ਕਿਹਾ : ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਕੱਚੇ ਅਧਿਆਪਕ ਹੋਣਗੇ ਪੱਕੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਦਾ ਨਾਂ ਐਲਾਨਣ ਤੋਂ ਫਿਲਹਾਲ ਟਾਲਾ ਵੱਟਦਿਆਂ ਆਖਿਆ ਕਿ ਬਾਕੀ ਸਿਆਸੀ ਪਾਰਟੀਆਂ ਤੋਂ ਪਹਿਲਾਂ ‘ਆਪ’ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਦਾ ਨਾਂ ਐਲਾਨਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਖੁਦ ਪੰਜਾਬ ਦੇ ਮੁੱਖ ਮੰਤਰੀ ਲਈ ਉਮੀਦਵਾਰ ਨਹੀਂ ਹੋਣਗੇ। ਇਸ ਮੌਕੇ ਉਨ੍ਹਾਂ ਅਧਿਆਪਕ ਵਰਗ ਲਈ ਅੱਠ ਗਾਰੰਟੀਆਂ ਦਾ ਵੀ ਐਲਾਨ ਕੀਤਾ। ਇਹ ਐਲਾਨ ਅੰਮ੍ਰਿਤਸਰ ‘ਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਵਜੋਤ ਸਿੰਘ ਸਿੱਧੂ ਦੀ ਬੇਬਾਕੀ ਦੀ ਸ਼ਲਾਘਾ ਕੀਤੀ, ਜੋ ਮੁੱਖ ਮੰਤਰੀ ਦੇ ਨਾਲ ਬੈਠ ਕੇ ਕਹਿ ਰਹੇ ਹਨ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਹਾਕਮ ਧਿਰ ਕਾਂਗਰਸ ਸਮੇਤ ਕਿਸੇ ਵੀ ਸਿਆਸੀ ਪਾਰਟੀ ਨੇ ਹੁਣ ਤੱਕ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਕਈ ਸੂਬਿਆਂ ‘ਚ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਭਾਜਪਾ ਨੇ ਉਥੇ ਵੀ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿਚ ‘ਆਪ’ ਦੀ ਸਰਕਾਰ ਆਈ ਤਾਂ ਪੰਜਾਬ ਦਾ ਖਜ਼ਾਨਾ ਕਿਵੇਂ ਖਾਲੀ ਹੋਇਆ ਅਤੇ ਕਿਸ ਨੇ ਕੀਤਾ, ਇਸ ਦੀ ਜਾਂਚ ਕਰਵਾਈ ਜਾਵੇਗੀ। ਪੰਜਾਬ ਦੇ ਪੁਨਰ ਨਿਰਮਾਣ ਲਈ ਅਧਿਆਪਕ ਵਰਗ ਨੂੰ ਸਹਿਯੋਗ ਦੇਣ ਦਾ ਸੱਦਾ ਦਿੰਦਿਆਂ ਕੇਜਰੀਵਾਲ ਨੇ ਅਧਿਆਪਕ ਵਰਗ ਨੂੰ ਗਾਰੰਟੀ ਦਿੱਤੀ ਹੈ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਣ ਮਗਰੋਂ ਸਾਰੇ ਕੱਚੇ ਅਤੇ ਠੇਕਾ ਆਧਾਰਤ ਕੰਮ ਕਰ ਰਹੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਦਿੱਲੀ ਦੇ ਸਿੱਖਿਆ ਮਾਡਲ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਉਸੇ ਤਰ੍ਹਾਂ ਸਿੱਖਿਆ ਲਈ ਬਿਹਤਰ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਕੰਮ ਕਰ ਰਹੇ ਕੱਚੇ ਤੇ ਠੇਕਾ ਆਧਾਰਤ ਕਾਲਜ ਤੇ ਸਕੂਲ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਨਵੀਂ ਤਬਾਦਲਾ ਨੀਤੀ ਬਣਾਈ ਜਾਵੇਗੀ, ਜਿਸ ਤਹਿਤ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜਲੇ ਸਕੂਲਾਂ ਵਿਚ ਤੈਨਾਤ ਕੀਤਾ ਜਾਵੇਗਾ, ਅਧਿਆਪਕਾਂ ਕੋਲੋਂ ਸਿਰਫ਼ ਅਧਿਆਪਨ ਦਾ ਕੰਮ ਹੀ ਲਿਆ ਜਾਵੇਗਾ। ਉਨ੍ਹਾਂ ਕੋਲੋਂ ਚੋਣ ਡਿਊਟੀ ਜਾਂ ਹੋਰ ਵਾਧੂ ਕੰਮ ਨਹੀਂ ਲਏ ਜਾਣਗੇ। ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣਗੀਆਂ, ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਵਿਦੇਸ਼ ਤੇ ਮੈਨੇਜਮੈਂਟ ਅਦਾਰਿਆਂ ਵਿਚ ਭੇਜਿਆ ਜਾਵੇਗਾ, ਅਧਿਆਪਕਾਂ ਦੀਆਂ ਤਰੱਕੀਆਂ ਸਮਾਂਬੱਧ ਹੋਣਗੀਆਂ ਅਤੇ ਸਾਰੇ ਅਧਿਆਪਕਾਂ ਦਾ ਕੈਸ਼ਲੈੱਸ ਸਿਹਤ ਬੀਮਾ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਰਾਘਵ ਚੱਢਾ ਸਮੇਤ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ, ਵਿਧਾਇਕ ਅਮਨ ਅਰੋੜਾ ਤੇ ਹੋਰ ਪਾਰਟੀ ਆਗੂ ਹਾਜ਼ਰ ਸਨ।
ਸਾਨੂੰ ਨਹੀਂ ਚਾਹੀਦਾ ਹੋਰਨਾਂ ਪਾਰਟੀਆਂ ਦਾ ਕੂੜਾ : ਕੇਜਰੀਵਾਲ
ਕੇਜਰੀਵਾਲ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ 25 ਵਿਧਾਇਕ ਅਤੇ ਤਿੰਨ ਸੰਸਦ ਮੈਂਬਰ ‘ਆਪ’ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੇ ਸੰਪਰਕ ‘ਚ ਹਨ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਨੂੰ ਟਿਕਟ ਨਹੀਂ ਮਿਲਦੀ ਤਾਂ ਉਹ ਨਾਰਾਜ਼ਗੀ ਕਾਰਨ ਪਾਰਟੀ ਬਦਲ ਲੈਂਦਾ ਹੈ। ਉਹ ਅਜਿਹੀ ਘਟੀਆ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ ਤੇ ਨਾ ਹੀ ਹੋਰਨਾਂ ਪਾਰਟੀਆਂ ਦਾ ਕੂੜਾ ਇਕੱਠਾ ਕਰਨਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਨਵਜੋਤ ਸਿੰਘ ਸਿੱਧੂ ਦੀ ਬੇਬਾਕੀ ਦੀ ਸ਼ਲਾਘਾ ਕੀਤੀ, ਜੋ ਮੁੱਖ ਮੰਤਰੀ ਦੇ ਨਾਲ ਬੈਠ ਕੇ ਕਹਿ ਰਹੇ ਹਨ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ।