Breaking News
Home / ਪੰਜਾਬ / ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ. ਪਾਵਰ ਲਿਮਟਿਡ ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ. ਪਾਵਰ ਲਿਮਟਿਡ ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਦਾ ਫੈਸਲਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤੀ ਪ੍ਰਵਾਨਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖਪਤਕਾਰਾਂ ਨੂੰ ਵਾਜਬ ਕੀਮਤਾਂ ‘ਤੇ ਬਿਹਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੀ.ਵੀ.ਕੇ. ਪਾਵਰ ਲਿਮਟਿਡ ਗੋਇੰਦਵਾਲ ਸਾਹਿਬ (2270 ਮੈਗਾਵਾਟ) ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ। ਇਸ ਦੌਰਾਨ ਪਾਵਰਕਾਮ ਨੇ ਕੰਪਨੀ ਨੂੰ ਸਮਝੌਤਾ ਰੱਦ ਕਰਨ ਦਾ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਾਵਰਕਾਮ ਵਲੋਂ ਬਿਜਲੀ ਸਮਝੌਤਾ ਰੱਦ ਕਰਨ ਲਈ ਜੀ.ਵੀ.ਕੇ. ਨੂੰ ਸ਼ੁਰੂਆਤੀ ਤੌਰ ‘ਤੇ ਡਿਫਾਲਟ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਇਸ ਨੋਟਿਸ ਦਾ ਆਧਾਰ ਉਚ ਬਿਜਲੀ ਲਾਗਤਾਂ ਅਤੇ ਨਿਰਧਾਰਤ ਮਾਪਦੰਡਾਂ ਦੇ ਮੁਤਾਬਕ ਮਾੜੀ ਕਾਰਗੁਜ਼ਾਰੀ, ਜੀ.ਵੀ.ਕੇ. ਤੋਂ ਬਿਜਲੀ ਦੀ ਖਰੀਦ ਇਕ ਸਾਲ ‘ਚ ਬਹੁਤੇ ਸਮਿਆਂ ਦੌਰਾਨ ਮਹਿਜ਼ 25 ਫ਼ੀਸਦੀ ਤੋਂ 30 ਫ਼ੀਸਦੀ ਤੱਕ ਹੀ ਕੀਤੇ ਜਾਣ ਦਾ ਆਧਾਰ ਹੈ, ਜਿਸ ਦੇ ਨਤੀਜੇ ਸਦਕਾ ਬੀਤੇ ਸਾਲ 7.52 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦਰਾਂ ਵੱਧ ਰਹੀਆਂ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਕਦਮ ਸੂਬੇ ਦੇ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਬਣਾਉਣ ਲਈ ਚੁੱਕਿਆ ਗਿਆ ਹੈ, ਜਿਸ ਨਾਲ ਬਿਜਲੀ ਦੀਆਂ ਕੀਮਤਾਂ ਦਾ ਬੋਝ ਘਟੇਗਾ। ਇਸ ਸੰਬੰਧੀ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਜੀ.ਵੀ.ਕੇ. ਦੁਆਰਾ ਪੀ.ਐਸ.ਪੀ.ਸੀ.ਐਲ.ਨਾਲ ਬਿਜਲੀ ਖ਼ਰੀਦ ਸਮਝੌਤਾ (ਪੀ.ਪੀ.ਏ.) ਕਰਨ ਦਾ ਮੂਲ ਆਧਾਰ ਪੀ.ਐਸ.ਪੀ.ਸੀ.ਐਲ.ਨੂੰ ਸਸਤੀ ਬਿਜਲੀ ਪ੍ਰਦਾਨ ਕਰਨਾ ਸੀ। ਜੀ.ਵੀ.ਕੇ. ‘ਸ਼ਕਤੀ’ ਨੀਤੀ ਤਹਿਤ ਕੋਲ ਇੰਡੀਆ ਲਿਮਟਿਡ ਤੋਂ ਕੋਲੇ ਦਾ ਪ੍ਰਬੰਧ ਕਰਕੇ ਬਿਜਲੀ ਪੈਦਾ ਕਰ ਰਿਹਾ ਸੀ। ਪੀ.ਪੀ.ਏ.ਦੇ ਅਨੁਸਾਰ ਜੀ.ਵੀ.ਕੇ. ਨੂੰ ਇਕ ਕੋਲੇ ਦੀ ਖਾਣ ਦਾ ਪ੍ਰਬੰਧ ਕਰਨ ਦੀ ਲੋੜ ਸੀ ਪਰ ਇਹ ਗਰਿੱਡ ਨਾਲ ਜੁੜਨ ਦੇ 5 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਜਿਹਾ ਕਰਨ ਵਿਚ ਅਸਫ਼ਲ ਰਿਹਾ।
