ਮਹਾਰਾਣੀ ਪਰਨੀਤ ਕੌਰ ਨੂੰ ਭੇਜਿਆ ਕਾਰਨ ਦੱਸੋ ਨੋਟਿਸ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਸਿਆਸਤ ਵਿਚ ਬੁਰੀ ਤਰ੍ਹਾਂ ਫਸ ਗਈ ਹੈ। ਕੈਪਟਨ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਜੇਕਰ ਖੁਦ ਕਾਂਗਰਸ ਪਾਰਟੀ ਨੂੰ ਛੱਡਦੀ ਹੈ ਤਾਂ ਫਿਰ ਦਲਬਦਲੂ ਕਾਨੂੰਨ ਦੇ ਤਹਿਤ ਸੰਸਦ ਮੈਂਬਰ ਦਾ ਅਹੁਦਾ ਵੀ ਛੱਡਣਾ ਪਵੇਗਾ। ਜੇਕਰ ਪਾਰਟੀ ਉਨ੍ਹਾਂ ਨੂੰ ਖੁਦ ਪਾਰਟੀ ਵਿਚੋਂ ਕੱਢਦੀ ਹੈ ਤਾਂ ਫਿਰ ਉਹ ਸੰਸਦ ਮੈਂਬਰ ਬਣੇ ਰਹਿਣਗੇ ਅਤੇ ਉਨ੍ਹਾਂ ਦੀ ਇਹ ਮਨਸ਼ਾ ਪੂਰੀ ਹੁੰਦੀ ਵੀ ਨਜ਼ਰ ਆ ਰਹੀ ਹੈ, ਕਿਉਂਕਿ ਕਾਂਗਰਸ ਪਾਰਟੀ ਨੇ ਪਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ। ਸੰਸਦ ਮੈਂਬਰ ਪਰਨੀਤ ਕੌਰ ਨੂੰ ਖੁਦ ਕਾਂਗਰਸ ਪਾਰਟੀ ਨੂੰ ਛੱਡਣਾ ਨਾ ਪਵੇ ਇਸ ਲਈ ਉਹ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਅਕਸਰ ਨਜ਼ਰ ਆਉਂਦੇ ਹਨ ਪ੍ਰੰਤੂ ਅਜਿਹੇ ’ਚ ਉਨ੍ਹਾਂ ਵੱਲੋਂ ਕੋਈ ਪਾਰਟੀ ਵਿਰੋਧੀ ਬਿਆਨਬਾਜ਼ੀ ਨਹੀਂ ਕੀਤੀ ਜਾਂਦੀ। ਉਨ੍ਹਾਂ ਵੱਲੋਂ ਹੁਣ ਤੱਕ ਸਿਰਫ਼ ਇਹੀ ਕਿਹਾ ਜਾਂਦਾ ਰਿਹਾ ਹੈ ਕਿ ਉਹ ਪਰਿਵਾਰ ਦੇ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹਨ ਪ੍ਰੰਤੂ ਸਿਆਸਤ ਨੂੰ ਲੈ ਕੇ ਉਨ੍ਹਾਂ ਨੇ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ। ਇਸ ਤਰ੍ਹਾਂ ਨਾਲ ਪਾਰਟੀ ’ਤੇ ਦਬਾਅ ਵਧਦਾ ਗਿਆ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ, ਜਿਸ ਦੇ ਲਈ ਉਨ੍ਹਾਂ ਨੂੰ 7 ਦਿਨ ਦਾ ਸਮਾਂ ਦਿੱਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੂੰ ਪੁੱਛਿਆ ਗਿਆ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਨਾਲ ਹਨ ਜਾਂ ਫਿਰ ਕਾਂਗਰਸ ਪਾਰਟੀ ਦੇ ਨਾਲ। ਮਹਾਰਾਣੀ ਪਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲਈ ਜ਼ਿੰਮੇਵਾਰ ਦੱਸਦੇ ਹੋਏ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ।