ਰਿਸ਼ਵਤਖ਼ੋਰ ਅਧਿਕਾਰੀ ਤੇ ਮੁਲਾਜ਼ਮ ਬਖ਼ਸ਼ੇ ਨਹੀਂ ਜਾਣਗੇ : ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਰਿਸ਼ਵਤਖ਼ੋਰੀ ਦੇ ਮਾਮਲਿਆਂ ‘ਚ ਸ਼ਾਮਲ ਤੇ ਕੰਮਾਂ ‘ਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਰੜ-ਲਾਂਡਰਾਂ ਸੜਕ ‘ਤੇ ਸਥਿਤ ਇੱਕ ਪੈਲੇਸ ‘ਚ ਸੂਬਾ ਪੱਧਰੀ ਸਮਾਗਮ ਦੌਰਾਨ ਸਹਿਕਾਰਤਾ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡ ਰਹੇ ਸਨ। ਮੁੱਖ ਮੰਤਰੀ ਨੇ ਪੁਲਿਸ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਰੇਤ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲਣਾ ਯਕੀਨੀ ਬਣਾਇਆ ਜਾਵੇ ਤੇ ਜੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਭ੍ਰਿਸ਼ਟਾਚਾਰ ‘ਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਹਫ਼ਤਾ ਵਸੂਲੀ ਤੁਰੰਤ ਬੰਦ ਕੀਤੀ ਜਾਵੇ।
ਉਨ੍ਹਾਂ ਵਿਜੀਲੈਂਸ ਨੂੰ ਵੀ ਆਦੇਸ਼ ਦਿੱਤੇ ਕਿ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ‘ਤੇ ਫੌਰੀ ਕਾਰਵਾਈ ਕੀਤੀ ਜਾਵੇ।