ਭਾਰਤ ’ਚ ਓਮੀਕਰੋਨ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਸ਼ਵ ਸਿਹਤ ਸੰਗਠਨ ਨੇ ਕਰੋਨਾ ਦੇ ਓਮੀਕਰੋਨ ਵਾਇਰਸ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਡਬਲਯੂ.ਐਚ.ਓ. ਨੇ ਕਿਹਾ ਹੈ ਕਿ ਓਮੀਕਰੋਨ ਤੋਂ ਲਾਗ ਫੈਲਣ ਦਾ ਖ਼ਤਰਾ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਬਹੁਤ ਗੰਭੀਰ ਨਤੀਜੇ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਓਮੀਕਰੋਨ ਦੀ ਲਾਗ ਕਾਰਨ ਕਈ ਦੇਸ਼ਾਂ ਨੇ ਪਹਿਲਾਂ ਹੀ ਦੱਖਣੀ ਅਫਰੀਕਾ ਅਤੇ ਹੋਰ ਗੁਆਂਢੀ ਦੇਸ਼ਾਂ ਲਈ ਉਡਾਣਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਕਈ ਦੇਸ਼ਾਂ ਨੇ ਇਨ੍ਹਾਂ ਅਫਰੀਕੀ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੁਆਰਨਟੀਨ ਨੂੰ ਲਾਜ਼ਮੀ ਕਰ ਦਿੱਤਾ ਹੈ। ਓਮਿਕਰੋਨ ਦਾ ਪਤਾ ਸਭ ਤੋਂ ਪਹਿਲਾਂ ਦੱਖਣੀ ਅਫਰੀਕਾ ਵਿੱਚ ਲਗਾਇਆ ਗਿਆ ਸੀ ਅਤੇ ਹੁਣ ਤੱਕ 12 ਦੇਸ਼ਾਂ ਵਿੱਚ ਇਸਦੇ ਰੂਪ ਨਾਲ ਪ੍ਰਭਾਵਿਤ ਮਰੀਜ਼ ਪਾਏ ਗਏ ਹਨ। ਇਸੇ ਦੌਰਾਨ ਓਮੀਕਰੋਨ ਦੇ ਫੈਲਣ ਕਾਰਨ ਭਾਰਤ ਦੇ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਸਮੀਖਿਆ ਮੀਟਿੰਗ ਕੀਤੀ ਤਾਂ ਜੋ ਓਮੀਕਰੋਨ ਦੇ ਲੱਛਣਾਂ ਵਾਲੇ ਕੇਸਾਂ ਦੀ ਜਲਦੀ ਪਛਾਣ ਕਰਨ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਂਚ ਵਧਾਉਣ ਦੀ ਸਲਾਹ ਦਿੱਤੀ। ਸਰਕਾਰੀ ਅਧਿਕਾਰੀਆਂ ਅਨੁਸਾਰ ਭਾਰਤ ਵਿੱਚ ਹੁਣ ਤੱਕ ਓਮੀਕਰੋਨ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ।