ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਸਣੇ ਦੇਸ਼ ਦੇ ਕਈ ਹਿੱਸਿਆਂ ਵਿਚ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਲਗਾਤਾਰ ਅੰਦੋਲਨ ਕੀਤੇ ਜਾ ਰਹੇ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਆਉਂਦੀ 26 ਨਵੰਬਰ ਨੂੰ ਇਕ ਸਾਲ ਹੋ ਜਾਵੇਗਾ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਗੱਲਬਾਤ ਕਰਕੇ ਖੇਤੀ ਕਾਨੂੰਨਾਂ ਦਾ ਹੱਲ ਕੱਢਣ ਲਈ 26 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਲੇ ਖੇਤੀ ਕਾਨੂੰਨਾਂ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ 27 ਨਵੰਬਰ ਤੋਂ ਪਿੰਡਾਂ ਦੇ ਕਿਸਾਨ ਟਰੈਕਟਰਾਂ ਨਾਲ ਚਾਰੋਂ ਪਾਸੇ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣਗੇ ਅਤੇ ਅੰਦੋਲਨ ਨੂੰ ਮਜ਼ਬੂਤ ਕਰਨਗੇ। ਧਿਆਨ ਰਹੇ ਕਿ ਜਦੋਂ ਦਾ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ ਉਦੋਂ ਤੋਂ ਲੈ ਕੇ ਹੁਣ ਤੱਕ 700 ਤੋਂ ਜ਼ਿਆਦਾ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ, ਪਰ ਮੋਦੀ ਸਰਕਾਰ ‘ਤੇ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਇਸੇ ਦੌਰਾਨ ਪੰਜਾਬ ਵਿਚ ਭਾਜਪਾ ਆਗੂਆਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਵੀ ਕੀਤਾ ਜਾ ਰਿਹਾ ਹੈ।