ਸਿੱਧੂ ਬੋਲੇ, ਕਾਲੇ ਖੇਤੀ ਕਾਨੂੰਨ ਅਕਾਲੀ ਦਲ ਦੀ ਦੇਣ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵਿਚ ਜਬਰਦਸਤ ਹੰਗਾਮਾ ਹੋਇਆ। ਵਿਧਾਨ ਸਭਾ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਹ ਮੁੱਦਾ ਚੁੱਕਿਆ। ਸਿੱਧੂ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਅਤੇ ਕਿਸਾਨਾਂ ਦੀ ਕਰਜ਼ ਮੁਆਫ਼ੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਚੰਗਾ ਕੰਮ ਕਰਦਾ ਹੈ ਤਾਂ ਉਸ ਦੀ ਸ਼ਲਾਘਾ ਜ਼ਰੂਰ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਸਿੱਧੂ ਨੇ ਅਕਾਲੀ ਦਲ ’ਤੇ ਹਮਲਾ ਕਰਦਿਆਂ ਕਿਹਾ ਕਿ ਕਾਲੇ ਕਾਨੂੰਨ ਅਕਾਲੀ ਦਲ ਦੀ ਦੇਣ ਹੈ। ਉਨ੍ਹਾਂ ਕਿਹਾ ਕਿ 2013 ’ਚ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਫਾਰਮਿੰਗ ਐਕਟ ਬਣਾਇਆ ਸੀ, ਇਹ ਖੇਤੀ ਕਾਨੂੰਨ ਉਸੇ ਦੀ ਹੀ ਨਕਲ ਹਨ ਅਤੇ ਇਸ ਕਰਕੇ ਪੰਜਾਬ ਸਭ ਤੋਂ ਜ਼ਿਆਦਾ ਕਰਜਈ ਸੂਬਾ ਬਣ ਗਿਆ। ਇਹ ਸੁਣਦਿਆਂ ਹੀ ਅਕਾਲੀ ਦਲ ਭੜਕ ਉਠਿਆ। ਉਨ੍ਹਾਂ ਨੇ ਵਿਧਾਨ ਸਭਾ ’ਚ ਠੋਕੋ ਤਾਲੀ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਅਕਾਲੀ ਦਲ ਨੇ ਕਿਹਾ ਕਿ ਜਦੋਂ ਇਹ ਕਾਨੂੰਨ ਬਣੇ ਤਾਂ ਨਵਜੋਤ ਸਿੱਧੂ ਦੀ ਪਤਨੀ ਵੀ ਅਕਾਲੀ-ਭਾਜਪਾ ਸਰਕਾਰ ’ਚ ਹੀ ਸੀ ਅਤੇ ਉਨ੍ਹਾਂ ਨੇ ਇਸ ਦਾ ਸਮਰਥਨ ਕੀਤਾ ਸੀ। ਇਸ ਗੱਲ ਨੂੰ ਲੈ ਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੱਧੂ ਵਿਚਾਲੇ ਤਿੱਖੀ ਨੋਕ-ਝੋਕ ਹੋਈ। ਸਿੱਧੂ ਨੇ ਮਜੀਠੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲਦੀ ਹੀ ਐਸਟੀਐਫ ਦੀ ਰਿਪੋਰਟ ਜਨਤਕ ਹੋਣ ਵਾਲੀ ਹੈ।