Breaking News
Home / ਭਾਰਤ / ਕਿਸਾਨਾਂ ਦੇ ਏਕੇ ਦੀ ਹੋਈ ਜਿੱਤ

ਕਿਸਾਨਾਂ ਦੇ ਏਕੇ ਦੀ ਹੋਈ ਜਿੱਤ

ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਮ ਸੰਬੋਧਨ ਕੀਤਾ ਅਤੇ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਮੋਦੀ ਨੇ 14 ਮਹੀਨੇ ਪਹਿਲਾਂ ਲਿਆਂਦੇ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਵੀ ਕਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਲੈ ਕੇ ਆਈ ਸੀ, ਪਰ ਅਸੀਂ ਕਿਸਾਨਾਂ ਨੂੰ ਸਮਝਾਉਣ ਵਿਚ ਨਾਕਾਮ ਰਹੇ। ਮੋਦੀ ਨੇ ਕਿਹਾ ਕਿ ਅਸੀਂ ਇਸੇ ਮਹੀਨੇ ਕਾਨੂੰਨ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਨੂੰ ਵੀ ਪੂਰੀ ਕਰ ਦਿਆਂਗੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਹੁਣ ਆਪਣੇ ਘਰਾਂ ਨੂੰ ਪਰਤ ਜਾਣ। ਮੋਦੀ ਨੇ ਕਿਹਾ ਕਿ ਐਮ.ਐਸ.ਪੀ. ਸਬੰਧੀ ਵੀ ਕਮੇਟੀ ਬਣਾਈ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਾ ਹਾਂ ਅਤੇ ਡੇਢ ਸਾਲ ਬਾਅਦ ਕਰਤਾਰਪੁਰ ਕੌਰੀਡੋਰ ਫਿਰ ਤੋਂ ਖੁੱਲ੍ਹ ਗਿਆ ਹੈ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਸਾਨਾਂ ਦੀ ਹੋਈ ਜਿੱਤ ’ਤੇ ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਸਣੇ ਪੂਰੇ ਦੇਸ਼ ਵਿਚ ਖੁਸ਼ੀ ਦਾ ਮਾਹੌਲ ਹੈ। ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੀ ਸਾਰੀ ਕੈਬਨਿਟ, ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਭਾਜਪਾ ਦੇ ਸਾਰੇ ਆਗੂਆਂ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਅਤੇ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਸਵਾਗਤ ਕੀਤਾ ਹੈ।

Check Also

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …