ਕਿਹਾ- ਢੁਕਵਾਂ ਸਮਾਂ ਆਉਣ ’ਤੇ ਕਰਾਂਗੇ ਮੁੱਖ ਮੰਤਰੀ ਚਿਹਰੇ ਦਾ ਐਲਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਦੋ ਦਿਨਾ ਦੌਰੇ ’ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮਿ੍ਰਤਸਰ ਵਿਖੇ ਪਹੁੰਚੇ। ਇਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਵੱਲੋਂ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਣ ’ਤੇ ਬੋਲਦਿਆਂ ਕਿਹਾ ਕਿ ਜੇਕਰ ਅਸੀਂ ਦਲ ਬਦਲੀ ਦੀ ਗੱਲ ਕਰੀਏ ਤਾਂ ਸਾਡੇ ਦੋ ਵਿਧਾਇਕ ਹੀ ਕਾਂਗਰਸ ’ਚ ਗਏ ਹਨ, ਪ੍ਰੰਤੂ ਮੈਂ ਦਾਅਵਾ ਕਰਦਾ ਹੈ ਕਿ ਜੇਕਰ ਅਸੀਂ ਚਾਹੀਏ ਤਾਂ ਸ਼ਾਮ ਤੱਕ 25 ਕਾਂਗਰਸੀ ਵਿਧਾਇਕ ਅਤੇ 2 ਦੋ ਸੰਸਦ ਮੈਂਬਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰੰਤੂ ਕਾਂਗਰਸ ਪਾਰਟੀ ਦੇ ਕੂੜੇ ਲਈ ਆਮ ਆਦਮੀ ਪਾਰਟੀ ’ਚ ਕੋਈ ਥਾਂ ਨਹੀਂ।
ਇਸੇ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਉਨ੍ਹਾਂ ’ਤੇ ਕਈ ਵੱਡੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਦੀ ਜਨਤਾ ਦੇ ਮੁੱਦੇ ਚੁੱਕਣ ਵਿਚ ਲੱਗੇ ਹੋਏ ਹਨ ਪ੍ਰੰਤੂ ਪੰਜਾਬ ਦੀ ਚੰਨੀ ਸਰਕਾਰ ਉਨ੍ਹਾਂ ਨੂੰ ਦਬਾਉਣ ’ਚ ਲਗੀ ਹੋਈ ਹੈ। ਇਸ ਤੋਂ ਪਹਿਲਾਂ ਸਿੱਧੂ ਨੂੰ ਕੈਪਟਨ ਵੱਲੋਂ ਵੀ ਦਬਾਇਆ ਜਾਂਦਾ ਰਿਹਾ ਹੈ। ਕੇਜਰੀਵਾਲ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਅਧਿਆਪਕਾਂ ਲਈ 8 ਗਰੰਟੀਆਂ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਧਿਆਪਕਾਂ ਨੂੰ ਵਧੀਆ ਮਾਹੌਲ ਦੇਵਾਂਗੇ ਤੇ ਸਿੱਖਿਆ ਖੇਤਰ ’ਚ ਕ੍ਰਾਂਤੀ ਲੈ ਕੇ ਆਵਾਂਗੇ ਅਤੇ ਜਿੰਨੇ ਵੀ ਅਧਿਆਪਕ ਆਊਟ ਸੋਰਸ ਜਾਂ ਠੇਕੇ ’ਤੇ ਕੰਮ ਕਰ ਰਹੇ ਹਨ ਸਭ ਨੂੰ ਪੱਕਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਪਰਮੋਸ਼ਨ ਵੀ ਸਮੇਂ ਅਨੁਸਾਰ ਹੋਵੇਗੀ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੈਸ਼ਲੈਸ ਸਿਹਤ ਬੀਮਾ ਵੀ ਕੀਤਾ ਜਾਵੇਗਾ। ਮੁੱਖ ਮੰਤਰੀ ਚਿਹਰੇ ਬਾਰੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਢੁਕਵਾਂ ਸਮਾਂ ਆਉਣ ’ਤੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …