Breaking News
Home / ਹਫ਼ਤਾਵਾਰੀ ਫੇਰੀ / ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ

ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਤੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਭਾਜਪਾ ਦੇ ਪੰਜਾਬ ਤੋਂ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਦੁਸ਼ਿਅੰਤ ਗੌਤਮ ਅਤੇ ਭਾਜਪਾ ਦੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਸਿਰਸਾ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ। ਅਸਤੀਫਾ ਦੇਣ ਤੋਂ ਬਾਅਦ ਸਿਰਸਾ ਨੇ ਸ਼ੋਸ਼ਲ ਮੀਡੀਆ ‘ਤੇ ਲਿਖਿਆ ਕਿ ਦੇਸ਼ ਅਤੇ ਦੁਨੀਆ ਦੇ ਸਿੱਖ ਭਾਈਚਾਰੇ ਨੇ ਉਨ੍ਹਾਂ ਨੂੰ ਕਾਫੀ ਮਾਣ ਬਖਸ਼ਿਆ ਹੈ। ਸਿਰਸਾ ਨੇ ਕਿਹਾ ਸੀ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਅਗਲੀਆਂ ਚੋਣਾਂ ਵੀ ਨਹੀਂ ਲੜਨਗੇ। ਸਿਰਸਾ ਨੇ ਆਪਣੇ ਨਾਲ ਕੰਮ ਕਰਨ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਵੀ ਕੀਤਾ। ਸ਼ੇਖਾਵਤ ਜੋ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਇੰਚਾਰਜ ਹਨ, ਨੇ ਕਿਹਾ ਕਿ ਸਿਰਸਾ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਯਕੀਨੀ ਤੌਰ ‘ਤੇ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਦਦਗਾਰ ਸਾਬਿਤ ਹੋਵੇਗਾ। ਸਿਰਸਾ ਕੌਮੀ ਰਾਜਧਾਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਪ੍ਰਮੁੱਖ ਚਿਹਰਾ ਰਹੇ ਹਨ।

ਭਾਜਪਾ ਵੀ ਇੰਦਰਾ ਵਾਲੇ ਹੱਥਕੰਡੇ ਵਰਤਣ ਲੱਗੀ: ਅਕਾਲੀ ਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਕੌਮ ਖਿਲਾਫ ਇੰਦਰਾ ਗਾਂਧੀ ਵਾਲੇ ਹੱਥਕੰਡੇ ਵਰਤੇ ਜਾ ਰਹੇ ਹਨ। ਤਾਕਤ ਦੀ ਦੁਰਵਰਤੋਂ ਕਰਦਿਆਂ ਝੂਠੇ ਕੇਸ ਦਰਜ ਕਰਕੇ ਖਾਲਸਾ ਪੰਥ ਦੀ ਧਾਰਮਿਕ ਪ੍ਰਭੂਸੱਤਾ ‘ਤੇ ਇਕ ਹੋਰ ਸਿੱਧਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਇਹ ਚੁਣੌਤੀ ਪ੍ਰਵਾਨ ਹੈ ਅਤੇ ਪੰਥ ਸਿੱਧਾ ਹੋ ਕੇ ਇਸਦਾ ਮੁਕਾਬਲਾ ਕਰੇਗਾ। ਚੀਮਾ ਨੇ ਕਿਹਾ ਕਿ ਪਹਿਲਾਂ ਅੰਗਰੇਜ਼ਾਂ ਅਤੇ ਫਿਰ ਇੰਦਰਾ ਗਾਂਧੀ ਤੇ ਹੋਰ ਕਾਂਗਰਸ ਸਰਕਾਰਾਂ ਨੇ ਸਾਬੋਤਾਜ ਕਰਕੇ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ਨੂੰ ਢਹਿ-ਢੇਰੀ ਕਰਨ ਦਾ ਯਤਨ ਕੀਤਾ।

 

Check Also

ਮੌਤ ਦਾ ਸਤਸੰਗ ਜ਼ਿੰਮੇਵਾਰ ਕੌਣ?

‘ਭੋਲੇ ਬਾਬਾ’ ਦੇ ਨਾਮ ਨਾਲ ਮਸ਼ਹੂਰ ਸੂਰਜਪਾਲ ਹੋਇਆ ਫਰਾਰ, ਪ੍ਰਬੰਧਕਾਂ ‘ਤੇ ਐਫਆਈਆਰ ਲਖਨਊ/ਬਿਊਰੋ ਨਿਊਜ਼ : …