ਚੰਨੀ ਨੇ ਬਲਬੀਰ ਸਿੰਘ ਰਾਜੇਵਾਲ ਤੋਂ ਮੰਗੇ ਸੁਝਾਅ
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ ‘ਤੇ ਗੱਲਬਾਤ ਕੀਤੀ। ਕਿਸਾਨ ਧਿਰਾਂ ਨਾਲ ਮੀਟਿੰਗ ਦੌਰਾਨ ਹੀ ਚੰਨੀ ਨੇ ਰਾਜੇਵਾਲ ਨੂੰ ਫੋਨ ‘ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾ ਰਹੇ ਹਨ ਅਤੇ ਚੰਨੀ ਨੇ ਇਸ ਬਾਰੇ ਰਾਜੇਵਾਲ ਤੋਂ ਮਸ਼ਵਰਾ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਧਿਰਾਂ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਮਸ਼ਵਰਾ ਦਿੱਤਾ ਜਾਵੇਗਾ, ਉਸ ਮੁਤਾਬਕ ਹੀ ਵਿਧਾਨ ਸਭਾ ਵਿਚ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਬਲਬੀਰ ਸਿੰਘ ਰਾਜੇਵਾਲ ਨਾਲ ਫ਼ੋਨ ‘ਤੇ ਗੱਲ ਕਰਦਿਆਂ ਕਿਹਾ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਜਿਹੜੀਆਂ ਗੱਲਾਂ ਕੱਚੀਆਂ ਰਹਿ ਗਈਆਂ ਸਨ, ਉਨ੍ਹਾਂ ਨੂੰ ਇਸ ਵਾਰ ਪੱਕਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਕੁਝ ਅਧਿਕਾਰੀਆਂ ਨੇ ਸ਼ਾਇਦ ਇਹ ਕਹਿ ਕਿ ਡਰਾ ਦਿੱਤਾ ਹੋਵੇ ਕਿ ਪੂਰੀ ਤਰ੍ਹਾਂ ਕਾਨੂੰਨ ਰੱਦ ਕਰਨ ‘ਤੇ ਸਰਕਾਰ ਟੁੱਟ ਸਕਦੀ ਹੈ, ਚੰਨੀ ਨੇ ਕਿਹਾ ਕਿ ਪਰ ਇਸ ਵਾਰ ਜੇਕਰ ਅਜਿਹਾ ਕਰਨ ਨਾਲ ਮੇਰੀ ਸਰਕਾਰ ਵੀ ਟੁੱਟ ਵੀ ਜਾਂਦੀ ਹੈ ਤਾਂ ਵੀ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ ਹੈ।
ਗੋਇੰਦਵਾਲ ਸਾਹਿਬ ਤੋਂ ਬਾਅਦ ਤਲਵੰਡੀ ਸਾਬੋ ਪਲਾਂਟ ਨਾਲ ਕੀਤਾ ਸਮਝੌਤਾ ਵੀ ਰੱਦ
ਚੰਡੀਗੜ੍ਹ : ਗੋਇੰਦਵਾਲ ਸਾਹਿਬ ਥਰਮਲ ਪਲਾਂਟ ਤੋਂ ਬਾਅਦ ਪੰਜਾਬ ਦੀ ਚੰਨੀ ਸਰਕਾਰ ਨੇ ਤਲਵੰਡੀ ਸਾਬੋ ਥਰਮਲ ਪਲਾਂਟ ਲਾਲ ਕੀਤਾ ਬਿਜਲੀ ਸਮਝੌਤਾ ਵੀ ਰੱਦ ਕਰਨ ਨੂੰ ਮਨਜੂਰੀ ਦੇ ਦਿੱਤੀ ਹੈ। ਪੀਐਸਪੀਸੀਐਲ ਨੂੰ ਤਲਵੰਡੀ ਸਾਬੋ ਪਾਵਰ ਪਲਾਂਟ ਨਾਲ ਕੀਤੇ ਖਰੀਦ ਸਮਝੌਤੇ ਨੂੰ ਰੱਦ ਕਰਨ ਲਈ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦੇ ਵੀ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਹ ਸਮਝੌਤਾ ਅਕਾਲੀ ਭਾਜਪਾ ਕਾਰਜਕਾਲ ਦੌਰਾਨ ਹੋਇਆ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਤਿੰਨ ਦਿਨ ਵਿਚ ਦੂਜੇ ਥਰਮਲ ਪਲਾਂਟ ਨਾਲ ਸਮਝੌਤਾ ਰੱਦ ਕਰਨ ਦਾ ਫੈਸਲਾ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਾਉਣ ਲਈ ਕੀਤਾ ਗਿਆ ਹੈ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …