ਜਨਤਾ ਸਾਹਮਣੇ ਹੰਕਾਰ ਨਹੀਂ ਚੱਲੇਗਾ : ਕੇਜਰੀਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਵਲੋਂ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਨੂੰ ਜਨਤੰਤਰ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਖਰ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ। ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਅੱਜ ਇਕ ਸੁਨਹਿਰਾ ਦਿਨ ਹੈ। ਅੱਜ ਦਾ ਦਿਨ ਭਾਰਤੀ ਇਤਿਹਾਸ ਵਿਚ 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅੱਜ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਣਾ ਪਿਆ ਹੈ ਅਤੇ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਪਏ ਹਨ ਅਤੇ ਇਹ ਸਿਰਫ ਕਿਸਾਨਾਂ ਦੀ ਜਿੱਤ ਨਹੀਂ ਹੋਈ, ਸਗੋਂ ਜਨਤੰਤਰ ਦੀ ਵੀ ਜਿੱਤ ਹੋਈ ਹੈ। ਕੇਜਰੀਵਾਲ ਨੇ ਕਿਹਾ ਕਿ ਕਿਸਾਨਾਂ ਨੇ ਸਾਰੀਆਂ ਸਰਕਾਰਾਂ ਨੂੰ ਦੱਸ ਦਿੱਤਾ ਕਿ ਜਨਤੰਤਰ ਵਿਚ ਸਰਕਾਰਾਂ ਨੂੰ ਹਮੇਸ਼ਾ ਜਨਤਾ ਦੀ ਗੱਲ ਸੁਣਨੀ ਪਵੇਗੀ। ਕੋਈ ਵੀ ਪਾਰਟੀ ਜਾਂ ਨੇਤਾ ਹੋਵੇ, ਜਨਤਾ ਦੇ ਸਾਹਮਣੇ ਹੰਕਾਰ ਨਹੀਂ ਚੱਲੇਗਾ। ਕੇਜਰੀਵਾਲ ਨੇ ਕਿਹਾ ਕਿ ਇਹ ਇਕ ਅਜਿਹਾ ਸੰਘਰਸ਼ ਸੀ, ਜਿਸ ਨੇ ਪੂਰੇ ਦੇਸ਼ ਨੂੰ ਇਕ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ਵਿਦੇਸ਼ਾਂ ਵਿਚ ਰਹਿਣ ਵਾਲੇ ਭਾਰਤੀ ਵੀ ਇਕ ਹੋ ਗਏ ਅਤੇ ਸਾਰਿਆਂ ਨੇ ਮਿਲ ਕੇ ਅੱਜ ਇਹ ਇਤਿਹਾਸ ਰਚਿਆ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …