ਉਲੰਘਣਾ ਕਰਨ ਵਾਲੇ ਸਕੂਲ ਨੂੰ ਹੋਵੇਗਾ 2 ਲੱਖ ਰੁਪਏ ਤੱਕ ਦਾ ਜੁਰਮਾਨਾ
ਚੰਡੀਗੜ੍ਹ : ਪੰਜਾਬ ਵਿਚ ਮਾਂ ਬੋਲੀ ਪੰਜਾਬੀ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਲੰਘੀ ਦੇਰ ਪੰਜਾਬ ਵਿਧਾਨ ਸਭਾ ਵਿਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਦੋ ਅਹਿਮ ਬਿਲ ਪੇਸ਼ ਕੀਤੇ ਗਏ। ਜਿਨ੍ਹਾਂ ਵਿਚ ਸਭ ਤੋਂ ਪਹਿਲਾਂ ਸੂਬੇ ਦੇ ਸਾਰੇ ਸਕੂਲਾਂ ਵਿਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖਤੀ ਨਾਲ ਲਾਗੂ ਕਰਨ ਲਈ ਬਿਲ ਪਾਸ ਕੀਤਾ ਗਿਆ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਨੂੰ 2 ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ। ਦੂਜਾ ਬਿਲ ਪੰਜਾਬ ਰਾਜ ਭਾਸ਼ਾ ਬਿਲ ਪਾਸ ਕੀਤਾ ਗਿਆ, ਜਿਸ ਤਹਿਤ ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ਵਿਚ ਨਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਜ਼ਾ ਤੋਂ ਇਲਾਵਾ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਸੂਬਾ ਸਰਕਾਰ ਦੀ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧਤਾ ਦੁਹਰਾਇਆਂ ਕਿਹਾ ਕਿ ਜਿੱਥੇ ਸੂਬੇ ਦੇ ਸਾਰੇ ਸਕੂਲਾਂ ‘ਚ ਦਸਵੀਂ ਤੱਕ ਪੰਜਾਬੀ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਈ ਜਾਵੇਗੀ, ਉਥੇ ਹੀ ਸੂਬੇ ਅੰਦਰ ਸਾਰੇ ਬੋਰਡਾਂ ‘ਤੇ ਪੰਜਾਬੀ ਨੂੰ ਸਭ ਤੋਂ ਉਪਰ ਲਿਖਣਾ ਯਕੀਨੀ ਬਣਾਇਆ ਜਾਵੇਗਾ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ, ਜਿਸ ਨੂੰ ਪ੍ਰਫੁੱਲਤ ਕਰਨ ਲਈ ਅਸੀਂ ਹਰ ਸੰਭਵ ਯਤਨ ਕਰਾਂਗੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …