-0.4 C
Toronto
Sunday, November 9, 2025
spot_img
Homeਪੰਜਾਬਪੰਜਾਬ 'ਚ 10ਵੀਂ ਤੱਕ ਸਾਰੇ ਸਕੂਲਾਂ ਵਿਚ ਪੰਜਾਬੀ ਲਾਜ਼ਮੀ

ਪੰਜਾਬ ‘ਚ 10ਵੀਂ ਤੱਕ ਸਾਰੇ ਸਕੂਲਾਂ ਵਿਚ ਪੰਜਾਬੀ ਲਾਜ਼ਮੀ

ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ‘ਤੇ ਹੋਵੇਗਾ ਜੁਰਮਾਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਕੂਲਾਂ ‘ਚ ਪਹਿਲੀ ਤੋਂ 10ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਬਾਰੇ ਪੰਜਾਬ ਐਕਟ-2008’ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਨਾਲ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਰਾਸ਼ੀ 25,000, 50,000 ਤੇ 1 ਲੱਖ ਤੋਂ ਵਧਾ ਕੇ ਕ੍ਰਮਵਾਰ 50,000, 1 ਲੱਖ ਰੁਪਏ ਤੇ 2 ਲੱਖ ਰੁਪਏ ਹੋ ਜਾਵੇਗੀ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਮੁਤਾਬਕ ਕੋਈ ਵੀ ਸਕੂਲ ਜਿਹੜਾ ਐਕਟ ਦੇ ਉਪਬੰਧਾਂ ਜਾਂ ਇਸ ਅਧੀਨ ਬਣਾਏ ਨਿਯਮਾਂ ਦੀ ਇਕ ਮਹੀਨੇ ਤੋਂ ਵੱਧ ਸਮੇਂ ਲਈ ਪਹਿਲੀ ਵਾਰ ਉਲੰਘਣਾ ਕਰੇਗਾ, ਉਹ 50 ਹਜ਼ਾਰ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਤੇ ਇਸ ਅਧੀਨ ਬਣਾਏ ਨਿਯਮਾਂ ਦੀ ਇਕ ਮਹੀਨੇ ਤੋਂ ਵੱਧ ਸਮੇਂ ਲਈ ਦੂਜੀ ਵਾਰ ਉਲੰਘਣਾ ਕਰੇਗਾ ਤਾਂ ਉਹ 1 ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ ਤੇ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਤੇ ਇਸ ਅਧੀਨ ਬਣਾਏ ਨਿਯਮਾਂ ਦੀ 1 ਮਹੀਨੇ ਤੋਂ ਵੱਧ ਸਮੇਂ ਲਈ ਤੀਜੀ ਵਾਰ ਉਲੰਘਣਾ ਕਰੇਗਾ ਤਾਂ ਉਹ 2 ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ।
