-5.7 C
Toronto
Wednesday, January 21, 2026
spot_img
Homeਪੰਜਾਬਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ‘ਚ ਗਰਮਾਉਣ ਲੱਗਾ ਸਿਆਸੀ ਮਾਹੌਲ
ਪੰਜਾਬ ਕਾਂਗਰਸ ਨੇ ਲੁਧਿਆਣਾ ‘ਚ ਕੀਤਾ ਸ਼ਕਤੀ ਪ੍ਰਦਰਸ਼ਨ
ਮੁੱਖ ਮੰਤਰੀ ਨੇ ਕੇਬਲ ਟੀਵੀ ਕੁਨੈਕਸ਼ਨ ਲਈ 100 ਰੁਪਏ ਮਹੀਨਾ ਕੀਤਾ ਤੈਅ
ਸਫਾਈ ਸੇਵਕਾਂ ਦੀਆਂ ਸੇਵਾਵਾਂ ਅਗਲੇ 10 ਦਿਨਾਂ ਵਿਚ ਹੋਣਗੀਆਂ ਰੈਗੂਲਰ
ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਸੋਮਵਾਰ ਨੂੰ ਲੁਧਿਆਣਾ ਵਿੱਚ ਵੱਡੀ ਰੈਲੀ ਕਰਕੇ ਚੋਣ ਬਿਗਲ ਵਜਾ ਦਿੱਤਾ ਹੈ। ਕਾਂਗਰਸ ਪਾਰਟੀ ਨੇ ‘ਵਰਕਰ ਮਿਲਣੀ’ ਦੇ ਨਾਂ ‘ਤੇ ਰੈਲੀ ਕਰਕੇ ਆਪਣੀ ਇਕਜੁੱਟਤਾ ਦਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ। ਮੰਚ ਸਾਂਝਾ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵਰਕਰਾਂ ਨੂੰ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕੇਬਲ ਟੀਵੀ ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਜੋ ਸੂਬੇ ਵਿਚ ਕੇਬਲ ਦੀ ਅਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖ਼ਤਮ ਕੀਤਾ ਜਾ ਸਕੇ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਬਲ ਮਾਫੀਏ ਵੱਲੋਂ ਵਾਧੂ ਦਰਾਂ ਦੀ ਵਸੂਲੀ ਰਾਹੀਂ ਲੋਕਾਂ ਦਾ ਬੇਲੋੜਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਵੱਲੋਂ ਕਰਵਾਈ ਰੈਲੀ ਦੌਰਾਨ ਚੰਨੀ ਨੇ ਕਿਹਾ ਕਿ ਟਰਾਂਸਪੋਰਟ ਅਤੇ ਕੇਬਲ ਦੇ ਅਜਿਹੇ ਸਾਰੇ ਕਾਰੋਬਾਰ ਉਤੇ ਬਾਦਲ ਪਰਿਵਾਰ ਦੀ ਮਾਲਕੀ ਹੈ ਅਤੇ ਹੁਣ ਲੋਕਾਂ ਨੂੰ ਕੇਬਲ ਲਈ ਹਰੇਕ ਮਹੀਨੇ 100 ਰੁਪਏ ਤੋਂ ਵੱਧ ਦੇਣ ਦੀ ਲੋੜ ਨਹੀਂ ਹੈ। ਨਵੀਆਂ ਦਰਾਂ ਦੀ ਪਾਲਣਾ ਨਾ ਕਰਨ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ,”ਜੇਕਰ ਤਹਾਨੂੰ ਕੋਈ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਮੈਨੂੰ ਦੱਸੋ।” ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਾਰੇ ਗੈਰ-ਕਾਨੂੰਨੀ ਬੱਸ ਪਰਮਿਟ ਰੱਦ ਕੀਤੇ ਜਾਣਗੇ ਅਤੇ ਬਦਲੇ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਪਰਮਿਟ ਅਲਾਟ ਕੀਤੇ ਜਾਣਗੇ।
