ਕੰਗਣਾ ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਬੰਦ ਕਰਨ ਦੀ ਕੀਤੀ ਗਈ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਫ਼ਿਲਮ ਅਭਿਨੇਤਰੀ ਕੰਗਨਾ ਰਣੌਤ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਦੇਸ਼ ਅੰਦਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਉਸ ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਭਵਿੱਖ ਵਿਚ ਬੰਦ ਕਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਇਹ ਪਟੀਸ਼ਨ ਸੁਪਰੀਮ ਕੋਰਟ ਵਿਚ ਕਿਸ ਨੇ ਦਾਖਲ ਕੀਤੀ ਹੈ ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ। ਲੰਘੇ ਕੱਲ੍ਹ ਕੰਗਣਾ ਰਣੌਤ ਨੇ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਇਕ ਵਿਅਕਤੀ ਖਿਲਾਫ਼ ਐਫ ਆਈ ਵੀ ਦਰਜ ਕਰਵਾਈ ਹੈ, ਜਿਸ ਦੀ ਜਾਣਕਾਰੀ ਖੁਦ ਕੰਗਣਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਦਿੱਤੀ ਹੈ। ਕੰਗਣਾ ਨੇ ਦੱਸਿਆ ਕਿ ਮੁੰਬਈ ’ਚ ਹੋਏ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਪੋਸਟ ਲਿਖਣ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕੰਗਣਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਗੁਹਾਰ ਲਗਾਉਂਦੇ ਹੋਏ ਲਿਖਿਆ ਕਿ ਤੁਸੀਂ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਕਹੋ ਕਿ ਉਹ ਇਸ ਤਰ੍ਹਾਂ ਧਮਕੀਆਂ ਦੇਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ। ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਨਾ ਖੁਸ਼ ਕੰਗਣਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ਖਾਲਿਸਤਾਨੀ ਅੱਤਵਾਦੀ ਸ਼ਬਦ ਦੀ ਵਰਤੋਂ ਕੀਤੀ ਸੀ, ਜਿਸ ਦੇ ਕਾਰਨ ਸਿੱਖ ਭਾਈਚਾਰੇ ਵਿਚ ਕਾਫ਼ੀ ਨਰਾਜ਼ਗੀ ਪਾਈ ਜਾ ਰਹੀ ਸੀ ਕਿਉਂਕਿ ਕੰਗਣਾ ਨੇ ਕਿਸਾਨਾਂ ਨੂੰ ਖਾਲਿਸਤਾਨੀ ਕਹਿ ਕੇ ਸਿੱਖ ਭਾਈਚਾਰੇ ਦਾ ਅਪਮਾਨ ਕੀਤਾ ਸੀ। ਇਸ ਤੋਂ ਬਾਅਦ ਕੰਗਣਾ ਦੇ ਖਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ’ਚ ਦਿੱਲੀ ਵਿਧਾਨ ਸਭਾ ਦੀ ਮਰਿਆਦਾ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਉਸ ਨੂੰ 6 ਦਸੰਬਰ ਦਾ ਸਮਾਂ ਦਿੱਤਾ ਗਿਆ ਹੈ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …