ ਵਿੱਚ ਦਖਲ ਦੇਣ ਲਈ ਵਰਤੇਗੀ। ਉਨ੍ਹਾਂ ਕਿਹਾ ਕਿ ਭਾਜਪਾ ਕਿਉਂਕਿ ਪੰਜਾਬ ‘ਚ ਕਦੇ ਜਿੱਤ ਨਹੀਂ ਸਕਦੀ, ਇਸ ਗੱਲ ਨੇ ਕੇਂਦਰ ਦੀ ਨੀਂਦ ਖਰਾਬ ਕੀਤੀ ਹੋਈ ਹੈ। ਇਸ ਕਰਕੇ ਉਹ ਪੰਜਾਬ ਵਿੱਚ ਸ਼ਾਂਤਮਈ ਚੋਣਾਂ ਨਹੀਂ ਹੋਣ ਦੇਣਾ ਚਾਹੁੰਦੇ। ਉਹ ਬੀਐੱਸਐੱਫ ਅਤੇ ਕੇਂਦਰੀ ਤਾਕਤਾਂ ਨੂੰ ਪੰਜਾਬ ਉੱਪਰ ਰਾਜ ਕਰਨ ਲਈ ਵਰਤ ਰਹੇ ਹਨ ਅਤੇ ਰਾਸ਼ਟਰਪਤੀ ਰਾਜ ਵਰਗੀ ਸਥਿਤੀ ਲਿਆਉਣਾ ਚਾਹੁੰਦੇ ਹਨ। ਸਿੱਧੂ ਨੇ ਕਿਹਾ ਕਿ ਇਹ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਹੀ ਕਿਉਂ ਵਾਪਰ ਰਿਹਾ ਹੈ, ਪਿਛਲੇ ਸਾਢੇ ਚਾਰ ਸਾਲਾਂ ਵਿੱਚ ਅਜਿਹਾ ਕਿਉਂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਜੋ ਜਮਹੂਰੀਅਤ ਦਾ ਧੁਰਾ ਹੁੰਦੀ ਹੈ, ਦਾ ਗਲ ਘੁੱਟਣ ਲਈ ਇਹ ਸਭ ਹੋ ਰਿਹਾ ਹੈ।
ਚੰਨੀ ਨਸ਼ਿਆਂ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਸੱਦਣ : ਕਾਲੀਆ
ਚੰਡੀਗੜ੍ਹ : ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਸਬੰਧੀ ਮੀਟਿੰਗ ਸੱਦਣ ਦੀ ਥਾਂ ਨਸ਼ਾ ਤਸਕਰੀ ਰੋਕਣ ਵਿਚ ਨਾਕਾਮ ਰਹਿਣ ਦੇ ਮੁੱਦੇ ‘ਤੇ ਮੀਟਿੰਗ ਕਰਨ ਦੀ ਮੰਗ ਕੀਤੀ ਹੈ। ਕਾਲੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿੱਚ ਨਸ਼ੇ ਰੋਕਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਪੰਜਾਬ ‘ਚੋਂ ਨਸ਼ੇ ਰੋਕਣ ਦੀ ਸਹੁੰ ਖਾਧੀ ਸੀ ਪਰ ਚੋਣਾਂ ਜਿੱਤਣ ਮਗਰੋਂ ਵੀ ਉਨ੍ਹਾਂ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ, ਇਸ ਵਾਸਤੇ ਇਸ ਮੁੱਦੇ ‘ਤੇ ਮੀਟਿੰਗ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 2007 ਤੋਂ 2017 ਤੱਕ ਗ੍ਰਹਿ ਮੰਤਰੀ ਰਹਿਣ ਦੇ ਬਾਵਜੂਦ ਨਸ਼ਿਆਂ ਦੀ ਜਾਂਚ ਵਿਚ ਨਾਕਾਮ ਰਹਿਣ ‘ਤੇ ਵੀ ਚਰਚਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਐੱਨਡੀਏ ਸਰਕਾਰ ਨੇ ਬੀਐੱਸਐੱਫ ਐਕਟ 1968 ਤਹਿਤ ਅਪ੍ਰੇਸ਼ਨ ਦਾ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਹੈ, ਜੋ ਕੇਂਦਰ ਵਿੱਚ ਤਤਕਾਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਨਸ਼ੀਲੇ ਪਦਾਰਥਾਂ ਨੂੰ ਰੋਕਣ ਲਈ ਪਾਸ ਕੀਤਾ ਗਿਆ ਸੀ। ਉਨ੍ਹਾਂ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ ਦੇ ਬੀਐੱਸਐੱਫ ਦਾ ਅਧਿਕਾਰ ਖੇਤਰ ਦਾ ਵਧਾਉਣ ਦੇ ਫ਼ੈਸਲੇ ਸਬੰਧੀ ਸ਼ਲਾਘਾ ਮਤਾ ਪਾਸ ਕਰਨ।