ਇਸੇ ਤਰ੍ਹਾਂ ਧਾਰਾ 8 ਅਧੀਨ ਉਪ-ਧਾਰਾ 1-ਏ ਵੀ ਸ਼ਾਮਿਲ ਕੀਤੀ ਗਈ ਹੈ, ਜਿਸ ਮੁਤਾਬਕ ਸੂਬਾ ਸਰਕਾਰ ਜਿਥੇ ਵੀ ਇਹ ਮਹਿਸੂਸ ਕਰੇ ਕਿ ਅਜਿਹਾ ਕੀਤਾ ਜਾਣਾ ਲੋੜੀਂਦਾ ਤੇ ਵਿਵਹਾਰਿਕ ਹੈ ਤਾਂ ਲਿਖਤੀ ਰੂਪ ਵਿਚ ਕਾਰਨ ਸਪੱਸਟ ਕਰਕੇ ਸੂਬਾ ਸਰਕਾਰ ਸਰਕਾਰੀ ਗਜਟ ਵਿਚ ਅਧਿਸੂਚਨਾ ਜਾਰੀ ਕਰਕੇ ਐਕਟ ਦੀ ਧਾਰਾ 8 ਦੀ ਉਪ ਧਾਰਾ 1 ਅਧੀਨ ਨਿਰਧਾਰਤ ਕੀਤੇ ਜੁਰਮਾਨਿਆਂ ਨੂੰ ਵਧਾ ਜਾਂ ਘਟਾ ਸਕਦੀ ਹੈ। ਇਸੇ ਤਰ੍ਹਾਂ ਐਕਟ ਦੀ ਧਾਰਾ 2 ਦੀ ਕਲਾਜ (ਈ) ਵਿਚ ਸਕੂਲ ਸ਼ਬਦ ਦੀ ਪਰਿਭਾਸ਼ਾ ਇਸ ਤਰ੍ਹਾਂ ਦਿੱਤੀ ਗਈ ਹੈ, ਜਿਸ ਅਨੁਸਾਰ ਸਕੂਲ ਦਾ ਅਰਥ ਕੋਈ ਵੀ ਪ੍ਰਾਇਮਰੀ ਸਕੂਲ, ਮਿਡਲ ਸਕੂਲ, ਹਾਈ ਸਕੂਲ, ਤੇ ਸੀਨੀਅਰ ਸੈਕੰਡਰੀ ਸਕੂਲ ਹੈ, ਜਿਸ ਦਾ ਰਾਜ ਸਰਕਾਰ ਜਾਂ ਸਥਾਨਕ ਸੰਸਥਾ ਜਾਂ ਪੰਚਾਇਤ, ਸੁਸਾਇਟੀ ਜਾਂ ਟਰੱਸਟ ਵਲੋਂ ਸਥਾਪਿਤ ਕਰਕੇ ਉਸ ਦਾ ਰੱਖ-ਰਖਾਅ ਕੀਤਾ ਜਾਂਦਾ ਹੋਵੇ ਜਾਂ ਅਜਿਹੇ ਹੋਰ ਸਕੂਲ ਜਿਹੜੇ ਰਾਜ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਨੋਟੀਫਾਈ ਕੀਤੇ ਜਾਣ। ਇਹ ਦੱਸਿਆ ਜਾਂਦਾ ਹੈ ਕਿ ਉਕਤ ਪਰਿਭਾਸ਼ਾ ਦੀ ਪੈਰਵੀ ਵਿਚ ਸੂਬਾ ਸਰਕਾਰ ਵਲੋਂ ਨੋਟੀਫਿਕੇਸ਼ਨ 22 ਮਾਰਚ, 2010 ਰਾਹੀਂ ਪਹਿਲਾਂ ਹੀ ਕੇਂਦਰੀ ਵਿਦਿਆਲੇ, ਨਵੋਦਿਆ ਵਿਦਿਆਲੇ ਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਤੇ ਇੰਡੀਅਨ ਕੌਂਸਲ ਆਫ ਸੈਕੰਡਰੀ ਐਜੂਕੇਸ਼ਨ ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ ਇਸ ਐਕਟ ਦੇ ਮੰਤਵ ਲਈ ਨੋਟੀਫਾਈ ਕੀਤਾ ਹੋਇਆ ਹੈ। ਸਮੇਂ ਦੇ ਗੁਜ਼ਰਨ ਨਾਲ ਇਹ ਮਹਿਸੂਸ ਕੀਤਾ ਗਿਆ ਹੈ ਕਿ ਨਿਰਧਾਰਤ ਕੀਤਾ ਗਿਆ ਜੁਰਮਾਨਾ ਘੱਟ ਹੈ।
ਇਸ ਲਈ ਜਿਨ੍ਹਾਂ ਮਨੋਰਥਾਂ ਨਾਲ ਇਹ ਐਕਟ ਲਾਗੂ ਕੀਤਾ ਗਿਆ ਸੀ, ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਤੇ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਐਕਟ ਦੀ ਧਾਰਾ 8 ਦੀ ਉਪ ਧਾਰਾ 1 ਵਿਚ ਨਿਰਧਾਰਤ ਕੀਤੇ ਜੁਰਮਾਨਿਆਂ ਨੂੰ ਵਧਾਉਣ ਦੀ ਲੋੜ ਬਣ ਗਈ ਹੈ।

 

RELATED ARTICLES
POPULAR POSTS