ਚੰਡੀਗੜ੍ਹ/ਬਿਊਰੋ ਨਿਊਜ਼
ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਇਕ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਰੁੱਸਣਾ ਛੱਡਣ ਅਤੇ ਪਾਰਟੀ ਵੱਲ ਧਿਆਨ ਦੇਣ। ਬਿੱਟੂ ਨੇ ਨਾਲ ਹੀ ਇਹ ਵੀ ਕਿਹਾ ਕਿ ਹਰ ਰੋਜ਼ ਰੁੱਸਣ ਵਾਲਿਆਂ ਨੂੰ ਕਈ ਵਾਰ ਕੋਈ ਮਨਾਉਣ ਵੀ ਨਹੀਂ ਜਾਂਦਾ ਇਸ ਲਈ ਉਹ ਹਰ ਰੋਜ਼ ਰੁੱਸਣ ਵਾਲਾ ਡਰਾਮਾ ਛੱਡ ਦੇਣ। ਬਿੱਟੂ ਨੇ ਕਿਹਾ ਕਿ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਹੁਤ ਜ਼ਿਆਦਾ ਸਮਾਂ ਨਹੀਂ ਰਿਹਾ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਜ਼ਿਲ੍ਹਿਆਂ, ਸ਼ਹਿਰਾਂ ਅਤੇ ਪਿੰਡਾਂ ਵਿਚ ਚੋਣਾਂ ਲਈ ਜ਼ਮੀਨੀ ਤੌਰ ’ਤੇ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਪਿੰਡਾਂ ਸ਼ਹਿਰਾਂ ਅਤੇ ਜ਼ਿਲ੍ਹਿਆਂ ’ਚ ਜਾਣਾ ਚਾਹੀਦਾ ਹੈ ਤਾਂ ਜੋ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਦਿਆਂ ਹੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ ਜੋ ਕਿ ਸਰਕਾਰ ਦੇ ਪੱਖ ਵਿਚ ਹਨ। ਉਨ੍ਹਾਂ ਕਿਹਾ ਕਿ ਸਿੱਧੂ ਵੱਲੋਂ ਹਰ ਗੱਲ ’ਤੇ ਵਿਰੋਧ ਕੀਤਾ ਜਾਣਾ ਬਿਲਕੁਲ ਵੀ ਠੀਕ ਨਹੀਂ ਹੈ, ਕਿੰਨਾ ਚੰਗਾ ਹੋਵੇ ਜੇਕਰ ਚੰਨੀ ਵੱਲੋਂ ਕੀਤੇ ਜਾਣ ਵਾਲੇ ਐਲਾਨਾਂ ਦੇ ਮੌਕੇ ਪਾਰਟੀ ਪ੍ਰਧਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣ। ਇਸ ਦੇ ਨਾਲ ਪੰਜਾਬ ਦੀ ਜਨਤਾ ਨੂੰ ਇਕ ਵਧੀਆ ਸੁਨੇਹਾ ਮਿਲੇਗਾ ਪ੍ਰੰਤੂ ਸਿੱਧੂ ਤਾਂ ਆਪਣਾ ਅਲੱਗ ਹੀ ਰਾਗ ਅਲਾਪ ਰਹੇ ਹਨ ਜੋ ਕਿ ਬਿਲਕੁਲ ਗਲਤ ਹੈ।