ਉਨ੍ਹਾਂ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ ਨਗਰ ਨਿਗਮ ਅਤੇ ਮਿਉਂਸਿਪਲ ਕੌਂਸਲਾਂ ਦੇ ਸਾਰੇ ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਜਾਣਗੀਆਂ ਤੇ ਇਸ ਲਈ 10 ਸਾਲ ਦੀ ਸੇਵਾ ਦੀ ਕੋਈ ਸ਼ਰਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਭਰਤੀ ਲਈ ਠੇਕੇਦਾਰੀ ਪ੍ਰਬੰਧ ਵੀ ਖ਼ਤਮ ਕੀਤਾ ਜਾਵੇਗਾ। ਆਪਣੀ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਭਲੇ ਲਈ ਉਠਾਏ ਗਏ ਕਈ ਇਤਿਹਾਸਕ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ‘ਚ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ, ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨਾ, ਪਾਣੀ ਦਾ ਬਿੱਲ ਪ੍ਰਤੀ ਮਹੀਨਾ 50 ਰੁਪਏ ਕਰਨਾ, ਰੇਤਾ ਤੇ ਗਟਕੇ ਦੇ ਰੇਟ ਘੱਟ ਕਰਨ ਤੋਂ ਇਲਾਵਾ ਪੇਂਡੂ ਜਲ ਸਪਲਾਈ ਸਕੀਮਾਂ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਸ਼ਾਮਲ ਹਨ। ਮਹਿਲਾਵਾਂ ਦੇ ਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਸਰਕਾਰ ਦੇ ਨਾਲ-ਨਾਲ ਪਾਰਟੀ ਵਿਚ ਵੀ ਮਹਿਲਾਵਾਂ ਨੂੰ ਬਰਾਬਰ ਦੀ ਨੁਮਾਇੰਦਗੀ ਦਿੱਤੀ ਜਾਵੇਗੀ। ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਚੰਨੀ ਨੇ ਕਿਹਾ ਕਿ ਪੰਜਾਬੀ ਬਹੁਤ ਸੂਝਵਾਨ ਹਨ ਅਤੇ ਉਨ੍ਹਾਂ ਨੂੰ ਝੂਠੇ ਵਾਅਦਿਆਂ ਨਾਲ ਮੂਰਖ ਨਹੀਂ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁਲਕ ਦਾ ਪਹਿਲਾ ਸੂਬਾ ਹੈ ਜਿੱਥੇ ਸਭ ਤੋਂ ਸਸਤੀ ਬਿਜਲੀ ਹੈ।ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਡਾ. ਅਮਰ ਸਿੰਘ ਸਣੇ ਹੋਰ ਕਈਆਂ ਨੇ ਰੈਲੀ ਨੂੰ ਸੰਬੋਧਨ ਕੀਤਾ।
ਚੰਨੀ ਤੇ ਸਿੱਧੂ ਨੇ ਹਾਈਕਮਾਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਦਿੱਲੀ ‘ਚ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕੀਤੀ। ਚੰਨੀ ਤੇ ਸਿੱਧੂ ਨੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਨਾਲ ਹੋਈ ਇਸ ਮੀਟਿੰਗ ਵਿਚ ‘ਮਿਸ਼ਨ ਪੰਜਾਬ’ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਚੰਨੀ ਤੇ ਸਿੱਧੂ ਨੇ ਇਕੱਠੇ ਮਿਲਣੀ ਕਰਕੇ ਹਾਈਕਮਾਂਡ ਨੂੰ ਹੁਣ ਸਭ ਕੁਝ ਸੁਖਾਵਾਂ ਹੋਣ ਦਾ ਸੁਨੇਹਾ ਵੀ ਦਿੱਤਾ। ਮੀਟਿੰਗ ਵਿਚ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਹਾਜ਼ਰ ਸਨ।

RELATED ARTICLES
POPULAR POSTS