ਕਿਹਾ : ਸਿਰਸਾ ਦੇ ਸਿਰ ’ਤੇ ਬੰਦੂਕ ਰੱਖ ਕੇ ਭਾਜਪਾ ’ਚ ਕੀਤਾ ਗਿਆ ਸ਼ਾਮਲ
ਜਲੰਧਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਕਾਲੀ ਆਗੂਆਂ ਨੂੰ ਡਰਾਉਣ ’ਚ ਲੱਗੀ ਹੋਈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਸਿਰ ’ਤੇ ਬੰਦੂਕ ਰੱਖ ਕੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਦੋ ਦਿਨ ਪਹਿਲਾ ਸਿਰਸਾ ਨੇ ਵਟਸਐਪ ਕਰਕੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜਾਂ ਤਾਂ ਜੇਲ੍ਹ ਜਾਣ ਨੂੰ ਤਿਆਰ ਹੋ ਜਾਉ ਜਾਂ ਫਿਰ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਜਾਓ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਮਨਜਿੰਦਰ ਸਿਰਸਾ ਦੇ ਸਾਰੇ ਪਰਿਵਾਰ ਵਿਰੁੱਧ ਕੇਸ ਦਰਜ ਕਰਨ ਅਤੇ ਕਾਰੋਬਾਰ ’ਤੇ ਸਿੰਕਜਾ ਕੱਸਣ ਦੀ ਧਮਕੀ ਦਿੱਤੀ ਸੀ। ਸੁਖਬੀਰ ਬਾਦਲ ਨੇ ਆਰੋਪ ਲਗਾਇਆ ਕਿ ਕੇਂਦਰ ਸਰਕਾਰ ਸਿੱਖ ਆਗੂਆਂ ਨੂੰ ਡਰਾ-ਧਮਕਾ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜਾ ਕਰਨਾ ਚਾਹੁੰਦੀ ਹੈ ਪ੍ਰੰਤੂ ਭਾਜਪਾ ਨੂੰ ਉਸ ਦੇ ਮਨਸੂਬਿਆਂ ਵਿਚ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਜਲੰਧਰ ਪਹੁੰਚਣ ’ਤੇ ਸੁਖਬੀਰ ਸਿੰਘ ਬਾਦਲ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਪਾਸੋਂ ਅਸ਼ੀਰਵਾਦ ਵੀ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਕਰਤਾਰਪੁਰ ਹਲਕੇ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਵੀ ਹਾਜ਼ਰ ਸਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …