ਚੰਨੀ ਨੇ ਕਿਹਾ, ਬੀ.ਐਸ.ਐਫ. ਦੇ ਮੁੱਦੇ ’ਤੇ ਵੀ ਕਿਸਾਨ ਸਾਡੇ ਨਾਲ ਆਉਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਦੇਰ ਨਾਲ ਲਿਆ ਪਰ ਸਵਾਗਤਯੋਗ ਕਦਮ ਕਰਾਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਫ਼ੈਸਲਾ ਪਹਿਲਾਂ ਲਿਆ ਹੁੰਦਾ ਤਾਂ ਅਨੇਕਾਂ ਕੀਮਤੀ ਜਾਨਾਂ ਬਚ ਜਾਂਦੀਆਂ। ਚੰਨੀ ਨੇ ਕਿਸਾਨ ਅੰਦੋਲਨ ਨੂੰ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡਾ ਅੰਦੋਲਨ ਦੱਸਿਆ ਅਤੇ ਕਿਹਾ ਕਿ ਹੁਣ ਬੀਐਸਐਫ ਦੇ ਮੁੱਦੇ ’ਤੇ ਵੀ ਕਿਸਾਨਾਂ ਨੂੰ ਪੰਜਾਬ ਸਰਕਾਰ ਨਾਲ ਆਉਣਾ ਚਾਹੀਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਵਾਪਰੀਆਂ ਲਖੀਮਪੁਰ ਖੀਰੀ ਵਰਗੀਆਂ ਘਟਨਾਵਾਂ ਨੇ ਜਮਹੂਰੀਅਤ ਦੇ ਨਾਂ ’ਤੇ ਕਲੰਕ ਲਾਇਆ ਅਤੇ ਲੋਕ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸਦੇ ਅਜਿਹੇ ਮਾੜੇ ਕੰਮਾਂ ਲਈ ਕਦੇ ਮੁਆਫ ਨਹੀਂ ਕਰਨਗੇ। ਚੰਨੀ ਨੇ ਕਿਹਾ ਕਿ ਹੁਣ ਜਦੋਂ ਪ੍ਰਧਾਨ ਮੰਤਰੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਤਾਂ ਕਿਸਾਨਾਂ ਨੂੰ ਉਨ੍ਹਾਂ ਦੇ ਜਾਨ-ਮਾਲ ਦੇ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ।