ਕਿਹਾ, ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ’ਚ ਚੁਣੌਤੀ ਕਿਉਂ ਨਹੀਂ ਦਿੱਤੀ?
ਚੰਡੀਗੜ੍ਹ/ਬਿਊਰੋ ਨਿਊਜ਼
ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਦੇ ਫ਼ੈਸਲੇ ਨੂੰ ਇਕ ਮਹੀਨਾ ਹੋਣ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਨੇ ਅਜੇ ਤੱਕ ਸੁਪਰੀਮ ਕੋਰਟ ਵਿਚ ਆਰਟੀਕਲ 131 ਦੇ ਤਹਿਤ ਇਸ ਨੂੰ ਲੈ ਕੇ ਚੁਣੌਤੀ ਕਿਉਂ ਨਹੀਂ ਦਿੱਤੀ। ਮਨੀਸ਼ ਤਿਵਾੜੀ ਨੇ ਕਿਹਾ ਕਿ ਕੀ ਫ਼ੈਸਲੇ ਦਾ ਵਿਰੋਧ ਮਹਿਜ਼ ਇਕ ਖਾਨਾਪੂਰਤੀ ਹੈ। ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਹ ਸਵਾਲ ਉਸ ਸਮੇਂ ਕੀਤਾ ਜਦੋਂ ਪੰਜਾਬ ਵਿਧਾਨ ਦਾ ਇਜਲਾਸ ਚੱਲ ਰਿਹਾ ਹੈ ਅਤੇ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਖਿਲਾਫ ਇਜਲਾਸ ਵਿਚ ਮਤਾ ਵੀ ਲਿਆਂਦਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸੇ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਵੀ ਕਰ ਚੁੱਕੇ ਹਨ। ਬੀ.ਐਸ.ਐਫ. ਦੇ ਵਧੇ ਖੇਤਰ ਨੂੰ ਲੈ ਕੇ ਚੰਨੀ ਵੀ ਸਵਾਲਾਂ ਵਿਚ ਘਿਰੇ ਹੋਏ ਹਨ, ਕਿਉਂਕਿ ਜਦੋਂ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ, ਉਸ ਤੋਂ ਬਾਅਦ ਹੀ ਇਸ ਬਾਰੇ ਫੈਸਲਾ ਆਇਆ ਸੀ।