ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਡੀਜੀਪੀ ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਨਾਲ ਹੋਏ ਬਵਾਲ ਤੋਂ ਬਾਅਦ ਇਕ ਹੋਰ ਨਿਯੁਕਤੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ, ਉਥੇ ਹੀ ਮੁਕੇਸ਼ ਬੇਰੀ ਨੂੰ ਲਾਅ ਅਫਸਰ ਬਣਾਇਆ ਗਿਆ ਹੈ। ਧਿਆਨ ਰਹੇ ਕਿ ਪੰਜਾਬ ਵਿਚ ਸੁਖਜਿੰਦਰ ਸਿੰਘ ਰੰਧਾਵਾ ਦੇ ਕੋਲ ਹੀ ਗ੍ਰਹਿ ਵਿਭਾਗ ਹੈ। ਇਸ ਲਈ ਵਿਰੋਧੀਆਂ ਨੇ ਸਿਆਸੀ ਹਮਲੇ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਹਰ ਘਰ ਨੌਕਰੀ ਦੇ ਵਾਅਦੇ ਨੂੰ ਪੂਰਾ ਕਰ ਰਹੀ ਹੈ, ਹਾਲਾਂਕਿ ਇਸ ਵਿਚ ਥੋੜ੍ਹਾ ਬਦਲਾਅ ਹੋਇਆ ਹੈ। ਇਹ ਨੌਕਰੀਆਂ ਸਿਰਫ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਲਈ ਹਨ। ਚੱਢਾ ਨੇ ਕਿਹਾ ਕਿ ਇਸਦੀ ਤਾਜ਼ਾ ਮਿਸਾਲ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਦਾ ਅਹੁਦਾ ਦੇਣਾ ਹੈ। ਜ਼ਿਕਰਯੋਗ ਹੈ ਕਿ ਗ੍ਰਹਿ ਵਿਭਾਗ ਦੇ ਨਿਰਦੇਸ਼ ਮੁਤਾਬਕ, ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਹੁਣ ਹਾਈਕੋਰਟ ਵਿਚ ਪੰਜਾਬ ਸਰਕਾਰ ਵਲੋਂ ਕੇਸਾਂ ਦੀ ਪੈਰਵਾਈ ਕਰਨਗੇ। ਇਹ ਨਿਯੁਕਤੀ ਕੰਟਰੈਕਟ ’ਤੇ ਕੀਤੀ ਗਈ ਹੈ, ਜਿਸ ਲਈ 31 ਮਾਰਚ ਤੱਕ ਦਾ ਸਮਾਂ ਤੈਅ ਕੀਤਾ ਗਿਆ ਹੈ। ਤਦ ਤੱਕ ਪੰਜਾਬ ਵਿਚ ਚਰਨਜੀਤ ਚੰਨੀ ਦੀ ਮੌਜੂਦਾ ਸਰਕਾਰ ਦਾ ਵੀ ਕਾਰਜਕਾਲ ਰਹੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …