ਕਿਹਾ, ਕਾਂਗਰਸ ਪੰਜਾਬ ਦੀ ਜਨਤਾ ਨੂੰ ਮੂਰਖ ਨਹੀਂ ਬਣਾ ਸਕਦੀ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਰੇਤ ਮਾਫੀਆ ਨਾਲ ਜੁੜੇ ਹੋਣ ਦੇ ਆਰੋਪ ਲਾਏ ਹਨ। ਚੱਬੇਵਾਲ ਵਿੱਚ ਪਾਰਟੀ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਮਾਫ਼ੀਆ ਰਾਜ ਨੂੰ ਖਤਮ ਕਰਨ ਦੀਆਂ ਗੱਲਾਂ ਚੰਨੀ ਨੂੰ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਵਰਗੇ ਦਾਗੀ ਮੰਤਰੀ ਨੂੰ ਕੈਬਨਿਟ ਵਿਚ ਰੱਖ ਕੇ ਚੰਨੀ ਰੇਤ ਮਾਫ਼ੀਆ ਨੂੰ ਕਿਵੇਂ ਠੱਲ੍ਹ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵੋਟਾਂ ਖਾਤਰ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਆਪਣੀਆਂ ਸਾਰੀਆਂ ਗਲਤੀਆਂ ਦਾ ਠੀਕਰਾ ਕੈਪਟਨ ਸਿਰ ਭੰਨ੍ਹਣ ਦੀ ਕੋਸ਼ਿਸ਼ ਕੀਤੀ ਹੈ ਪਰ ਕਾਂਗਰਸ ਪੰਜਾਬ ਦੇ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੀ।