ਵੜਿੰਗ ਨੇ ਕੈਪਟਨ ਸਰਕਾਰ ਨੂੰ ਦੱਸਿਆ ਸਮਝੌਤਾਵਾਦੀ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਕਾਰਨ ਵਿਭਾਗ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵਲੋਂ ਅਕਤੂਬਰ ਮਹੀਨੇ ਵਿਚ ਗੈਰਕਾਨੂੰਨੀ ਤਰੀਕੇ ਨਾਲ ਚੱਲ ਰਹੀਆਂ 304 ਬੱਸਾਂ ਇੰਪਾਊਂਡ ਕੀਤੀਆਂ ਗਈਆਂ ਹਨ। ਵੜਿੰਗ ਨੇ ਕਿਹਾ ਕਿ ਇਹ ਬੱਸਾਂ ਬਿਨਾ ਟੈਕਸ, ਬਿਨਾ ਪਰਮਿਟ ਤੋਂ ਚੱਲ ਰਹੀਆਂ ਸਨ ਅਤੇ ਇਸ ਦੌਰਾਨ 68 ਬੱਸਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸਦੇ ਨਤੀਜੇ ਵਜੋਂ 7 ਕਰੋੜ ਰੁਪਏ ਦਾ ਰੈਵੀਨਿਊ ਪ੍ਰਾਪਤ ਹੋਇਆ ਅਤੇ ਅਜੇ ਕਾਫੀ ਬਕਾਇਆ ਰਹਿੰਦਾ ਵੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਦੱਸਿਆ ਕਿ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਵਾਲੇ ਬੱਸ ਅਪਰੇਟਰਾਂ ਨੂੰ ਨੱਥ ਪਾਉਣ ਨਾਲ ਵਿਭਾਗ ਨੂੰ ਰੋਜ਼ਾਨਾ ਆਮਦਨ ਵਿੱਚ ਇਜ਼ਾਫ਼ਾ ਹੋਣਾ ਸ਼ੁਰੂ ਹੋ ਗਿਆ ਹੈ। ਵੜਿੰਗ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਸਮਝੌਤਾਵਾਦੀ ਸਰਕਾਰ ਦੱਸਿਆ ਅਤੇ ਕਿਹਾ ਕਿ ਕੈਪਟਨ ਸਰਕਾਰ ਨੇ ਅੰਦਰਖਾਤੇ ਬੱਸ ਮਾਫੀਆ ਨਾਲ ਯਾਰੀ ਪੁਗਾਈ।