ਮੁੱਖ ਚਰਨਜੀਤ ਸਿੰਘ ਚੰਨੀ ਨੇ ਕੀਤਾ ਐਲਾਨ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹੁੰਚੇ। ਇਥੇ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਨੂੰ ਰਾਹਤ ਦਿੰਦਿਆਂ ਕਈ ਵੱਡੇ ਐਲਾਨ ਵੀ ਕੀਤੇ। ਕਰਜ਼ੇ ’ਚ ਡੁੁਬੀ ਯੂਨੀਵਰਸਿਟੀ ਨੂੰ ਰਾਹਤ ਦਿੰਦਿਆਂ ਉਨ੍ਹਾਂ ਐਲਾਨ ਕੀਤਾ ਕਿ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ਾ ਪੰਜਾਬ ਸਰਕਾਰ ਉਤਾਰੇਗੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਯੂਨੀਵਰਸਿਟੀ ਨੂੰ ਹਰ ਸਾਲ 20 ਕਰੋੜ ਰੁਪਏ ਗ੍ਰਾਂਟ ਦਿੱਤੀ ਜਾਵੇਗੀ ਜੋ ਕਿ ਪਹਿਲਾਂ ਸਾਢੇ 9 ਕਰੋੜ ਰੁਪਏ ਦਿੱਤੀ ਜਾਂਦੀ ਸੀ। ਚੰਨੀ ਨੇ ਕਿਹਾ ਕਿ ਅਸੀਂ ਸਿੱਖਿਆ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਨਵਾਂ ਮਾਡਲ ਪੇਸ਼ ਕਰਾਂਗੇ। ਕੇਜਰੀਵਾਲ ਵੱਲੋਂ ਚੰਨੀ ਨੂੰ ਨਕਲੀ ਚੰਨੀ ਆਖੇ ਜਾਣ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਸੀਂ ਕਿਸੇ ਦੀ ਨਕਲ ਨਹੀਂ ਕਰਦੇ ਬਲਕਿ ਆਪਣੇ ਤਹਿ ਕੀਤੇ ਪ੍ਰੋਗਰਾਮਾਂ ਅਨੁਸਾਰ ਕੰਮ ਕਰ ਰਹੇ ਹਾਂ। ਯੂਨੀਵਰਸਿਟੀ ਪਹੁੰਚਣ ’ਤੇ ਵੱਖ-ਵੱਖ ਅਧਿਆਪਕ ਯੂਨੀਅਨਾਂ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਖਿਲਾਫ਼ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਧੱਕਾ-ਮੁੱਕੀ ਵੀ ਹੋਈ।