Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪ੍ਰਦਰਸ਼ਨ

ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਜਾਣ ਵਾਲੇ ਆਗੂਆਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਸ਼ਾਮਲ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਪ੍ਰਦਰਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਡਰੱਗ ਮਾਮਲੇ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਸਾਉਣ ਦੀ ਕਾਂਗਰਸ ਵੱਲੋਂ ਰਚੀ ਜਾ ਰਹੀ ਸਾਜ਼ਿਸ਼ ਖਿਲਾਫ਼ ਕੀਤਾ ਜਾ ਰਿਹਾ ਸੀ। ਇਸ ਮੌਕੇ ਬੋਲਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਤੋਂ ਡਰਨ ਵਾਲਾ ਨਹੀਂ ਹੈ। ਉਨ੍ਹਾਂ ਆਖਿਆ ਕਿ ਚੰਡੀਗੜ੍ਹ ਦੇ ਇਸ ਪ੍ਰਦਰਸ਼ਨ ਤੋਂ ਬਾਅਦ ਜ਼ਿਲ੍ਹਾ ਪੱਧਰ ‘ਤੇ ਜੇਲ੍ਹ ਭਰੋ ਅੰਦੋਲਨ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਇਕ ਮੀਟਿੰਗ ਕੀਤੀ, ਜਿਸ ਵਿਚ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਡਰੱਗ ਮਾਮਲੇ ‘ਚ ਕੇਸ ਦਰਜ ਕਰਨ ਦੀ ਸਲਾਹ ਬਣਾਈ ਗਈ ਹੈ। ਉਨ੍ਹਾਂ ਪੁਲਿਸ ਅਫ਼ਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਸਰਕਾਰ ਦੇ ਦਬਾਅ ‘ਚ ਆ ਕੇ ਗਲਤ ਕੰਮ ਨਾ ਕਰਨ, ਨਹੀਂ ਤਾਂ ਉਨ੍ਹਾਂ ਨੂੰ ਅਕਾਲੀ ਸਰਕਾਰ ਆਉਣ ‘ਤੇ ਇਸ ਦਾ ਅੰਜ਼ਾਮ ਭੁਗਤਣਾ ਪਵੇਗਾ। ਸੁਖਬੀਰ ਬਾਦਲ ਨੇ ਸਿੱਧੂ ‘ਤੇ ਆਰੋਪ ਲਗਾਇਆ ਕਿ ਉਹ ਹਰ ਹਾਲਤ ਵਿਚ ਮਜੀਠੀਆ ਖਿਲਾਫ਼ ਡਰੱਗ ਕੇਸ ਦਰਜ ਕਰਵਾਉਣਾ ਚਾਹੁੰਦੇ ਹਨ। ਇਸ ਦੇ ਲਈ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਦਬਾਅ ਬਣਾਉਣ ਲਈ ਮਰਨ ਵਰਤ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਸਾਫ਼ ਹੁੰਦਾ ਹੈ ਕਿ ਇਹ ਝੂਠਾ ਕੇਸ ਬਣਾਇਆ ਜਾ ਰਿਹਾ ਹੈ। ਡਰੱਗ ਮਾਮਲੇ ਨੂੰ ਲੈ ਕੇ ਐਸ ਟੀ ਐਫ ਦੀ ਰਿਪੋਰਟ ਹਾਈ ਕੋਰਟ ‘ਚ ਸੀਲ ਬੰਦ ਹੈ ਪ੍ਰੰਤੂ ਸਿੱਧੂ ਕਿਸ ਤਰ੍ਹਾਂ ਦਾਅਵੇ ਕਰ ਰਹੇ ਹਨ ਕਿ ਇਸ ਰਿਪੋਰਟ ਵਿਚ ਮਜੀਠੀਆ ਦਾ ਨਾਂ ਹੈ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …