Breaking News
Home / ਪੰਜਾਬ / ਪੰਜਾਬ ਵਿਚੋਂ ਮਾਫੀਆ ਰਾਜ ਖਤਮ ਕਰਨ ਵੱਲ ਮੁੱਖ ਮੰਤਰੀ ਦੇ ਕਦਮ

ਪੰਜਾਬ ਵਿਚੋਂ ਮਾਫੀਆ ਰਾਜ ਖਤਮ ਕਰਨ ਵੱਲ ਮੁੱਖ ਮੰਤਰੀ ਦੇ ਕਦਮ

ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚੋਂ ਮਾਫੀਆ ਰਾਜ ਦੇ ਖਾਤਮੇ ਲਈ ‘ਮਿਸ਼ਨ ਕਲੀਨ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜਿਸ ਤਹਿਤ ਪੰਜਾਬ ‘ਚੋਂ ਮਾਫੀਆ ਰਾਜ ਦਾ ਖਾਤਮਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਹਦਾਇਤਾਂ ਜਾਰੀ ਕਰ ਕੇ ਨਾਜਾਇਜ਼ ਸ਼ਰਾਬ, ਨਸ਼ੇ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ 18 ਨੁਕਾਤੀ ਏਜੰਡੇ ਦੀ ਪੂਰਤੀ ਹਿੱਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਵਿਚ ਨਾਜਾਇਜ਼ ਸ਼ਰਾਬ ਦੀ ਵਿਕਰੀ ਰੋਕਣ ਲਈ ਅੰਤਰਰਾਜੀ ਸਰਹੱਦਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਜਾਵੇ ਅਤੇ ਨਸ਼ਾ ਤਸਕਰਾਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਪੁਲਿਸ ਥਾਣਿਆਂ ਅਤੇ ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਤੇ ਐੱਸਐੱਸਪੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਤੰਗੀ ਜਾਂ ਪ੍ਰੇਸ਼ਾਨੀ ਨਾ ਹੋਵੇ।
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਰਹੱਦ ਪਾਰ ਤੋਂ ਪੈਦਾ ਹੋਣ ਵਾਲੇ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਚੌਕਸੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਥਾਣਿਆਂ ਅੰਦਰ ਪੁਲਿਸ ਅਧਿਕਾਰੀ ਮੌਜੂਦ ਰਹਿਣੇ ਚਾਹੀਦੇ ਹਨ। ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ, ਪ੍ਰਮੁੱਖ ਸਕੱਤਰ (ਗ੍ਰਹਿ) ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਖਣਨ ਵਿਭਾਗ ਦੇ ਡਾਇਰੈਕਟਰ ਰਾਹੁਲ ਭੰਡਾਰੀ ਵੀ ਹਾਜ਼ਰ ਸਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …