ਡੀਜੀਪੀ ਕੋਲੋਂ 7 ਦਿਨਾਂ ‘ਚ ਮੰਗੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ‘ਚ ਸਿਪਾਹੀ ਤੋਂ ਲੈ ਕੇ ਡੀਐੱਸਪੀ ਰੈਂਕ ਤੱਕ ਦੇ 300 ਗ਼ੈਰ ਪੰਜਾਬੀਆਂ ਦੀ ਭਰਤੀ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਖੀ ਤੋਂ ਸੱਤ ਦਿਨਾਂ ਦੇ ਅੰਦਰ ਅੰਦਰ ਰਿਪੋਰਟ ਮੰਗੀ ਹੈ। ਰੰਧਾਵਾ ਨੇ ਕਿਹਾ ਕਿ ਜੇਕਰ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਇਹ ਭਰਤੀ ਗ਼ੈਰਕਾਨੂੰਨੀ ਢੰਗ ਨਾਲ ਕੀਤੀ ਗਈ ਹੈ ਤਾਂ ਬਣਦੀ ਠੋਸ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹੀ ਮੀਡੀਆ ਵਿਚ ਗੱਲ ਸਾਹਮਣੇ ਆਈ ਸੀ ਕਿ ਸਾਲ 2013 ਤੋ ਲੈ ਕੇ 2021 ਤਕ ਮੁੱਖ ਮੰਤਰੀ ਸਕਿਓਰਟੀ ਦੇ ਨਾਂ ‘ਤੇ ਵੱਡੇ ਪੱਧਰ ‘ਤੇ ਗ਼ੈਰ ਪੰਜਾਬੀਆਂ ਦੀ ਭਰਤੀ ਕੀਤੀ ਗਈ ਹੈ। ਇਸੇ ਦੌਰਾਨ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਕੋਲੋਂ ਇਸ ਭਰਤੀ ਸਬੰਧੀ ਵੇਰਵਿਆਂ ਦੀ ਰਿਪੋਰਟ ਮੰਗੀ ਹੈ। ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।